Moga News : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਪਾਰਟੀ ਦੇ ਸਮੂਹ ਅਹੁਦੇਦਾਰਾਂ ਦੀ ਇਕ ਹੰਗਾਮੀ ਮੀਟਿੰਗ ਮੋਗਾ ਵਿਖੇ ਹੋਈ। ਜਿਸ ਵਿਚ ਸਿੱਖ ਪੰਥ ਅਤੇ ਪੰਜਾਬ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਪੰਥਕ ਸੋਚ ਤੇ ਧਾਰਨੀਆਂ ਨੂੰ ਇਕ ਪਲੇਟਫਾਰਮ ਤੇ ਇੱਕਜੁਟ ਹੋਣ ਦਾ ਸੱਦਾ ਦਿੱਤਾ ਗਿਆ ਅਤੇ  ਸਮੁੱਚੇ ਪੰਜਾਬ ਵਿਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਨ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ।


 

ਮੀਟਿੰਗ ਵਿੱਚ ਪਾਰਟੀ ਵੱਲੋਂ ਪਿੰਡ ਲੌਂਗੋਵਾਲ ਵਿਖੇ ਮਹਾਨ ਸ਼ਹੀਦ ਸੰਤ ਹਰਚੰਦ ਸਿੰਘ ਲੌਗੋਵਾਲ ਦੀ 20 ਅਗਸਤ ਨੂੰ ਕਰਵਾਏ ਜਾ ਰਹੇ ਬਰਸੀਂ ਸਮਾਗਮ ਬਾਰੇ ਵੀ ਚਰਚਾ ਕੀਤੀ ਗਈ। ਇਸ ਦੌਰਾਨ ਪ੍ਰੈਸ ਨੂੰ ਜਾਰੀ ਬਿਆਨ ਵਿਚ ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸਿੱਖ ਸੰਸਥਾਵਾਂ ਨੂੰ ਬਾਦਲ ਪਰਿਵਾਰ ਤੋਂ ਆਜ਼ਾਦ ਕਰਵਾ ਕੇ ਉਹਨਾਂ ਦੀ ਸੇਵਾ ਸੰਭਾਲ ਪੰਥਕ ਭਾਵਨਾ ਰੱਖਣ ਵਾਲੇ ਗੁਰਸਿੱਖਾਂ ਨੂੰ ਸੌਪਣਾ ਹੀ ਸਾਡਾ ਮੁੱਖ ਮੰਤਵ ਹੈ। ਇਸ ਲਈ ਅਜੋਕੇ ਸਮੇਂ ਵਿਚ ਸਿੱਖ ਪੰਥ ਅਤੇ ਪੰਜਾਬ ਦੀ ਬਿਹਤਰੀ ਲਈ ਸਾਰੀਆਂ ਪੰਥਕ ਧਿਰਾਂ ਦਾ ਇੱਕਜੁੱਟ ਹੋਣਾ ਬੇਹੱਦ ਲਾਜ਼ਮੀ ਹੈ। 
 

ਇਸ ਮੌਕੇ ਸਮੁੱਚੀ ਲੀਡਰਸ਼ਿਪ ਨੇ ਇਕੋ ਆਵਾਜ਼ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਬਾਦਲ ਪਰਿਵਾਰ ਦਾ ਗਲਬਾ ਪੂਰਨ ਤੌਰ `ਤੇ ਖਤਮ ਕਰਨ ਲਈ ਪੰਥ ਦਰਦੀਆਂ ਨੂੰ ਅਪੀਲ ਕੀਤੀ ਕਿ ਉਹ ਪੰਥ ਅਤੇ ਪੰਜਾਬ ਵਿਰੋਧੀ ਬਾਦਲ ਪਰਿਵਾਰ ਨੂੰ ਛੱਡ ਕੇ ਅਕਾਲੀ ਦਲ ਦੇ ਅਸਲ ਸਿਧਾਂਤਾਂ ਦਾ ਪਹਿਰਾ ਦੇਣ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਿਲ ਹੋਣ। ਜਿਸ ਨਾਲ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਅਤੇ ਪੰਥ ਦੀ ਨੁਮਾਇੰਦਾ ਜਥੇਬੰਦੀ ਬਣਾਇਆ ਜਾ ਸਕੇ। 

