ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਕੋਟਕਪੂਰਾ ਗੋਲੀ ਕਾਂਡ ਸਬੰਧੀ ਸੰਮਨ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਉਨ੍ਹਾਂ ਨੂੰ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਵੀ ਤਲਬ ਕਰ ਲਿਆ ਹੈ। ਸਿੱਟ ਵੱਲੋਂ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਸੁਖਬੀਰ ਬਾਦਲ ਤੋਂ 6 ਸਤੰਬਰ ਨੂੰ ਅਤੇ ਕੋਟਕਪੂਰਾ ਗੋਲੀ ਕਾਂਡ ਸਬੰਧੀ 14 ਸਤੰਬਰ ਨੂੰ ਪੁੱਛਗਿੱਛ ਕੀਤੀ ਜਾਵੇਗੀ।
ਪੁਲਿਸ ਦੇ ਸ਼ਿਕੰਜੇ ਮਗਰੋਂ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਧ ਗਈਆਂ ਹਨ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਅੰਦਰ ਪਹਿਲਾਂ ਹੀ ਲੀਡਰਸ਼ਿਪ ਬਦਲਣ ਦੀਆਂ ਸੁਰਾਂ ਉੱਭਰ ਰਹੀਆਂ ਹਨ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਸੁਖਬੀਰ ਬਾਦਲ ਬਹਿਬਲ ਕਲਾਂ ਗੋਲੀ ਤੇ ਕੋਟਕਪੂਰਾ ਗੋਲੀ ਕਾਂਡ ਵਿੱਚ ਘਿਰਦੇ ਹਨ ਤਾਂ ਉਨ੍ਹਾਂ ਲਈ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਉਪਰ ਬਣੇ ਰਹਿਣਾ ਔਖਾ ਹੋ ਜਾਏਗਾ।
ਦਰਅਸਲ ਅਕਾਲੀ ਦਲ ਅੰਦਰ ਇੱਕ ਧੜੇ ਦਾ ਮੰਨਣਾ ਹੈ ਕਿ ਪੰਥਕ ਵੋਟਰਾਂ ਵਿੱਚ ਪਾਰਟੀ ਦੀ ਬਜਾਏ ਬਾਦਲ ਪਰਿਵਾਰ ਨਾਲ ਨਰਾਜ਼ਗੀ ਹੈ। ਇਸ ਲਈ ਬਾਦਲ ਪਰਿਵਾਰ ਨੂੰ ਦੀ ਬਜਾਏ ਪਾਰਟੀ ਦੀ ਕਮਾਨ ਹੋਰ ਲੀਡਰ ਦੇ ਹੱਥ ਸੌਂਪਣੀ ਚਾਹੀਦੀ ਹੈ। ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਪੰਥਕ ਮਸਲਾ ਹੈ। ਜੇਕਰ ਸੁਖਬੀਰ ਬਾਦਲ ਇਸ ਮਾਮਲੇ ਵਿੱਚ ਘਿਰਦੇ ਹਨ ਤਾਂ ਉਨ੍ਹਾਂ ਖਿਲਾਫ ਪਾਰਟੀ ਅੰਦਰ ਹੋਰ ਬਗਾਵਤ ਹੋ ਸਕਦੀ ਹੈ।
ਦੱਸ ਦਈਏ ਕਿ ਪੰਜਾਬ ’ਚ ਸੱਤ ਸਾਲ ਪਹਿਲਾਂ ਕੋਟਕਪੂਰਾ ਤੇ ਬਹਿਬਲ ਕਲਾਂ ਘਟਨਾਵਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਝੰਜੋੜ ਸੁੱਟਿਆ ਸੀ। ਉਸ ਵੇਲੇ ਅਕਾਲੀ ਦਲ ਦੀ ਸਰਕਾਰ ਸੀ ਤੇ ਸੁਖਬੀਰ ਬਾਦਲ ਕੋਲ ਹੀ ਗ੍ਰਹਿ ਮੰਤਰਾਲਾ ਸੀ। ਅਕਾਲੀ ਦਲ ਦੀ ਸਰਕਾਰ ਨੇ ਜਾਂਚ ਕਰਵਾਈ ਸੀ ਪਰ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲੀ ਸਕੀ ਸੀ। ਇਸ ਕਰਕੇ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦਾ ਸਫਾਇਆ ਹੋ ਗਿਆ ਸੀ।
