ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰਾਂ ਹਰਸਿਮਰਤ ਬਾਦਲ ਤੇ ਸੁਖਬੀਰ ਬਾਦਲ ਨੂੰ ਸਦਨ ਵਿੱਚ ਸੀਬੀਆਈ ਵੱਲੋਂ ਬੇਅਦਬੀ ਦੀ ਜਾਂਚ ਬੰਦ ਕਰਨ ਖ਼ਿਲਾਫ਼ ਧਰਨਾ ਦੇਣ ਦੀ ਚੁਨੌਤੀ ਦਿੱਤੀ ਹੈ। ਹਾਲਾਂਕਿ, ਉਨ੍ਹਾਂ ਦੇ ਸਾਥੀ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਹਰਸਿਮਰਤ ਬਾਦਲ ਦੇ ਅਸਤੀਫ਼ੇ ਗੀ ਮੰਗ ਕੀਤੀ ਸੀ, ਜਿਸ ਨਾਲ ਰੰਧਾਵਾ ਸਹਿਮਤ ਨਹੀਂ।


ਬਰਗਾੜੀ ਬੇਅਦਬੀ ਜਾਂਚ ਕਰ ਰਹੀ ਸੀਬੀਆਈ ਵੱਲੋਂ ਅਦਾਲਤ ਵਿੱਚ ਮਾਮਲੇ ਦੀ ਕਲੋਜ਼ਰ ਰਿਪੋਰਟ ਦਾਇਰ ਕਰਨ ਤੋਂ ਬਾਅਦ ਸੁਖਬੀਰ ਬਾਦਲ ਵੱਲੋਂ ਵਕੀਲਾਂ ਦੀ ਟੀਮ ਬਣਾਉਣ ਦੇ ਬਿਆਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਾਂਗਰਸੀ ਮੰਤਰੀਆਂ ਨੇ ਹਮਲਾਵਰ ਰੁਖ਼ ਅਖ਼ਤਿਆਰ ਕੀਤਾ ਹੋਇਆ ਹੈ। ਰੰਧਾਵਾ ਨੇ ਕਿਹਾ ਕਿ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੂੰ ਲੋਕ ਸਭਾ ਵਿੱਚ ਸੀਬੀਆਈ ਵੱਲੋਂ ਦਾਇਰ ਕੀਤੀ ਕਲੋਜ਼ਰ ਰਿਪੋਰਟ ਦਾ ਵਿਰੋਧ ਕਰਨਾ ਚਾਹੀਦਾ ਹੈ ਅਤੇ ਸਦਨ ਵਿੱਚੋਂ ਵਾਕਆਊਟ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਪਾਰਲੀਮੈਂਟ ਵਿੱਚ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਦੇ ਨਾਲ ਹੀ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ, ਤਾਂ ਕਿ ਪੰਜਾਬ ਦੀ ਆਵਾਜ਼ ਇਕਜੁੱਟ ਹੋ ਕੇ ਕੇਂਦਰ ਦੇ ਗ੍ਰਹਿ ਮੰਤਰੀ ਤਕ ਪਹੁੰਚੇ। ਰੰਧਾਵਾ ਨੇ ਅਕਾਲੀ ਦਲ 'ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਸਾਲ 2015 ਵਿੱਚ ਅਕਾਲੀ ਦਲ ਨੇ ਪੰਜਾਬ ਪੁਲਿਸ ਨੂੰ ਤਫ਼ਤੀਸ਼ ਵਿੱਚ ਅਸਮਰੱਥ ਦੱਸ ਖ਼ੁਦ ਹੀ ਮਾਮਲੇ ਦੀ ਜਾਂਚ ਸੀਬੀਆਈ ਨੂੰ ਦਿੱਤੀ ਸੀ। ਰੰਧਾਵਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬੀਜੇਪੀ ਦੀ ਭਾਈਵਾਲ ਪਾਰਟੀ ਹੈ ਤੇ ਹੁਣ ਕਲੋਜ਼ਰ ਰਿਪੋਰਟ 'ਤੇ ਡਰਾਮਾ ਕਰ ਰਹੀ ਹੈ।

ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਪਣੀ ਰਣਨੀਤੀ ਤਿਆਰ ਕਰ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲਦ ਹੀ ਫੈਸਲਾ ਕਰਨਗੇ ਕਿ ਸੀਬੀਆਈ ਦੀ ਕਲੋਜ਼ਰ ਰਿਪੋਰਟ ਖ਼ਿਲਾਫ਼ ਪੰਜਾਬ ਸਰਕਾਰ ਦੀ ਰਣਨੀਤੀ ਕੀ ਹੋਵੇਗੀ।