ਦੀਨਾਨਗਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਦੇ ਹੁਕਮਾਂ 'ਤੇ ਸਿਵਲ ਤੇ ਪੁਲਿਸ ਅਧਿਕਾਰੀ ਪੰਚਾਂ, ਸਰਪੰਚਾਂ ਤੇ ਮਿਊਂਸੀਪਲ ਕੌਂਸਲਰਾਂ ਉੱਤੇ ਕਾਂਗਰਸ ਉਮੀਦਵਾਰ ਸੁਨੀਲ ਜਾਖੜ ਨੂੰ ਵੋਟ ਪਾਉਣ ਲਈ ਦਬਾਅ ਪਾ ਰਹੇ ਹਨ।


ਇੱਥੇ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿੰਨੀ ਨਿੰਦਣਯੋਗ ਗੱਲ ਹੈ ਕਿ ਬਲਾਕ ਵਿਕਾਸ ਅਧਿਕਾਰੀ, ਕਾਰਜਕਾਰੀ ਅਧਿਕਾਰੀ ਤੇ ਐਸਐਚਓਜ਼ ਸਰਪੰਚਾਂ ਤੇ ਕੌਂਸਲਰਾਂ ਨੂੰ ਫੋਨ ਕਰਕੇ ਧਮਕਾ ਰਹੇ ਹਨ ਕਿ ਜੇ ਉਨ੍ਹਾਂ ਨੇ ਭਾਜਪਾ ਉਮੀਦਵਾਰ ਸਵਰਨ ਸਲਾਰੀਆ ਦਾ ਸਮਰਥਨ ਕੀਤਾ ਤਾਂ ਉਨ੍ਹਾਂ ਖਿਲਾਫ਼ ਵਿਜੀਂਲੈਂਸ ਕੇਸ ਸ਼ੁਰੂ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਚੁਣੇ ਹੋਏ ਨੁਮਾਇੰਦਿਆਂ ਨੂੰ ਇਹ ਕਹਿ ਕੇ ਵੀ ਧਮਕਾਇਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਅਹੁਦਿਆਂ ਤੋਂ ਵੀ ਮੁਅੱਤਲ ਕਰ ਦਿੱਤਾ ਜਾਵੇਗਾ।

ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਇਸ਼ਾਰੇ ਉੱਤੇ ਸਰਕਾਰੀ ਮਸ਼ੀਨਰੀ ਦੀ ਸ਼ਰੇਆਮ ਦੁਰਵਰਤੋਂ ਇਸ ਲਈ ਕੀਤੀ ਜਾ ਰਹੀ ਹੈ ਕਿਉਂਕਿ ਕਾਂਗਰਸੀ ਵਰਕਰਾਂ ਤੇ ਇੱਥੋਂ ਤੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਵਿੱਚ ਵੀ ਵੋਟਰਾਂ ਦਾ ਸਾਹਮਣਾ ਕਰਨ ਦਾ ਹੌਂਸਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕ ਕਾਂਗਰਸੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਹ 90 ਹਜ਼ਾਰ ਕਰੋੜ ਰੁਪਏ ਦੀ ਮੁਕੰਮਲ ਕਰਜ਼ਾ ਮੁਆਫੀ ਤੇ ਘਰ-ਘਰ ਨੌਕਰੀ ਦੇਣ ਦੇ ਵਾਅਦੇ ਤੋਂ ਕਿਉਂ ਮੁਕਰ ਗਏ? ਉਨ੍ਹਾਂ ਨੇ ਸਾਰੀਆਂ ਲੋਕ ਭਲਾਈ ਸਕੀਮਾਂ-ਸ਼ਗਨ, ਆਟਾ ਦਾਲ ਤੇ ਬੁਢਾਪਾ ਪੈਨਸ਼ਨ ਕਿਉਂ ਬੰਦ ਕਰ ਦਿੱਤੀਆਂ ਹਨ? ਕਾਂਗਰਸ ਪਾਰਟੀ ਕੋਲ ਇਨ੍ਹਾਂ ਸਵਾਲਾਂ ਦਾ ਕੋਈ ਜੁਆਬ ਨਹੀਂ ਹੈ। ਇਸ ਲਈ ਉਹ ਹੁਣ ਵੋਟਾਂ ਮੰਗਣ ਵਾਸਤੇ ਅਫਸਰਾਂ ਨੂੰ ਕਹਿ ਰਹੇ ਹਨ।

ਉਨ੍ਹਾਂ ਕਿਹਾ ਕਿ ਇਹੀ ਵਜ੍ਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਗੁਰਦਾਸਪੁਰ ਵਿੱਚ ਚੋਣ ਪ੍ਰਚਾਰ ਕਰਨ ਤੋਂ ਟਲਿਆ ਹੈ ਤੇ ਉਸ ਨੇ ਰੋਡ ਸ਼ੋਅ ਕਰਨ ਦਾ ਫੈਸਲਾ ਕੀਤਾ ਹੈ ਤਾਂ ਕਿ ਉਹ ਬੱਸ ਦੀ ਛੱਤ ਉੱਤੇ ਕੁਰਸੀ ਡਾਹ ਕੇ ਮਹਾਰਾਜੇ ਵਾਂਗ ਬੈਠਾ ਰਹੇ ਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੇ ਸੁਆਲਾਂ ਦੇ ਜੁਆਬ ਦੇਣ ਦੀ ਥਾਂ ਦੂਰ ਬੈਠਾ ਉਨ੍ਹਾਂ ਵੱਲ ਹੱਥ ਹਿਲਾਉਂਦਾ ਰਹੇ। ਅਕਾਲੀ ਦਲ ਦੇ ਪ੍ਰਧਾਨ ਨੇ ਇਸ ਮੌਕੇ ਲੋਕਾਂ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਜੇਕਰ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਦਾ ਉਨ੍ਹਾਂ ਨੇ ਬੋਰੀ ਬਿਸਤਰਾ ਗੋਲ ਨਾ ਕੀਤਾ ਤਾਂ ਕਾਂਗਰਸ ਸਰਕਾਰ ਵੱਲੋਂ ਹੋਰ ਵੀ ਲੋਕ ਵਿਰੋਧੀ ਫੈਸਲੇ ਲਾਗੂ ਕੀਤੇ ਜਾਣਗੇ।