Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸਾਨ ਪ੍ਰੀਤਮ ਸਿੰਘ ਦੀ ਹੱਤਿਆ ਦਾ ਦੋਸ਼ੀ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਸੀ.ਐਮ ਮਾਨ ਦੇ ਕਹਿਣ 'ਤੇ ਹੀ ਪ੍ਰੀਤਮ ਸਿੰਘ ਨਾਲ ਦੁਰਵਿਵਹਾਰ ਕੀਤਾ ਗਿਆ। ਉਹਨਾਂ ਦਾ ਅਸਲੀ ਚਿਹਰਾ ਸਭ ਦੇ ਸਾਹਮਣੇ ਆ ਗਿਆ ਹੈ। ਬਾਦਲ ਨੇ ਦੋਸ਼ ਲਾਇਆ ਕਿ ਜੇ ਕੋਈ ਆਪਣੀ ਗੱਲ ਰੱਖਣੀ ਚਾਹੁੰਦਾ ਹੈ ਤਾਂ ਮੁੱਖ ਮੰਤਰੀ ਪੁਲਿਸ ਤੋਂ ਲਾਠੀਚਾਰਜ ਕਰਵਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੇ ਦਿਮਾਗ ਵਿੱਚ Dictator (ਤਾਨਾਸ਼ਾਹ) ਹੈ।


'ਕਿਸਾਨਾਂ 'ਤੇ ਕਰਵਾਇਆ ਲਾਠੀਚਾਰਜ'


ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਗੇ ਕਿਹਾ, ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ 92 ਵਿਧਾਇਕ ਦਿੱਤੇ ਹਨ, ਇਸ ਦਾ ਮਤਲਬ ਇਹ ਨਹੀਂ ਕਿ ਇੱਥੇ ਮੁੱਖ ਮੰਤਰੀ ਆਪਣੀ ਮਰਜ਼ੀ ਅਨੁਸਾਰ ਚੱਲੇ। ਗਰੀਬ ਕਿਸਾਨ ਹੜ੍ਹ ਕਾਰਨ ਹੋਈ ਤਬਾਹੀ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਸਨ। ਉਹ ਪਸ਼ੂਆਂ ਲਈ ਚਾਰੇ ਅਤੇ ਦਵਾਈਆਂ ਦੀ ਮੰਗ ਕਰ ਰਹੇ ਸਨ। ਪਰ ਸਰਕਾਰ ਨੇ ਉਨ੍ਹਾਂ 'ਤੇ ਲਾਠੀਚਾਰਜ ਕਰਵਾਇਆ। ਬਾਦਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦਾ ਕਰੀਬ 10,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਜਦ ਕਿ ਸਰਕਾਰ ਨੇ ਸਿਰਫ਼ 186 ਰੁਪਏ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਰਾਜਸਥਾਨ ਤੇ ਹਰਿਆਣਾ ਸਰਕਾਰ ਨੂੰ ਵੀ ਪੰਜਾਬ ਦੀ ਮਦਦ ਕਰਨੀ ਚਾਹੀਦੀ ਹੈ ਪਰ ਦੋਵੇਂ ਸਰਕਾਰਾਂ ਚੁੱਪ ਬੈਠੀਆਂ ਹਨ।


ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 50 ਲੱਖ ਮੁਆਵਜ਼ਾ ਦੇਣ ਦੀ ਮੰਗ


ਬਾਦਲ ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਰਜ਼ਾ ਮੁਆਫ਼ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇ ਅਜਿਹਾ ਨਾ ਕੀਤਾ ਗਿਆ ਤਾਂ ਅਕਾਲੀ ਦਲ ਰੋਸ ਪ੍ਰਦਰਸ਼ਨ ਕਰੇਗਾ।


ਅਕਾਲੀ ਦਲ ਕੋਲ ਕਈ ਬਦਲ


ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਸੰਸਦੀ ਚੋਣਾਂ ਲਈ ਉਨ੍ਹਾਂ ਕੋਲ ਬਹੁਤ ਸਾਰੇ ਵਿਕਲਪ ਹਨ। ਜਿਸ ਪਾਰਟੀ ਤੋਂ ਪੰਜਾਬ ਨੂੰ ਫਾਇਦਾ ਮਿਲ ਸਕਦਾ ਹੈ, ਉਹ ਉਸ ਪਾਰਟੀ ਨਾਲ ਹੀ ਤਾਲਮੇਲ ਕਰਨਗੇ। ਦੂਜੇ ਪਾਸੇ ਬਾਦਲ ਨੇ ਕਿਹਾ, ਅਕਾਲੀ ਦਲ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਸਾਰੇ ਪੁਰਾਣੇ ਠੇਕੇ ਰੱਦ ਕਰ ਦਿੱਤੇ ਜਾਣਗੇ।