Punjab News: ਪੰਜਾਬ ਕਾਂਗਰਸ ਦੇ ਅੰਦਰ ਚੱਲ ਰਿਹਾ ਕਾਟੋ-ਕਲੇਸ਼ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਇਹ ਅੰਦਰੂਨੀ ਕਲੇਸ਼ ਹੁਣ ਖੁੱਲ੍ਹ ਕੇ ਸਾਹਮਣੇ ਆਇਆ ਹੈ। ਦੱਸ ਦਈਏ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਪਾਰਟੀ ਤੋਂ ਮੁਅੱਤਲ ਕਰਨ ਤੋਂ ਬਾਅਦ ਹੁਣ ਡਾ. ਨਵਜੋਤ ਕੌਰ ਸਿੱਧੂ ਨੂੰ ਲੀਗਲ ਨੋਟਿਸ ਭੇਜਿਆ ਗਿਆ ਹੈ। ਇਹ ਨੋਟਿਸ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਵਲੋਂ ਭੇਜਿਆ ਗਿਆ ਹੈ।

Continues below advertisement

ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਇਹ ਨੋਟਿਸ ਡਾ. ਸਿੱਧੂ ਵੱਲੋਂ ਉਨ੍ਹਾਂ 'ਤੇ ਲਗਾਏ ਗਏ ਗੰਭੀਰ ਦੋਸ਼ਾਂ ਦੇ ਸੰਬੰਧ ਵਿੱਚ ਭੇਜਿਆ ਹੈ। ਨੋਟਿਸ ਵਿੱਚ ਰੰਧਾਵਾ ਨੇ ਡਾ. ਸਿੱਧੂ ਨੂੰ ਜਨਤਕ ਤੌਰ 'ਤੇ ਮੁਆਫੀ ਮੰਗਣ ਲਈ ਸੱਤ ਦਿਨਾਂ ਦਾ ਅਲਟੀਮੇਟਮ ਦਿੱਤਾ ਹੈ। ਅਜਿਹਾ ਨਾ ਕਰਨ 'ਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ ਹੈ।

Continues below advertisement

ਦਰਅਸਲ, ਡਾ. ਨਵਜੋਤ ਕੌਰ ਸਿੱਧੂ ਨੇ ਹਾਲ ਹੀ ਵਿੱਚ ਇੱਕ ਨਿੱਜੀ ਚੈਨਲ 'ਤੇ ਗੱਲਬਾਤ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਅਤੇ ਕਈ ਹੋਰ ਸਿਆਸਤਦਾਨਾਂ 'ਤੇ ਗੰਭੀਰ ਦੋਸ਼ ਲਗਾਏ ਸਨ। ਉਨ੍ਹਾਂ ਦਾਅਵਾ ਕੀਤਾ ਸੀ ਕਿ ਸੁਖਜਿੰਦਰ ਰੰਧਾਵਾ ਦੇ ਗੈਂਗਸਟਰਾਂ ਨਾਲ ਸਬੰਧ ਹਨ। ਉਨ੍ਹਾਂ ਨੇ ਉਨ੍ਹਾਂ 'ਤੇ ਕਈ ਹੋਰ ਦੋਸ਼ ਵੀ ਲਗਾਏ।

ਰੰਧਾਵਾ ਨੇ ਤੁਰੰਤ ਇਨ੍ਹਾਂ ਦੋਸ਼ਾਂ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਝੂਠਾ ਦੱਸਿਆ। ਉਨ੍ਹਾਂ ਹੁਣ ਆਪਣੇ ਵਕੀਲ ਰਾਹੀਂ ਕਾਨੂੰਨੀ ਨੋਟਿਸ ਭਿਜਵਾਇਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਅਜਿਹੇ ਬਿਆਨਾਂ ਨੇ ਉਨ੍ਹਾਂ ਦੀ ਰਾਜਨੀਤਿਕ ਅਤੇ ਸਮਾਜਿਕ ਛਵੀ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਇਆ ਹੈ ਇਹ ਮਾਮਲਾ ਅਤੇ ਮਾਣਹਾਨੀ ਦਾ ਬਣਦਾ ਹੈ।