ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮਾਨਸਾ ਵਿਚ ਸ਼ੈਲਰ ਮਾਲਕਾਂ ਦੀ ਗ੍ਰਿਫਤਾਰੀ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਕਿਹਾ ਕਿ ਮੁੱਖ ਮੰਤਰੀ ਨੂੰ ਉਹਨਾਂ ਦੇ ਵਿਰੋਧ ਦੀ ਆਵਾਜ਼ ਕੁਚਲਣ ਨਾਲੋਂ ਉਹਨਾਂ ਦੇ ਮਸਲੇ ਨੂੰ ਕੇਂਦਰ ਸਰਕਾਰ ਕੋਲ ਚੁੱਕਣਾ ਚਾਹੀਦਾ ਹੈ।
ਉਹਨਾਂ ਨੇ ਅਕਾਲੀ ਦਲ ਦੇ ਕੇਡਰ ਨੂੰ ਵੀ ਆਖਿਆ ਕਿ ਉਹ ਤੁਰੰਤ ਮੰਡੀਆਂ ਵਿਚ ਪਹੁੰਚ ਕੇ ਰਾਜ ਸਰਕਾਰ ਨੂੰ ਝੋਨੇ ਦੀ ਖੁਕਾਈ ਤੇ ਖਰੀਦ ਮੁੜ ਸ਼ੁਰੂ ਕਰਨ ਵਾਸਤੇ ਮਜਬੂਰ ਕਰਨ। ਉਹਨਾਂ ਕਿਹਾ ਕਿ ਮੈਂ ਵੀ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਮੰਡੀਆਂ ਦਾ ਦੌਰਾ ਕਰਾਂਗਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸ਼ੈਲਰ ਮਾਲਕਾਂ ਦਾ ਮਸਲਾ ਹੱਲ ਕਰਵਾਉਣ ਵਿਚ ਨਾਕਾਮ ਰਹਿਣ ’ਤੇ ਕਿਸਾਨਾਂ ਨੂੰ ਪੀੜਤ ਨਹੀਂ ਬਣਾਇਆ ਜਾ ਸਕਦਾ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਮੰਡੀਆਂ ਵਿਚ ਝੋਨੇ ਦੇ ਅੰਬਾਰ ਲੱਗਣ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ ਤੇ ਉਹ ਝੋਨੇ ਦੀ ਖਰੀਦ ਦੇ ਰਾਹ ਵਿਚ ਰੁਕਾਵਟਾਂ ਪਾ ਰਹੀ ਹੈ।
ਉਹਨਾਂ ਕਿਹਾ ਕਿ ਸ਼ੈਲਰ ਮਾਲਕਾਂ ਦੀ ਹੜਤਾਲ ਨੂੰ ਇਕ ਹਫਤੇ ਤੋਂ ਵੱਧ ਦਾ ਬੀਤ ਗਿਆ ਹੈ। ਉਹ ਇਸ ਕਰ ਕੇ ਹੜਤਾਲ ਕਰ ਰਹੇ ਹਨ ਕਿਉਂਕਿ ਆਪ ਸਰਕਾਰ ਸੂਖ਼ਮ ਪੌਸ਼ਟਿਕ ਤੱਤਾਂ ਦੀ ਵਰਤੋਂ ਚੌਲਾਂ ਦੀ ਮਜ਼ਬੂਤੀ ਵਾਸਤੇ ਕਰਨ ਦੇ ਮਸਲੇ ਨੂੰ ਹੱਲ ਕਰਵਾਉਣ ਵਿਚ ਫੇਲ੍ਹ ਸਾਬਤ ਹੋਈ ਹੈ।
ਸ਼ੈਲਰ ਮਾਲਕਾਂ ਨੇ ਸਪਸ਼ਟ ਕੀਤਾ ਕਿ ਉਹ ਇਹ ਸੂਖ਼ਮ ਪੌਸ਼ਟਿਕ ਤੱਕ ਸਿਰਫ ਪ੍ਰਵਾਨਤ ਸਰੋਤਾਂ ਤੋਂ ਖਰੀਦ ਰਹੇ ਹਨ। ਉਹਨਾਂ ਕਿਹਾ ਕਿ ਇਹ ਬਹੁਤਹੀ ਮੰਦਭਾਗੀ ਗੱਲ ਹੈ ਕਿ ਸ਼ੈਲਰ ਮਾਲਕਾਂ ’ਤੇ ਭਾਰੀ ਜ਼ੁਰਮਾਨੇ ਲਗਾਏ ਜਾ ਰਹੇ ਹਨ ਪਰ ਸਰਕਾਰ ਨੇ ਹਾਲੇ ਤੱਕ ਮਾਮਲੇ ਪ੍ਰਤੀ ਸੰਜੀਦਗੀ ਨਹੀਂ ਵਿਖਾਈ।
ਇਸ ਦੌਰਾਨ ਬਾਦਲ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਰਾਜ ਸਰਕਾਰ ਝੋਨੇ ਵਿਚ ਨਮੀ ਦੀ ਮਾਤਰਾ ਵਿਚ ਛੋਟ ਦਾ ਮਸਲਾ ਵੀ ਕੇਂਦਰ ਸਰਕਾਰ ਕੋਲ ਤੁਰੰਤ ਚੁੱਕੇ। ਉਹਨਾਂ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਪਏ ਮੀਂਹ ਕਾਰਨ ਝੋਨੇ ਵਿਚ ਨਮੀ ਦੀ ਮਾਤਰਾ ਵੱਧ ਗਈ ਹੈ ਤੇ ਇਸਦੀ ਸਜ਼ਾ ਕਿਸਾਨਾਂ ਨੂੰ ਨਹੀਂ ਮਿਲਣੀ ਚਾਹੀਦੀ।
ਅਕਾਲੀ ਦਲ ਦੇ ਪ੍ਰਧਾਨ ਨੇ ਆਪ ਸਰਕਾਰ ਨੂੰ ਇਹ ਵੀ ਆਖਿਆ ਕਿ ਉਹ ਉਹਨਾਂ ਕਿਸਾਨਾਂ ਦੀਆਂ ਮੁਸ਼ਕਿਲਾਂ ਪ੍ਰਤੀ ਅੱਖਾਂ ਨਾ ਮੀਟੇ ਜਿਹਨਾਂ ਦੀ ਪਹਿਲੀ ਝੋਨੇ ਦੀ ਫਸਲ ਭਾਰੀ ਬਰਸਾਤਾਂ ਤੇ ਹੜ੍ਹਾਂ ਕਾਰਨ ਨੁਕਸਾਨੀ ਗਈ ਸੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਹਾਲੇ ਤੱਕ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ ਨਹੀਂ ਮਿਲਿਆ ਤੇ ਹੁਣ ਫਿਰ ਕਿਸਾਨ ਜਿਹੜੀ ਫਸਲ ਮੰਡੀਆਂ ਵਿਚ ਲਿਆ ਰਹੇ ਹਨ, ਉਹ ਮੀਂਹ ਕਾਰਨ ਨੁਕਸਾਨੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪਿਛਲੇ ਇਕ ਹਫਤੇ ਤੋਂ ਖਰੀਦ ਬੰਦ ਹੋਣ ਕਾਰਨ ਕਿਸਾਨ ਹੋਰ ਮੁਸ਼ਕਿਲਾਂ ਝੱਲ ਰਹੇ ਹਨ।