ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਵਿੱਚੋਂ ਬਰਖਾਸਤ ਕਰਨ ਮਗਰੋਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ ਹੈ ਕਿ ਹੁਣ ਇੱਕੋ-ਇੱਕ ਨਿਸ਼ਾਨਾ ਸੁਖਬੀਰ ਬਾਦਲ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਹਟਾਉਣਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਲੁੱਟ ਨੂੰ ਬੰਦ ਕਰਵਾਉਣ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਬਹਾਲ ਕਰਾਉਣ ਲਈ ਉਹ ਸੰਘਰਸ਼ ਕਰਨਗੇ।


ਉਨ੍ਹਾਂ ਕਿਹਾ ਕਿ ਉਹ ਬਾਦਲ ਪਰਿਵਾਰ ਦੀ ਵਧੀਕੀਆਂ ਤੋਂ ਪ੍ਰੇਸ਼ਾਨ ਲੋਕਾਂ ਨੂੰ ਇਕੱਠਾ ਕਰ ਰਹੇ ਹਨ। ਸਭ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਆਜ਼ਾਦ ਕਰਵਾਇਆ ਜਾਏਗਾ। ਇਸ ਲਈ ਜਲਦ ਹੀ ਸ਼੍ਰੋਮਣੀ ਕਮੇਟੀ ਚੋਣਾਂ ਕਰਾਉਣ ਦਾ ਮੁੱਦਾ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਨਾਲ ਮੀਟਿੰਗ ਕੀਤੀ ਜਾਵੇਗੀ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੋਮਵਾਰ ਨੂੰ ਬਾਗ਼ੀ ਪਾਰਟੀ ਲੀਡਰਾਂ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਹੈਰਾਨੀ ਦੀ ਗੱਲ਼ ਹੈ ਕਿ ਢੀਂਡਸਾ ਪਿਤਾ-ਪੁੱਤਰ ਨੂੰ ਪਾਰਟੀ ਵੱਲੋਂ ਨੋਟਿਸ ਵੀ ਨਹੀਂ ਦਿੱਤਾ ਗਿਆ। ਪਹਿਲਾਂ ਕੋਰ ਕਮੇਟੀ ਨੇ ਢੀਂਡਸਾ ਪਿਤਾ-ਪੁੱਤਰ ਖਿਲਾਫ ‘ਦੋਸ਼ ਪੱਤਰ’ ਜਾਰੀ ਕਰਨ ਦਾ ਫੈਸਲਾ ਕੀਤਾ ਸੀ। ਅਕਾਲੀ ਦਲ ਵੱਲੋਂ ਹੁਣ ਤੱਕ ਢੀਂਡਸਾ ਪਿਤਾ ਪੁੱਤਰ ਖ਼ਿਲਾਫ਼ ਕੋਈ ਮਾਮਲਾ ਅਨੁਸਾਸ਼ਨੀ ਕਮੇਟੀ ਨੂੰ ਨਹੀਂ ਦਿੱਤਾ ਗਿਆ ਤੇ ਨਾ ਹੀ ਕੋਈ ਨੋਟਿਸ ਦਿੱਤਾ ਗਿਆ ਹੈ।