ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਹੈ ਕਿ 1600 ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕ ਵਿੱਚ ਬਦਲਣ ਦਾ ਗ਼ਲਤ ਫੈ਼ਸਲਾ ਤੁਰੰਤ ਰੱਦ ਕੀਤਾ ਜਾਵੇ ਕਿਉਂਕਿ ਇਹ ਕੇਂਦਰ 78 ਜ਼ਰੂਰੀ ਸੇਵਾਵਾਂ ਦੇਣ ਲਈ ਸਥਾਪਤ ਕੀਤੇ ਗਏ ਸਨ।



ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵਾਂਗ ਸਿਰਫ 500 ਕੇਂਦਰ ਚਾਲੂ ਰੱਖਣ ਦੀ ਥਾਂ ’ਤੇ ਸਾਰੇ 2100 ਕੇਂਦਰ ਮੁੜ ਸ਼ੁਰੂ ਕਰਨ ਕੀਤੇ ਜਾਣੇ ਚਾਹੀਦੇ ਹਨ, ਪਰ ‘ਆਪ’ ਸਰਕਾਰ ਇਨ੍ਹਾਂ ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕਰ ਕੇ ਇਸ ਸਕੀਮ ਨੂੰ ਤਬਾਹ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿਚ ਪਹਿਲਾਂ ਹੀ 3000 ਮੈਡੀਕਲ ਸਬ-ਸੈਂਟਰ ਤੇ ਡਿਸਪੈਂਸਰੀਆਂ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਚੱਲ ਰਹੇ ਹਨ, ਜਿਨ੍ਹਾਂ ਦਾ ਵਿਸਥਾਰ ਕੀਤਾ ਜਾ ਸਕਦਾ ਹੈ ਤੇ ਲੋੜ ਅਨੁਸਾਰ ਆਧੁਨਿਕ ਮਸ਼ੀਨਰੀ ਭੇਜੀ ਜਾ ਸਕਦੀ ਹੈ, ਪਰ ਇਨ੍ਹਾਂ ਵਿੱਚ ਕਲੀਨਿਕ ਖੋਲ੍ਹਣ ਦੀ ਕੋਈ ਤੁੱਕ ਨਹੀਂ ਬਣਦੀ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੰਦ ਪਏ ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕਰਨ ਦੀ ਹਰੀ ਝੰਡੀ ਦਿੱਤੀ ਹੈ। ਇਨ੍ਹਾਂ ਸੇਵਾ ਕੇਂਦਰਾਂ ਦੀਆਂ ਇਮਾਰਤਾਂ ਨੂੰ ਇੱਕੋ ਦਿਖ ਵਿੱਚ ਰੱਖਿਆ ਜਾਵੇਗਾ ਤੇ ਡਾਕਟਰ ਦਾ ਕਮਰਾ, ਰਿਸੈਪਸ਼ਨ-ਕਮ-ਵੇਟਿੰਗ ਏਰੀਆ, ਫਾਰਮੇਸੀ ਵਰਗੀਆਂ ਜ਼ਰੂਰਤਾਂ ਪੂਰੀਆਂ ਕਰਨ ਦੇ ਨਾਲ ਨਾਲ ਸਟਾਫ਼ ਤੇ ਆਉਣ ਵਾਲੇ ਮਰੀਜ਼ਾਂ ਲਈ ਵੱਖਰੇ ਪਖਾਨਿਆਂ ਦੀ ਸੁਵਿਧਾ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸੇਵਾ ਕੇਂਦਰਾਂ ਨੂੰ ਵਧੀਆ ਦਿਖ ਦੇਣ ਲਈ ਫ਼ੌਰੀ ਰੂਪ-ਰੇਖਾ ਉਲੀਕੀ ਜਾਵੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜ ਤੋਂ ਛੇ ਨੇੜਲੇ ਪਿੰਡਾਂ ਦਾ ਇੱਕ ਕਲੱਸਟਰ ਬਣਾ ਕੇ ਉਨ੍ਹਾਂ ਲਈ ਕਿਤੇ ਵਿਚਕਾਰ ਪੈਂਦੀ ਥਾਂ ਉੱਤੇ ਮੁਹੱਲਾ ਕਲੀਨਿਕ ਸਥਾਪਤ ਕਰਨ ਦਾ ਵੀ ਸੁਝਾਅ ਦਿੱਤਾ। ਇਸ ਨਾਲ ਮੁਹੱਲਾ ਕਲੀਨਿਕ ਨੇੜਲੇ ਪੇਂਡੂ ਇਲਾਕਿਆਂ ਦੀ ਪਹੁੰਚ ਵਿਚ ਆ ਜਾਣਗੇ। ਸੀਨੀਅਰ ਆਰਕੀਟੈਕਟ ਨੇ ਮੀਟਿੰਗ ਦੌਰਾਨ ਭਗਵੰਤ ਮਾਨ ਨਾਲ ਮੁਹੱਲਾ ਕਲੀਨਿਕਾਂ ਦੇ ਪ੍ਰਸਤਾਵਿਤ ਡਿਜ਼ਾਈਨ ਅਤੇ ਰੂਪ-ਰੇਖਾ ਦੇ ਵੱਖ-ਵੱਖ ਪਹਿਲੂਆਂ ਬਾਰੇ ਚਰਚਾ ਕੀਤੀ।