Amritpal Singh News: ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ 9 ਹੋਰਨਾਂ ਸਾਥੀਆਂ ਦੀ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਨਜ਼ਰਬੰਦੀ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ। ਇਸ ਮਗਰੋਂ ਪੰਜਾਬ ਦੀ ਸਿਆਸਤ ਮੁੜ ਗਰਮਾ ਗਈ ਹੈ। ਵਿਰੋਧੀ ਧਿਰਾਂ ਇਸ ਲਈ ਕੇਂਦਰ ਸਰਕਾਰ ਦੇ ਨਾਲ ਹੀ ਪੰਜਾਬ ਵੀ ਭਗਵੰਤ ਮਾਨ ਸਰਕਾਰ ਨੂੰ ਵੀ ਘੇਰ ਰਹੀਆਂ ਹਨ।
ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਉਪਰ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਲੋਕਾਂ ਦੇ ਫੈਸਲੇ ਦਾ ਸਤਿਕਾਰ ਕਰਨ ਤੇ ਭਾਈ ਅੰਮ੍ਰਿਤਪਾਲ ਸਿੰਘ ਤੇ ਹੋਰਾਂ ਨੂੰ ਡਿਬਰੂਗੜ੍ਹ ਜੇਲ੍ਹ ਵਿੱਚੋਂ ਰਿਹਾਅ ਕਰਨ ਦੀ ਬਜਾਏ ਭਗਵੰਤ ਮਾਨ ਸਰਕਾਰ ਨੇ ਬਗੈਰ ਕੋਈ ਜਾਇਜ਼ ਕਾਰਨ ਦੱਸੇ ਐਨਐਸਏ ਨਜ਼ਰਬੰਦੀ ਦੇ ਸਖ਼ਤ ਹੁਕਮਾਂ ਨੂੰ ਹੋਰ ਵਧਾ ਦਿੱਤਾ ਹੈ। ਮੈਂ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦੀ ਇਸ ਬਦਲਾਖੋਰੀ ਵਾਲੀ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਾ ਹਾਂ ਤੇ ਉਨ੍ਹਾਂ ਦੀ ਜਲਦੀ ਰਿਹਾਈ ਦੀ ਮੰਗ ਕਰਦਾ ਹਾਂ।
ਦੱਸ ਦਈਏ ਕਿ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਸਮੇਤ ਪਿਛਲੇ ਸਾਲ ਮਾਰਚ ਤੋਂ ਬੰਦ ਹਨ। ਅੰਮ੍ਰਿਤਪਾਲ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਹਲਕਾ ਖਡੂਰ ਸਾਹਿਬ ਤੋਂ 1.97 ਲੱਖ ਵੋਟਾਂ ਦੇ ਵੱਡੇ ਫ਼ਰਕ ਨਾਲ ਲੋਕ ਸਭਾ ਚੋਣ ਜਿੱਤੀ ਹੈ। ਉਨ੍ਹਾਂ ਨੇ ਐਮਪੀ ਵਜੋਂ ਸਹੁੰ ਚੁੱਕਣ ਲਈ ਅਦਾਲਤ ਦਾ ਰੁਖ਼ ਕੀਤਾ ਹੋਇਆ ਹੈ ਪਰ ਇਸ ਤੋਂ ਪਹਿਲਾਂ ਉਨ੍ਹਾਂ ਉਪਰ ਲੱਗੀ ਐਨਐਸਏ ਦੀ ਮਿਆਦ ਇੱਕ ਸਾਲ ਲਈ ਵਧਾ ਦਿੱਤੀ ਹੈ।
ਦਰਅਸਲ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਇਹ ਗੱਲ ਚਰਚਾ ਵਿੱਚ ਰਹੀ ਹੈ ਕਿ ਜੇ ਅੰਮ੍ਰਿਤਪਾਲ ਸਿੰਘ ਚੋਣ ਜਿੱਤਦੇ ਹਨ ਤਾਂ ਉਹ ਜੇਲ੍ਹ ’ਚੋਂ ਰਿਹਾਅ ਹੋ ਜਾਣਗੇ ਪਰ ਉਨ੍ਹਾਂ ਉਪਰ ਲੱਗੀ ਐਨਐਸਏ ਨੂੰ ਇੱਕ ਸਾਲ ਹੋਰ ਵਧਾ ਦੇਣ ਨਾਲ ਉਨ੍ਹਾਂ ਦੇ ਪ੍ਰਸੰਸਕ ਗੁੱਸੇ ਵਿੱਚ ਹਨ।
