Sukhdev Singh Dhindsa is in Delhi for a high-level meeting with Home Minister Amit Shah


ਚੰਡੀਗੜ੍ਹ: ਚੰਡੀਗੜ੍ਹ ਸਮੇਤ ਸੂਬੇ ਦੇ ਹੋਰਨਾਂ ਬੁਨਿਆਦੀ ਮਸਲਿਆਂ ਦੇ ਹੱਲ ਲਈ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ  ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਸਮੇਂ ਦੀ ਮੰਗ ਕੀਤੀ ਹੈ। ਸੁਖਦੇਵ ਸਿੰਘ ਢੀਂਡਸਾ ਉਚੇਚੇ ਤੌਰ `ਤੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਦਿੱਲੀ ਵਿੱਚ ਮੌਜੂਦ ਹਨ।


ਇਸ ਸਬੰਧੀ ਜਾਣਕਾਰੀ ਦਿੰਦਿਆ ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆਂ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਨਾਲ ਉਨ੍ਹਾਂ ਦੀ ਮੁਲਾਕਾਤ ਕਾਫ਼ੀ ਸਾਕਾਰਤਮਕ ਰਹੇਗੀ ਅਤੇ ਉਹ ਅਮਿਤ ਸ਼ਾਹ ਨਾਲ ਪੰਜਾਬ ਨਾਲ ਸਬੰਧਤ ਹੋਰਨਾਂ ਮੁੱਦਿਆਂ ਤੇ ਵੀ ਗੱਲਬਾਤ ਕਰਨਗੇ। ਨਾਲ ਹੀ ਢੀਂਡਸਾ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹਿੱਸਾ ਹੈ ਅਤੇ ਉਹ ਪੰਜਾਬ ਨੂੰ ਮਿਲਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਦੇਸ਼ ਦੇ ਹਰੇਕ ਸੂਬੇ ਨੂੰ ਰਾਜਧਾਨੀ ਮਿਲੀ ਹੈ ਪਰ ਪੰਜਾਬ ਨੂੰ ਉਸ ਦੀ ਰਾਜਧਾਨੀ ਨਹੀ ਦਿੱਤੀ ਗਈ। ਇਸ ਕਰਕੇ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਪੰਜਾਬ ਨੂੰ ਦੇਣਾ ਚਾਹੀਦਾ ਹੈ।


ਢੀਂਡਸਾ ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਦਿੱਲੀ ਵਿੱਚ ਮੌਜੂਦ ਹਨ। ਢੀਂਡਸਾ ਨੇ ਕਿਹਾ ਕਿ ਉਹ ਹਮੇਸ਼ਾ ਰਾਜਾਂ ਦੇ ਵੱਧ ਅਧਿਕਾਰਾਂ ਦੇ ਪੱਖ ਵਿੱਚ ਰਹੇ ਹਨ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੇ ਹਰ ਫੈਸਲੇ ਦਾ ਵਿਰੋਧ ਕਰਦੇ ਆਏ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਹੱਕੀ ਮਸਲੇ ਹੱਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ।


ਇਹ ਵੀ ਪੜ੍ਹੋ: Deep Sidhu's last film: ਇਸ ਦਿਨ ਰਿਲੀਜ਼ ਹੋਵੇਗੀ ਪੰਜਾਬੀ ਐਕਟਰ ਦੀਪ ਸਿੱਧੂ ਦੀ ਆਖ਼ਰੀ ਫ਼ਿਲਮ 'ਸਾਡੇ ਵਾਲੇ'