 

ਸੁਖਦੇਵ ਸਿੰਘ ਢੀਂਡਸਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ `ਤੇ ਹਮਲਾ ਬੋਲਦਿਆਂ ਕਿਹਾ ਕਿ ਮਾਨ ਸਰਕਾਰ ਵਲੋਂ ਅਮਨ ਕਾਨੂੰਨ ਕਾਇਮ ਰੱਖਣ ਦੇ ਬਹਾਨੇ ਅਪਣੀ ਦਮਨਕਾਰੀ ਨੀਤੀਆਂ ਲਾਗੂ ਕਰਕੇ ਬੇਕਸੂਰ ਸਿੱਖ ਨੌਜਵਾਨਾਂ ਨੂੰ ਸੰਗੀਨ ਝੂਠੇ ਮੁਕੱਦਿਆਂ ਵਿਚ ਫਸਾਇਆ ਗਿਆ ਹੈ। ਇਸ ਤੋਂ ਇਲਾਵਾ ਮਾਨ ਸਰਕਾਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਅਤੇ ਸਿੱਖ ਗੁਰਦੁਆਰਾ ਐਕਟ 1925 ਵਿਚ ਛੇੜਛਾੜ ਕਰਕੇ ਸਿੱਧੇ ਤੌਰ `ਤੇ ਸਿੱਖ ਮਸਲਿਆਂ ਵਿਚ ਦਖ਼ਲਅੰਦਾਜੀ ਕਰ ਰਹੀ ਹੈ। ਜਿਸ ਨੂੰ ਕਿਸੇ ਵੀ ਕੀਮਤ `ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ। 

 

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਸਿੱਖ ਗੁਰਦੁਆਰਾ ਸੋਧ ਬਿੱਲ ਪਾਸ ਕਰਨਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਹੈ। ਇਸ ਦੌਰਾਨ ਯੂਥ ਅਕਾਲੀ ਦਲ ਦੇ ਪ੍ਰਧਾਨ ਦਵਿੰਦਰ ਸਿੰਘ ਸੋਢੀ ਨੇ ਹਰਸਿਮਰਤ ਕੌਰ ਬਾਦਲ `ਤੇ ਵਰਦਿਆਂ ਕਿਹਾ ਕਿ ਅੱਜ ਜਦੋਂ ਪੰਜਾਬਵਾਸੀਆਂ ਨੇ ਬਾਦਲ ਦਲ ਨੂੰ ਪੂਰੀ ਤਰ੍ਹਾਂ ਨਾਕਾਰ ਦਿੱਤਾ ਹੈ ਤਾਂ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਪੰਥ, ਪੰਜਾਬ ਅਤੇ ਬੰਦੀ ਸਿੰਘ ਬਹੁਤ ਯਾਦ ਆ ਰਹੇ ਹਨ ਜਦਕਿ ਜਦੋਂ ਇਨ੍ਹਾਂ ਦੀ ਪੰਜਾਬ ਵਿਚ ਸਰਕਾਰ ਸੀ ਉਦੋਂ ਇਹ ਬੰਦੀ ਸਿੰਘਾਂ ਨੂੰ ਅਤਿਵਾਦੀ ਦੱਸਦੇ ਸਨ। ਸੋਢੀ ਨੇ ਕਿਹਾ ਕਿ ਬਾਦਲ ਦਲ ਨੂੰ ਅਜਿਹੇ ਦੋਹਰੇ ਮਾਪਦੰਡ ਅਪਣਾਉਣ ਤੋਂ ਬਾਜ਼ ਆਉਣਾ ਚਾਹੀਦਾ ਹੈ।