ਇਹ ਵੀ ਪੜ੍ਹੋ: Punjab News: ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਪੰਜਾਬ ਰੋਡਵੇਜ਼ ਠੇਕਾ ਮੁਲਾਜ਼ਮਾਂ ਨੇ ਚੱਕਾਂ ਜਾਮ ਦਾ ਕੀਤਾ ਐਲਾਨ
ਹਾਸਲ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਸਲਾਹਕਾਰੀ ਬੋਰਡ ਦੀ ਸਿਫ਼ਾਰਸ਼ ਦੇ ਅਧਾਰ ’ਤੇ ਇਸ ਕੇਸ ਨੂੰ ਕੇਂਦਰ ਕੋਲ ਭੇਜਿਆ ਹੈ। ਸਲਾਹਕਾਰੀ ਬੋਰਡ ਨੇ 3 ਜੂਨ ਨੂੰ ਆਪਣੀ ਸਿਫ਼ਾਰਸ਼ ਵਿੱਚ ਕਿਹਾ ਹੈ ਕਿ ਮੌਜੂਦਾ ਤੱਥਾਂ ਤੇ ਹਾਲਾਤ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਕੌਮੀ ਸੁਰੱਖਿਆ ਐਕਟ ਤਹਿਤ ਨਜ਼ਰਬੰਦ ਰੱਖੇ ਜਾਣ ਵਾਸਤੇ ਪੇਸ਼ ਦਲੀਲ ਕਾਫ਼ੀ ਹੈ। ਗ੍ਰਹਿ ਵਿਭਾਗ ਪੰਜਾਬ ਨੇ 3 ਜੂਨ ਨੂੰ ਹੀ ਇਹ ਕੇਸ ਅੱਗੇ ਭੇਜ ਦਿੱਤਾ ਸੀ। ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਇੱਕ ਸਾਲ ਲਈ ਵਧਾਈ ਗਈ ਹੈ।
ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਨੇ 13 ਮਾਰਚ 2024 ਨੂੰ ਹੁਕਮ ਜਾਰੀ ਕੀਤੇ ਸਨ ਤੇ ਸੂਬਾ ਸਰਕਾਰ ਨੇ 24 ਮਾਰਚ 2024 ਨੂੰ ਹਰੀ ਝੰਡੀ ਦੇ ਦਿੱਤੀ ਸੀ। ਉਸ ਮਗਰੋਂ ਪੰਜਾਬ ਸਰਕਾਰ ਨੇ ਇਹ ਮਾਮਲਾ ਸਲਾਹਕਾਰੀ ਬੋਰਡ ਕੋਲ ਭੇਜਿਆ ਸੀ ਜਿਸ ਦੀ ਸਿਫ਼ਾਰਸ਼ ਦੇ ਅਧਾਰ ’ਤੇ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਦਾ ਸਮਾਂ ਵਧਾ ਦਿੱਤਾ ਗਿਆ ਹੈ।
ਹਾਸਲ ਵੇਰਵਿਆਂ ਅਨੁਸਾਰ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਤਿੰਨ ਸਾਥੀਆਂ ਦੀ ਨਜ਼ਰਬੰਦੀ ਦੀ ਮਿਆਦ 24 ਜੁਲਾਈ ਨੂੰ ਖ਼ਤਮ ਹੋ ਰਹੀ ਸੀ, ਜਦੋਂਕਿ ਉਨ੍ਹਾਂ ਦੇ ਛੇ ਹੋਰ ਸਾਥੀਆਂ ਦੀ ਨਜ਼ਰਬੰਦੀ 18 ਜੂਨ ਨੂੰ ਖ਼ਤਮ ਹੋਣੀ ਸੀ।
ਇਹ ਵੀ ਪੜ੍ਹੋ: New Delhi: 67 ਸਾਲ ਦਾ ਬਜ਼ੁਰਗ ਬਣ ਕੇ ਜਾ ਰਿਹਾ ਕੈਨੇਡਾ, ਦਿੱਲੀ ਏਅਰਪੋਰਟ 'ਤੇ ਸੱਚਾਈ ਆਈ ਸਾਹਮਣੇ, ਫਿਰ ਜੋ ਹੋਇਆ...