ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਬੰਦੀ ਸਿੱਖਾਂ ਦਾ ਮਸਲਾ ਸਿੱਖ ਕੌਮ ਦਾ ਅਹਿਮ ਮਸਲਾ ਹੈ। ਸਿੱਖਾਂ ਨੂੰ ਅਣਮਨੁੱਖੀ ਤਰੀਕੇ ਨਾਲ ਜੇਲ੍ਹਾਂ 'ਚ ਰੱਖਿਆ ਹੋਇਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪ੍ਰੋਫੈਸਰ ਭੁੱਲਰ ਦੀ ਰਿਹਾਈ ਲਈ ਯਤਨ ਕਰ ਰਹੇ ਹਾਂ।
ਸੁਖਬੀਰ ਸਿੰਘ ਬਾਦਲ ਨੇ ਸਮੂਹ ਪੰਥਕ ਜਥੇਬੰਦੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਜੇਲ੍ਹਾਂ ਵਿੱਚ ਬੰਦ ਸਿੱਖਾਂ ਕੈਦੀਆਂ ਦੀ ਰਿਹਾਈ ਨੂੰ ਯਕੀਨੀ ਬਣਾਉਣ ਲਈ ਇੱਕ ਸਾਂਝੇ ਮੰਚ ‘ਤੇ ਇੱਕਜੁੱਟ ਹੋ ਕੇ ਅੰਦੋਲਨ ਕਰਨ ਦੀ ਅਪੀਲ ਕੀਤੀ ਹੈ। ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸਿੱਖ ਕੈਦੀਆਂ ਨੂੰ ਮਾਨਵੀ ਆਧਾਰ ‘ਤੇ ਰਿਹਾਅ ਕਰਵਾਉਣ ਲਈ ਵਿਸ਼ਵ ਭਰ ਦੇ ਪੰਜਾਬੀਆਂ ਦੀ ਮੰਗ ਨੂੰ ਪੂਰਾ ਕਰਨ ਲਈ ਸਾਂਝੀ ਰਣਨੀਤੀ ਬਣਾਉਣ ਲਈ ਇੱਕ ਮੀਟਿੰਗ ਬੁਲਾਉਣ ਦੀ ਅਪੀਲ ਕੀਤੀ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਕਈ ਸਿੱਖਾਂ ਨੇ ਦੁੱਗਣੀ ਸਜ਼ਾ ਤੱਕ ਪੂਰੀ ਕਰ ਲਈ ਹੈ। ਪ੍ਰੋ. ਭੁੱਲਰ ਦੀ ਰਿਹਾਈ 'ਚ ਕੇਜਰੀਵਾਲ ਸਰਕਾਰ ਅੜਿੱਕਾ ਪਾ ਰਹੀ। ਉਨ੍ਹਾਂ ਨੇ ਕਿਹਾ ਕਿ ਸਿੱਖਾਂ ਨੂੰ ਅਣਮਨੁੱਖੀ ਤਰੀਕੇ ਨਾਲ ਜੇਲ੍ਹਾਂ 'ਚ ਰੱਖਿਆ ਹੋਇਆ ਹੈ। ਕਈ ਸਿੱਖਾਂ ਨੇ ਦੁੱਗਣੀ ਸਜ਼ਾ ਤੱਕ ਪੂਰੀ ਕਰ ਲਈ ਹੈ ਫੇਰ ਵੀ ਰਿਹਾਈ ਨਹੀਂ ਹੋਈ ਹੈ। ਸਿੱਖਾਂ ਦੀ ਰਿਹਾਈ ਲਈ ਹਰ ਕੋਸ਼ਿਸ਼ ਕਰਾਂਗੇ।
ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਤਾਂ ਪੈਰੋਲ ਵੀ ਨਹੀਂ ਮਿਲੀ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਅਦਾਲਤਾਂ ਨੇ ਉਮਰ ਕੈਦ ਦੀ ਸਜ਼ਾ ਦਿੱਤੀ, ਉਨ੍ਹਾਂ ਨੂੰ ਸਾਲ ਦੇ ਅੰਦਰ ਛੱਡ ਦਿੱਤਾ ਗਿਆ ਅਤੇ ਇਹ ਸਾਡੀ ਕੌਮ ਨਾਲ ਬੇ-ਇਨਸਾਫ਼ੀ ਹੈ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਇਸ ਮੁੱਦੇ ਉੱਤੇ ਆਪਣਾ ਸਟੈਂਡ ਸਪੱਸ਼ਟ ਕਰਨ।