ਜ਼ੀਰਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਅੱਜ ਸਿਵਲ ਕੋਰਟ ਜ਼ੀਰਾ ਵਿਖੇ ਪੇਸ਼ ਹੋਏ ਹਨ। ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੇ ਹੋਰ ਲੀਡਰਾਂ ਅਤੇ ਵਰਕਰਾਂ ਸਮੇਤ 2017 ਵਿੱਚ ਜ਼ੀਰਾ- ਅੰਮ੍ਰਿਤਸਰ ਨੈਸ਼ਨਲ ਹਾਈਵੇ ਨੰਬਰ 54 ਮੱਖੂ ਦੇ ਨਜ਼ਦੀਕ ਬਣੇ ਬੰਗਾਲੀ ਵਾਲਾ ਪੁਲ 'ਤੇ ਰੋਡ ਜਾਮ ਕਰਨ ਦੇ ਮਾਮਲੇ ਵਿੱਚ ਅੱਜ ਉਨ੍ਹਾਂ ਦੀ ਪੇਸ਼ੀ ਸੀ। 


ਸੁਖਬੀਰ ਬਾਦਲ ਵੱਲੋਂ ਅੱਜ ਸਿੱਟ ਦੇ ਸਾਹਮਣੇ ਨਾ ਪੇਸ਼ ਹੋਣ ਦੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਅੱਜ ਸਿਵਲ ਕੋਰਟ ਜ਼ੀਰਾ ਵਿਖੇ ਪੇਸ਼ੀ ਸੀ, ਜਿਸ ਕਾਰਨ ਉਹ ਸਿੱਟ ਦੇ ਸਾਹਮਣੇ ਪੇਸ਼ ਨਹੀਂ ਹੋ ਸਕੇ। ਇਸ ਮੌਕੇ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਸ਼ਬਦੀ ਵਾਰ ਵੀ ਕੀਤੇ ਗਏ। 

 

ਇਸ ਤੋਂ ਇਲਾਵਾ ਸੁਖਬੀਰ ਬਾਦਲ ਨੂੰ ਅੱਜ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ 'ਚ ਪੁੱਛਗਿੱਛ ਲਈ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਸੰਮਨ ਨਹੀਂ ਮਿਲੇ ਹਨ। ਅਜਿਹੇ 'ਚ ਸੁਖਬੀਰ ਬਾਦਲ ਦੀ ਮੌਜੂਦਗੀ ਦਾ ਕੋਈ ਮਤਲਬ ਨਹੀਂ ਬਣਦਾ।


ਇਸ ਤੋਂ ਪਹਿਲਾਂ ਐਸਆਈਟੀ ਨੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਪੁੱਛਗਿੱਛ ਕੀਤੀ ਸੀ। ਸੰਮਨ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅੱਜ ਸਵੇਰੇ 10:30 ਵਜੇ ਸੈਕਟਰ 32 ਸਥਿਤ ਪੰਜਾਬ ਪੁਲਿਸ ਹੈੱਡਕੁਆਟਰ ਵਿਖੇ ਪੇਸ਼ ਹੋਣਾ ਸੀ। ਅਕਤੂਬਰ 2015 ਵਿੱਚ ਫਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਖਿੱਲਰੇ ਹੋਏ ਮਿਲੇ ਸਨ। ਜਿਸ ਤੋਂ ਬਾਅਦ ਸਿੱਖਾਂ ਨੇ ਵਿਰੋਧ ਕੀਤਾ ਸੀ।

ਕੋਟਕਪੂਰਾ ਗੋਲੀ ਕਾਂਡ ਸਾਲ 2015 ਦੀ ਹੈ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਸਿੱਖਾਂ 'ਤੇ ਗੋਲੀਆਂ ਚਲਾਈਆਂ ਗਈਆਂ ਸਨ। ਜਦੋਂ ਇਹ ਗੋਲੀਬਾਰੀ ਹੋਈ ਤਾਂ ਉਸ ਸਮੇਂ ਸੁਖਬੀਰ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸਨ। ਉਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਸੀ। ਐਸਆਈਟੀ ਉਨ੍ਹਾਂ ਤੋਂ ਪੁੱਛਣਾ ਚਾਹੁੰਦੀ ਹੈ ਕਿ ਸਿੱਖਾਂ 'ਤੇ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਸਨ? ਇਸ ਮਾਮਲੇ ਵਿੱਚ ਤਤਕਾਲੀ ਡੀਜੀਪੀ ਸੁਮੇਧ ਸੈਣੀ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।