Punjab Congress: ਬ੍ਰਹਮ ਮਹਿੰਦਰਾ ਆਊਟ, ਓਪੀ ਸੋਨੀ ਨੇ ਮਾਰੀ ਬਾਜੀ, ਉੱਪ ਮੁੱਖ ਮੰਤਰੀ ਬਣੇ
ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ।
ਚੰਡੀਗੜ੍ਹ: ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ਚੰਨੀ ਦੇ ਨਾਲ ਹੀ ਦੋ ਉਪ ਮੁੱਖ ਮੰਤਰੀਆਂ (ਡਿਪਟੀ CM) ਨੇ ਵੀ ਸਹੁੰ ਚੁੱਕੀ। ਸੁਖਜਿੰਦਰ ਸਿੰਘ ਰੰਧਾਵਾ ਤੇ ਓਪੀ ਸੋਨੀ ਉੱਪ ਮੁੱਖ ਮੰਤਰੀ ਬਣੇ ਹਨ।
ਅਹਿਮ ਗੱਲ਼ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਤੇ ਬ੍ਰਹਮ ਮਹਿੰਦਰਾ ਨੇ ਉੱਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣੀ ਸੀ ਪਰ ਐਨ ਆਖਰੀ ਵੇਲੇ ਖੁਲਾਸਾ ਹੋਇਆ ਕਿ ਬ੍ਰਹਮ ਮਹਿੰਦਰਾ ਦੀ ਥਾਂ ਓਪੀ ਸੋਨੀ ਉੱਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।
ਚਮਕੌਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਭਵਨ ਪਹੁੰਚ ਕੇ 16ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਦੇ ਨਾਲ ਸੁਖਜਿੰਦਰ ਸਿੰਘ ਰੰਧਾਵਾ ਤੇ ਓਪੀ ਸੋਨੀ ਨੇ ਵੀ ਸਹੁੰ ਚੁੱਕੀ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਣੇ ਹੋਰ ਵਿਧਾਇਕ ਵੀ ਹਾਜ਼ਰ ਸਨ।
ਪੰਜਾਬ ਦੇ ਸਿਆਸੀ ਇਤਿਹਾਸ ’ਚ ਪਹਿਲੀ ਦਫ਼ਾ ਕੋਈ ਦਲਿਤ ਆਗੂ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠੇ ਹਨ। ਇਸ ਤੋਂ ਪਹਿਲਾਂ ਰਾਮਗੜ੍ਹੀਆ ਭਾਈਚਾਰੇ ਵਿੱਚੋਂ ਗਿਆਨੀ ਜ਼ੈਲ ਸਿੰਘ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ।
ਦੱਸਣਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਕੈਪਟਨ ਸਰਕਾਰ ਵਿੱਚ ਤਕਨੀਕੀ ਸਿੱਖਿਆ ਮੰਤਰੀ ਸਨ। ਉਹ ਚਮਕੌਰ ਸਾਹਿਬ ਤੋਂ ਲਗਾਤਾਰ ਤੀਜੀ ਵਾਰ ਵਿਧਾਇਕ ਬਣੇ ਹਨ। ਮੁੱਖ ਮੰਤਰੀ ਦੀ ਸਹੁੰ ਚੁੱਕਣ ਤੋਂ ਬਾਅਦ ਸ੍ਰੀ ਚਰਨਜੀਤ ਸਿੰਘ ਚੰਨੀ ਨੇ 20 ਸਤੰਬਰ ਨੂੰ ਹੀ ਦੁਪਹਿਰ 12.30 ਵਜੇ ਚੰਡੀਗੜ੍ਹ ਸਥਿਤ ਪੰਜਾਬ ਭਵਨ ’ਚ ਪ੍ਰੈੱਸ ਕਾਨਫਰੰਸ ਸੱਦ ਲਈ ਹੈ।
ਇਹ ਵੀ ਪੜ੍ਹੋ: ਸਰਕਾਰੀ ਪਲੇਟਫ਼ਾਰਮ ’ਤੇ ਕਰੋ ਰਜਿਸਟਰ ਤੇ ਲਵੋ 2 ਲੱਖ ਰੁਪਏ ਦਾ ਬੀਮਾ, ਜਾਣੋ ਪੂਰੇ ਵੇਰਵੇ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin