BBMB ਦੇ ਅਹਿਮ ਮੁੱਦੇ ਨੂੰ ਲੈ ਕੇ ਸੁਖਦੇਵ ਸਿੰਘ ਢੀਂਡਸਾ ਕੇਂਦਰੀ ਗ੍ਰਹਿ ਮੰਤਰੀ ਕੋਲੇ ਪੁੱਜੇ
BBMB ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਦਿੱਲੀ ਪੁੱਜੇ
ਚੰਡੀਗੜ੍ਹ: ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ) ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਸਮੇਤ ਪੰਜਾਬ ਨਾਲ ਸਬੰਧਤ ਹੋਰਨਾਂ ਅਹਿਮ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਦਿੱਲੀ ਪੁੱਜ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆ ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆਂ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਨਾਲ ਉਨ੍ਹਾਂ ਦੀ ਇਹ ਮੁਲਾਕਾਤ ਕਾਫ਼ੀ ਸਾਕਾਰਾਤਮਕ ਰਹੇਗੀ ਅਤੇ ਬੀਬੀਐੱਮਬੀ ਵਿੱਚ ਪੰਜਾਬ ਦੀ ਪੱਕੀ ਨੁਮਾਇੰਦਗੀ ਨੂੰ ਬਰਕਰਾਰ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਉਹ ਅਮਿਤ ਸ਼ਾਹ ਨਾਲ ਪੰਜਾਬ ਨਾਲ ਸਬੰਧੀ ਹੋਰਨਾਂ ਅਹਿਮ ਮੁੱਦਿਆਂ ਤੇ ਵੀ ਗੱਲਬਾਤ ਕਰਨਗੇ।
ਜਿਸ ਵਿੱਚ ਚੰਡੀਗੜ੍ਹ ਵਿੱਚ ਪੰਜਾਬ ਅਤੇ ਹਰਿਆਣਾ ਦੇ 60-40 ਅਨੁਪਾਤ ਨੂੰ ਸਹੀ ਢੰਗ ਨਾਲ ਲਾਗੂ ਕਰਨ ਅਤੇ ਪੰਜਾਬ ਦੀ ਭਾਗੀਦਾਰੀ ਵਧਾਉਣ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਫੈਸਲੇ ਨਾਲ ਦੇਸ਼ ਦਾ ਸੰਘੀ ਢਾਂਚਾ ਕਮਜ਼ੋਰ ਹੋਵੇਗਾ ਇਸ ਕਰਕੇ ਕੇਂਦਰ ਸਰਕਾਰ ਨੂੰ ਆਪਣਾ ਇਹ ਫੈਸਲਾ ਤੁਰੰਤ ਵਾਪਸ ਲੈ ਲੈਣਾ ਚਾਹੀਦਾ ਹੈ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਨੂੰ ਪਹਿਲਾ ਹੀ ਪਾਣੀ ਪੂਰਾ ਨਹੀਂ ਮਿਲ ਰਿਹਾ ਹੈ ਅਤੇ ਪੰਜਾਬ ਸੂਬਾ ਬਣਨ ਤੋਂ ਲੈ ਕੇ ਹੁਣ ਤੱਕ ਇਹ ਵਿਤਕਰਾ ਲਗਾਤਾਰ ਜਾਰੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਬੰਜਰ ਹੋ ਰਹੀ ਹੈ।ਪੰਜਾਬ ਦੇ ਵੱਡੇ ਹਿੱਸੇ ਵਿੱਚ ਪਾਣੀ ਦਾ ਪੱਧਰ ਕਾਫ਼ੀ ਹੇਠਾ ਜਾ ਚੁੱਕਾ ਹੈ ਅਤੇ ਪੰਜਾਬ ਦੇ ਜ਼ਿਆਦਾਤਾਰ ਬਲਾਕ ਡਾਰਕ ਜੋਨ ਬਣ ਗਏ ਹਨ। ਇਸ ਤੋਂ ਇਲਾਵਾ ਪੰਜਾਬ ਦੇ ਪਾਣੀਆਂ ਨੂੰ ਰਾਜਸਥਾਨ ਅਤੇ ਦਿੱਲੀ ਨੂੰ ਮੁਫ਼ਤ ਵਿੱਚ ਲੁੱਟਿਆਂ ਜਾ ਰਿਹਾ ਹੈ। ਢੀਂਡਸਾ ਨੇ ਕਿਹਾ ਕਿ ਪੰਜਾਬ ਦੀ ਬੀਬੀਐੱਮਬੀ ਵਿੱਚੋਂ ਨੁਮਾਇੰਦਗੀ ਖ਼ਤਮ ਕਰਨ ਨਾਲ ਸੂਬੇ ਦਾ ਪਾਣੀਆਂ ਸਮੇਤ ਹੈੱਡ ਵਰਕਸਾਂ ਉੱਪਰ ਨਿਯੰਤਰਣ ਦੇ ਅਧਿਕਾਰ ਖ਼ਤਮ ਹੋ ਜਾਣਗੇ।
ਢੀਂਡਸਾ ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਦਿੱਲੀ ਪੁੱਜ ਗਏ ਹਨ।ਜਿਥੇ ਉਹ ਇਨ੍ਹਾਂ ਸਾਰੇ ਮਸਲਿਆਂ 'ਤੇ ਗੱਲਬਾਤ ਕਰਨਗੇ। ਢੀਂਡਸਾ ਨੇ ਕਿਹਾ ਕਿ ਉਹ ਹਮੇਸ਼ਾ ਰਾਜਾਂ ਦੇ ਵੱਧ ਅਧਿਕਾਰਾਂ ਦੇ ਪੱਖ ਵਿੱਚ ਰਹੇ ਹਨ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੇ ਹਰ ਫੈਸਲੇ ਦਾ ਵਿਰੋਧ ਕਰਦੇ ਆਏ ਹਨ।ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਹੱਕੀ ਮਸਲੇ ਹੱਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ।