ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦੇ ਰੋਸ ਵਿਖਾਵਿਆਂ ਤੋਂ ਡਰਦੇ ਆਪਣੇ ਪਾਰਲੀਮਾਨੀ ਹਲਕੇ ਵਿੱਚ ਨਹੀਂ ਆ ਰਹੇ। ਨਵੇਂ ਵਿਕਾਸ ਕੰਮਾਂ ਦੀ ਤਾਂ ਗੱਲ ਦੂਰ, ਪੁਰਾਣੇ ਕੰਮ ਵੀ ਅੱਧ ਵਿਚਾਲੇ ਰੋਕ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਪਿਛਲੀਆਂ ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਹਮੇਸ਼ਾਂ ਸ਼ਾਂਤੀ ਤੇ ਫ਼ਿਰਕੂ ਸਦਭਾਵਨਾ ਨੂੰ ਸਰਕਾਰੀ ਨੀਤੀ ਦਾ ਮੁੱਖ ਧੁਰਾ ਬਣਾ ਕੇ ਰੱਖਿਆ। ਇਸੇ ਸਦਕਾ ਸੂਬੇ ਵਿੱਚ ਸ਼ਾਂਤੀ ਬਣੀ ਰਹੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਕੀਤੀ ਅਪੀਲ ਮਗਰੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਿਆ ਗਿਆ।
ਉਨ੍ਹਾਂ ਕਿਹਾ ਕਿ ਪੰਥਕ ਧਿਰਾਂ ਨੇ ਰਲ ਕੇ ਬੀਬਾ ਰਾਜੋਆਣਾ ਨੂੰ ਇਸ ਸੀਟ ਤੋਂ ਸਾਂਝਾ ਉਮੀਦਵਾਰ ਬਣਾਇਆ ਹੈ। ਬਾਦਲ ਨੇ ਕਿਹਾ ਕਿ ਬੀਬਾ ਰਾਜੋਆਣਾ ਦੀ ਚੋਣ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦਾ ਰਾਹ ਪੱਧਰਾ ਕਰੇਗੀ। ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਾਰੇ ਬੋਲਦਿਆਂ ਕਿਹਾ ਕਿ ਕੇਜਰੀਵਾਲ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਹੁਕਮਾਂ ’ਤੇ ਹਸਤਾਖ਼ਰ ਨਹੀਂ ਕਰ ਰਹੇ।
ਓਧਰ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਰੋਡ ਸ਼ੋਅ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸੰਗਰੂਰ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਨੌਜਵਾਨ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ 'ਚ ਰੋਡ ਸ਼ੋਅ ਕੱਢਿਆ ਜਾਵੇਗਾ ਅਤੇ ਭਦੌੜ ਅਤੇ ਬਰਨਾਲਾ ਦੇ ਲੋਕਾਂ ਨਾਲ ਰੂਬਰੂ ਹੋਵਾਂਗੇ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੇ ਪਰਿਵਾਰਕ ਮੈਂਬਰ ਵਜੋਂ ਬੀਬੀ ਕਮਲਦੀਪ ਕੌਰ ਰਾਜੋਆਣਾ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ, ਜੋ ਕਿ ਫ਼ਾਂਸੀ ਦੀ ਸਜ਼ਾਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਹਨ। ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਸੰਗਰੂਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਕਾਂਗਰਸ ਨੇ ਦਲਵੀਰ ਸਿੰਘ ਗੋਲਡੀ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। ਦਲਵੀਰ ਸਿੰਘ ਗੋਲਡੀ ਸਾਲ 2017 'ਚ ਧੂਰੀ ਵਿਧਾਨ ਸਭਾ ਹਲਕੇ ਤੋਂ ਜੇਤੂ ਰਹੇ ਸਨ ਪਰ ਇਸ ਸਾਲ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਤੋਂ ਹਾਰ ਗਏ ਸਨ।