ਚੰਡੀਗੜ੍ਹ: ਡਰੱਗ ਕੇਸ ਵਿੱਚ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਖਿਲਾਫ ਕਾਰਵਾਈ ਮਗਰੋਂ ਪੰਜਾਬ ਦਾ ਸਿਆਸੀ ਪਾਰਾ ਚੜ੍ਹ ਗਿਆ ਹੈ। ਇਸ ਬਾਰੇ ਅੱਜ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੱਡੀ ਗੱਲ ਕਹੀ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਹੈ ਕਿ ਰੱਬ ਦੇ ਘਰ ਦੇਰ ਹੈ, ਅੰਧੇਰ ਨਹੀਂ। ਕਿੰਨੇ ਹੀ ਲੰਬੇ ਸਮੇਂ ਤੋਂ ਅਸੀਂ ਆਪਣੇ ਪੰਜਾਬ ਦੀ ਜਵਾਨੀ ਤੇ ਉਜੜੀਆਂ ਕੁੱਖਾਂ ਨੂੰ ਇਨਸਾਫ ਦੁਆਉਣ ਲਈ ਸੰਘਰਸ਼ ਕੀਤਾ। ਆਖਰਕਾਰ ਵਾਹਿਗੁਰੂ ਜੀ ਨੇ ਪੰਜਾਬ ਦੀ ਪੁਕਾਰ ਸੁਣੀ। ਇਨਸਾਫ ਦੁਆਉਣ ਵਾਲਾ ਉਹ ਪਰਮੇਸ਼ਵਰ ਹੈ, ਅਸੀਂ ਬੱਸ ਇੱਕ ਜ਼ਰੀਆ ਬਣੇ ਹਨ।







ਉਧਰ, ਅਕਾਲੀ ਦਲ ਇਲਜ਼ਾਮ ਲਾ ਰਿਹਾ ਹੈ ਕਿ ਇਹ ਕਾਰਵਾਈ ਬਦਲਾਖੋਰੀ ਤਹਿਤ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਹੈ ਕਿ ਮਜੀਠੀਆ ਖਿਲਾਫ਼ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਝੂਠਾ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਦੀ ਚੁਣੌਤੀ ਨੂੰ ਸਵੀਕਾਰ ਕਰਦੇ ਹਨ ਤੇ ਸੂਬੇ ਵਿਚ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਆਉਣ ਮਗਰੋਂ ਝੂਠੇ ਕੇਸ ਦਰਜ ਕਰਨ ਵਾਲੇ ਪੁਲਿਸ ਅਧਿਕਾਰੀ ਤੇ ਝੂਠੇ ਕੇਸ ਬਣਵਾਉਣ ਵਾਲੇ ਆਗੂਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਦੇ ਜਵਾਬ ਵਿੱਚ ਸੁਖਜਿੰਦਰ ਰੰਧਾਵਾ ਨੇ ਕਿਹਾ ਹੈ ਕਿ ਕਾਨੂੰਨ ਅਨੁਸਾਰ ਕਾਰਵਾਈ ਹੋ ਰਹੀ ਹੈ ਤੇ ਇਸ ਪਿੱਛੇ ਬਦਲਾਖੋਰੀ ਦੀ ਕੋਈ ਭਾਵਨਾ ਨਹੀਂ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਪੁਲਿਸ ਅਫ਼ਸਰਾਂ ਨੂੰ ਦਬਕੇ ਮਾਰ ਰਹੇ ਹਨ ਜੋ ਸਹਿਣ ਨਹੀਂ ਕੀਤਾ ਜਾਵੇਗਾ। ਰੰਧਾਵਾ ਨੇ ਕਿਹਾ ਕਿ ਜਦੋਂ ਤੱਕ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ ਪ੍ਰਕਾਸ਼ ਸਿੰਘ ਬਾਦਲ ਕੋਲ ਰਹੀ, ਉਦੋਂ ਤੱਕ ਪਾਰਟੀ ’ਤੇ ਨਸ਼ਾ ਤਸਕਰੀ ਜਾਂ ਗੈਂਗਸਟਰਾਂ ਨੂੰ ਪਨਾਹ ਦੇਣ ਦੇ ਕਦੇ ਵੀ ਇਲਜ਼ਾਮ ਨਹੀਂ ਲੱਗੇ ਸਨ ਪਰ ਕਮਾਨ ਸੁਖਬੀਰ ਬਾਦਲ ਦੇ ਹੱਥ ਆਉਣ ਮਗਰੋਂ ਹਾਲਾਤ ਬਦਲ ਗਏ ਹਨ।


 



ਇਹ ਵੀ ਪੜ੍ਹੋ : ਸਾਵਧਾਨ! ਕੰਪਿਊਟਰਾਂ ਨੂੰ ਨਿਸ਼ਾਨਾ ਬਣਾ ਰਿਹਾ ਨਵਾਂ DarkWatchman Malware, ਅਟੈਕ ਤੋਂ ਇੰਝ ਬਚੋ



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490