ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਬੀਤੇ ਦਿਨ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਸਿੱਖ ਗੁਰਦੁਆਰਾ ਐਕਟ ਵਿੱਚ ਸੋਧ ਕਰ ਦਿੱਤੀ ਹੈ। ਇਸ ਮੁੱਦੇ 'ਤੇ ਕਾਂਗਰਸ ਸਰਕਾਰ ਵਿੱਚ ਸਾਬਕਾ ਡਿਪਟੀ ਮੁੱਖ ਮੰਤਰੀ ਰਹੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਆਦੇਸ਼ ਮੰਨ ਲਿਆ ਹੁੰਦਾ ਤਾਂ ਅੱਜ SGPC ਨੂੰ ਇਹ ਦਿਨ ਨਾ ਦੇਖਣਾ ਪੈਂਦਾ। ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਕਮੇਟੀ ਨੂੰ ਹੁਕਮ ਜਾਰੀ ਕੀਤੇ ਸਨ ਕਿ SGPC ਆਪਣਾ ਵੱਖ ਤੋਂ ਚੈਨਲ ਬਣਾਏ ਅਤੇ ਗੁਰਬਾਣੀ ਦਾ ਪ੍ਰਸਾਰਣ ਇਸ ਚੈਨਲ 'ਤੇ ਕਰੇ। ਪਰ ਸ਼੍ਰੋਮਣੀ ਕਮੇਟੀ ਨੇ ਜਥੇਦਾਰ ਦੇ ਹੁਕਮ ਦੀ ਪਾਲਣਾ ਨਹੀਂ ਕੀਤੀ। ਜਿਸ ਕਾਰਨ ਪੰਜਾਬ ਸਰਕਾਰ ਨੇ ਇਸ ਬਹੁਤ ਹੀ ਨਾਜ਼ੁਕ ਮਾਮਲੇ ਦਾ ਬਹਾਨਾ ਬਣਾ ਕੇ ਸਿੱਖਾਂ ਦੇ ਅੰਦਰੂਨੀ ਅਤੇ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕੀਤੀ ਹੈ। 



ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 6 ਨਵੰਬਰ 2019 ਨੂੰ ਪੰਜਾਬ ਦੀ ਕੈਪਟਨ ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਸੀ। ਜਿਸ ਵਿੱਚ ਤਤਕਾਲੀ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਇਹ ਮਤਾ ਲਿਆਂਦਾ ਸੀ ਕਿ ਦਰਬਾਰ ਸਾਹਿਬ ਤੋਂ ਹੁੰਦੇ ਕੀਰਤਨ ਦੇ ਪ੍ਰਸਾਰਣ ਦਾ ਅਧਿਕਾਰ ਕਿਸੇ ਇੱਕ ਚੈਨਲ ਨੂੰ ਨਾ ਦਿੱਤਾ ਜਾਵੇ ਬਲਕਿ ਬਹੁਤ ਸਾਰੇ ਟਵੀਟ ਚੈਨਲਾਂ ਜਾਂ ਵੈੱਬ ਚੈਨਲਾਂ ਨੂੰ ਵੀ ਦਿੱਤਾ ਜਾਵੇ। ਇਸ ਮਤੇ ਨੂੰ ਪੰਜਾਬ ਵਿਧਾਨ ਸਭਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਦੀ ਹਾਜ਼ਰੀ ਵਿੱਚ ਪਾਸ ਕੀਤਾ ਸੀ। ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਇਸ ਮਤੇ ਦੀ ਕਾਪੀ ਸੌਂਪ ਕੇ ਮੰਗ ਕੀਤੀ ਸੀ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਢੁਕਵੇਂ ਆਦੇਸ਼ ਦਿਤੇ ਜਾਣ। ਇਸ ਤੋਂ ਬਾਅਦ ਜਥੇਦਾਰ ਨੇ SGPC ਨੂੰ ਆਦੇਸ਼ ਦਿੱਤਾ ਸੀ ਕਿ ਇਕ ਟੀਵੀ ਚੈਨਲ ਨੂੰ ਗੁਰਬਾਣੀ ਪ੍ਰਸਾਰਣ ਦਾ ਹੱਕ ਦੇਣ ਦੀ ਥਾਂ ਸ਼੍ਰੋਮਣੀ ਕਮੇਟੀ ਆਪਣਾ ਚੈਨਲ ਸਥਾਪਤ ਕਰੇ ਜਿਸ ਰਾਹੀਂ ਸਾਰੇ ਚੈਨਲਾਂ ਨੂੰ ਫੀਡ ਦਿੱਤੀ ਜਾ ਸਕੇ।