ਗੁਰਦਾਸਪੁਰ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਐਕਸ਼ਨ ਮਗਰੋਂ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਡਟ ਕੇ ਖੜ੍ਹ ਗਏ ਹਨ। ਉਨ੍ਹਾਂ ਕਿਹਾ ਹੈ ਕਿ ਈਡੀ ਵੱਲੋਂ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਹਨੀ ਦੀ ਗ੍ਰਿਫਤਾਰੀ ਰਾਜਨੀਤੀ ਬਦਲਾਖੋਰੀ ਤਹਿਤ ਹੋਈ ਹੈ।



ਵਿਧਾਨ ਸਭਾ ਹਲਕਾ ਡੇਰਾ ਬਾਬਾ ਤੋਂ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਰੇਡ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਚੋਣਾਂ ਵਿੱਚ ਹੋ ਰਹੀ ਹੈ। ਜੇਕਰ ਕਾਰਵਾਈ ਕਰਨੀ ਹੈ ਤਾਂ ਆਪਣੇ ਚਹੇਤੇ ਬਿਕਰਮ ਮਜੀਠੀਆ ਤੇ ਕੈਪਟਨ ਅਮਰਿੰਦਰ ਸਿੰਘ 'ਤੇ ਵੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਤੇ ਕੈਪਟਨ ਅਮਰਿੰਦਰ ਸਿੰਘ 'ਤੇ ਵੀ ਈਡੀ ਦੇ ਮਾਮਲੇ ਹਨ ਪਰ ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਹੋ ਰਹੀ।

ਇਸ ਦੇ ਨਾਲ ਹੀ ਸੁਨੀਲ ਜਾਖੜ ਦੇ ਮੁੱਖ ਮੰਤਰੀ ਦੀ ਵੋਟਿੰਗ ਬਾਰੇ ਦਿੱਤੇ ਬਿਆਨ 'ਤੇ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਦਾ ਐਲਾਨ ਹਾਈ ਕਮਾਂਡ ਨੇ ਕੀਤਾ ਸੀ, ਇਸ ਲਈ ਵੋਟਿੰਗ ਅਹਿਮ ਨਹੀਂ ਸੀ। ਇਸ ਦੇ ਨਾਲ ਹੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਰਾਹੁਲ ਗਾਂਧੀ ਪੰਜਾਬ ਦੀ ਫੇਰੀ 'ਤੇ ਆ ਰਹੇ ਹਨ ਤੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਗੇ।


ਇਸ ਦੇ ਨਾਲ ਹੀ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਇਹ ਰੇਡ ਭਾਜਪਾ ਦੇ ਇਸ਼ਾਰੇ 'ਤੇ ਚੋਣਾਂ ਕਰਕੇ ਹੋ ਰਹੀ ਹੈ। ਇਹ ਭਾਜਪਾ ਕੋਈ ਨਵਾਂ ਨਹੀਂ ਕਰ ਰਹੀ। ਦੇਸ਼ ਦੇ ਜਿਸ ਵੀ ਸੂਬੇ ਵਿੱਚ ਭਾਜਪਾ ਸੱਤਾ ਵਿੱਚ ਨਹੀਂ, ਉੱਥੇ ਹੀ ਈਡੀ ਰੇਡ ਹੋ ਰਹੇ ਹਨ ਪਰ ਇਸ ਨਾਲ ਕਾਂਗਰਸ ਨੂੰ ਕੋਈ ਫਰਕ ਨਹੀਂ ਪੈਣ ਵਾਲਾ ਤੇ ਪੰਜਾਬ ਦੇ ਲੋਕ ਚਰਨਜੀਤ ਚੰਨੀ ਦੇ ਕੰਮਾਂ ਨੂੰ ਲੈ ਕੇ ਕਾਂਗਰਸ ਦੇ ਹੱਕ ਵਿੱਚ ਵੋਟ ਪਾਉਣਗੇ। 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904