ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਅਸਤੀਫਾ ਮੰਗਿਆ ਹੈ। ਕੇਜਰੀਵਾਲ ਦਾ ਅਸਤੀਫਾ ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਤੇ ਕੈਪਟਨ ਦਾ ਅਸਤੀਫਾ ਕਿਸਾਨ ਕਰਜ਼ ਮੁਕਤੀ 'ਚ ਫੇਲ੍ਹ ਹੋਣ ਲਈ ਮੰਗਿਆ ਹੈ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੇ ਵਾਅਦੇ ਤੋਂ ਮੁੱਕਰ ਕੇ ਆਪਣੀ ਕੁਰਸੀ ਉੱਤੇ ਬਣੇ ਰਹਿਣ ਦਾ ਨੈਤਿਕ ਅਧਿਕਾਰ ਖੋ ਚੁੱਕੇ ਹਨ। ਇਸ ਲਈ ਉਨ੍ਹਾਂ ਨੂੰ ਅਸਤੀਫਾ ਦੇਣਾ ਚਾਹੀਦਾ ਹੈ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਦਿੱਲੀ ਦੇ ਵਿਧਾਇਕਾਂ ਦੀ ਸੰਸਦੀ ਸਕੱਤਰਾਂ ਵਜੋਂ ਨਿਯੁਕਤੀ ਗੈਰਕਾਨੂੰਨੀ ਤੇ ਗੈਰਸੰਵਿਧਾਨਿਕ ਸੀ। ਇਸ ਲਈ ਹੁਣ ਕੇਜਰੀਵਾਲ ਨੂੰ ਇਸ ਦੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਕੈਪਟਨ ਨੇ ਪ੍ਰਦੇਸ਼ ਕਾਂਗਰਸ ਦੇ ਮੁਖੀ ਵਜੋਂ ਪੰਜਾਬ ਦੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਉਨ੍ਹਾਂ ਦੇ ਸਾਰੇ ਕਰਜ਼ੇ ਮੁਆਫ ਕਰ ਦੇਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਹਿਕਾਰੀ ਤੇ ਰਾਸ਼ਟਰੀ ਬੈਂਕਾਂ ਤੋਂ ਇਲਾਵਾ ਆੜ੍ਹਤੀਆਂ ਕੋਲੋਂ ਲਏ 90 ਹਜ਼ਾਰ ਕਰੋੜ ਰੁਪਏ ਦੇ ਸਾਰੇ ਕਰਜ਼ੇ ਮੁਆਫ ਕਰਨ ਦਾ ਵਾਅਦਾ ਕੀਤਾ ਗਿਆ ਸੀ। ਹੁਣ ਸਰਕਾਰ ਇਸ ਵਾਅਦੇ ਤੋਂ ਭੱਜ ਰਹੀ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਵਾਲਾ ਫੈਸਲਾ ਬਿਲਕੁੱਲ ਸਹੀ ਸਮੇਂ ਆਇਆ ਹੈ, ਜਦੋਂ ਦਿੱਲੀ ਵਿੱਚ 'ਆਪ' ਸਰਕਾਰ ਤਿੰਨ ਸਾਲ ਤੋਂ ਵਧੇਰੇ ਸਮਾਂ ਹੋ ਚੁੱਕਿਆ ਹੈ, ਜੋ ਇਸ ਵੱਲੋਂ ਚੋਣ ਮਨੋਰਥ ਪੱਤਰ ਵਿੱਚ ਕੀਤੇ ਵਾਅਦੇ ਪੂਰੇ ਕਰਨ ਤੇ ਆਪਣੀ ਕਾਰਗੁਜ਼ਾਰੀ ਵਿਖਾਉਣ ਲਈ ਕਾਫੀ ਸੀ। ਹੁਣ ਇਨ੍ਹਾਂ 20 ਸੀਟਾਂ ਉੱਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ 'ਆਪ' ਵੱਲੋਂ ਵਧੀਆ ਪ੍ਰਸਾਸ਼ਨ ਤੇ ਵਿਕਾਸ ਦੇ ਕੀਤੇ ਜਾਂਦੇ ਖੋਖਲੇ ਦਾਅਵਿਆਂ ਦੀ ਪੋਲ ਖੋਲ੍ਹ ਦੇਣਗੀਆਂ।