ਫਿਰ ਕਾਂਗਰਸ ਦੀ ਸਰਕਾਰ ਬਣੀ ਪਰ ਕੈਪਟਨ ਅਮਰਿੰਦਰ ਸਿੰਘ ਵੀ 5 ਸਾਲਾਂ ਦੇ ਸਾਸ਼ਨ ਦੌਰਾਨ ਇਨਸਾਫ਼ ਨਾ ਦੇ ਸਕੇ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਉੱਪਰ ਸਿੱਖ ਜਥੇਬੰਦੀਆਂ ਦਾ ਦਬਾਅ ਹੈ। ਇਹੀ ਕਾਰਨ ਹੈ ਕਿ ‘ਆਪ’ ਸਰਕਾਰ ਨੇ ਇਨ੍ਹਾਂ ਮਾਮਲਿਆਂ ਦੀ ਪੜਤਾਲ ਵਿੱਚ ਤੇਜ਼ੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਸਰਕਾਰ ਇਹ ਮਾਮਲਾ ਨੂੰ ਜ਼ਿਆਦਾ ਲਮਕਾਉਣਾ ਨਹੀਂ ਚਾਹੁੰਦੀ ਤਾਂ ਜੋ ਉਸ ਨੂੰ ਕਿ ਅਕਾਲੀਆਂ ਤੇ ਕਾਂਗਰਸੀਆਂ ਵਾਂਗ ਲੋਕਾਂ ਦੇ ਰੋਹ ਦਾ ਸ਼ਿਕਾਰ ਨਾ ਹੋਣਾ ਪਵੇ।
ਇਹੀ ਕਾਰਨ ਹੈ ਕਿ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਵਿੱਚ ਸਾਲ 2015 ਦੌਰਾਨ ਵਾਪਰੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਨਾਲ ਜੁੜੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਤੇਜ਼ ਹੋ ਗਈ ਹੈ। ਕੋਟਕਪੂਰਾ ਤੇ ਬਹਿਬਲ ਕਲਾਂ ਦੀਆਂ ਦੋਵੇਂ ਘਟਨਾਵਾਂ ਇੱਕੋ ਦਿਨ ਵਾਪਰੀਆਂ ਸਨ। ਕੋਟਕਪੂਰਾ ਵਿੱਚ ਸਿੱਖ ਜਥੇਬੰਦੀਆਂ ਦੇ ਇਕੱਠ ਦੌਰਾਨ ਪੁਲਿਸ ਵੱਲੋਂ ਚਲਾਈ ਗੋਲੀ ਕਾਰਨ ਕਈ ਵਿਅਕਤੀ ਜ਼ਖਮੀ ਹੋ ਗਏ ਸਨ ਜਦੋਂ ਕਿ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਦੋ ਵਿਅਕਤੀਆਂ ਦੀ ਪੁਲਿਸ ਦੀਆਂ ਗੋਲੀਆਂ ਨਾਲ ਮੌਤ ਹੋ ਗਈ ਸੀ। ਪੰਜਾਬ ਪੁਲਿਸ ਵੱਲੋਂ ਇਨ੍ਹਾਂ ਮਾਮਲਿਆਂ ਦੀ ਜਾਂਚ ਕਾਂਗਰਸ ਸਰਕਾਰ ਦੇ ਗਠਨ ਤੋਂ ਲੈ ਕੇ ਸਾਲ 2017 ਤੋਂ ਕੀਤੀ ਜਾ ਰਹੀ ਹੈ ਪਰ ਹਾਲੇ ਤੱਕ ਕੋਈ ਸਿੱਟਾ ਨਹੀਂ ਨਿਕਲਿਆ।
ਪੁਲਿਸ ਅਧਿਕਾਰੀਆਂ ਮੁਤਾਬਕ ਇਸ ਮਾਮਲੇ ਵਿੱਚ ਹਾਲੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਪੁਲਿਸ ਨੂੰ ਲੋਕਾਂ ’ਤੇ ਗੋਲੀ ਚਲਾਉਣ ਦਾ ਹੁਕਮ ਕਿਸ ਅਧਿਕਾਰੀ ਜਾਂ ਸਿਆਸੀ ਆਗੂ ਨੇ ਦਿੱਤਾ ਸੀ। ਸੁਖਬੀਰ ਬਾਦਲ ਤਤਕਾਲੀ ਅਕਾਲੀ-ਭਾਜਪਾ ਸਰਕਾਰ ਵਿੱਚ ਗ੍ਰਹਿ ਮੰਤਰੀ ਸਨ, ਜਿਸ ਲਈ ਪੁਲਿਸ ਵੱਲੋਂ ਗ੍ਰਹਿ ਮੰਤਰੀ ਤੋਂ ਪੁੱਛ-ਪੜਤਾਲ ਨੂੰ ਅਹਿਮੀਅਤ ਦਿੱਤੀ ਜਾ ਰਹੀ ਹੈ।