ਚੰਡੀਗੜ੍ਹ: ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਪਹੁੰਚ ਰਹੇ ਕਿਸਾਨਾਂ ਲਈ ਲੰਗਰ ਤੇ ਜ਼ਰੂਰੀ ਵਸਤਾਂ ਦਾ ਇੰਤਜ਼ਾਮ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਰੇਗੀ। ਇਹ ਐਲਾਨ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਹੈ। ਸਿਰਸਾ ਨੇ ਦੱਸਿਆ ਕਿ ਦੇਸ਼ ਦੇ ਕਿਸਾਨਾਂ ਦੀ ਲੜਾਈ ਸਾਡੀ ਆਪਣੀ ਲੜਾਈ ਹੈ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਉਨ੍ਹਾਂ ਦੀ ਇਸ ਸਬੰਧੀ ਡਿਊਟੀ ਲਾਈ ਹੈ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਦੀ ਦਿੱਲੀ ਇਕਾਈ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਖਿਆ ਹੈ ਕਿ ਉਹ 26 ਤੇ 27 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੇ ‘ਦਿੱਲੀ ਚੱਲੋ’ ਪ੍ਰੋਗਰਾਮ ਦੀ ਹਮਾਇਤ ਕਰਨ ਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ।
ਸੁਖਬੀਰ ਬਾਦਲ ਨੇ ਸੋਮਵਾਰ ਨੂੰ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨਾਲ ਇਸ ਬਾਰੇ ਚਰਚਾ ਕਰਕੇ ਅਗਲੀ ਰਣਨੀਤੀ ਉਲੀਕੀ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਤੇ ਦਿੱਲੀ ਗੁਰਦੁਆਰਾ ਕਮੇਟੀ 26 ਤੇ 27 ਨਵੰਬਰ ਨੂੰ ਦਿੱਲੀ ਵਿੱਚ ਇਕੱਤਰ ਹੋਣ ਵਾਲੇ ਕਿਸਾਨਾਂ ਵਾਸਤੇ ਲੰਗਰ ਦਾ ਪ੍ਰਬੰਧ ਕਰਨਗੀਆਂ।