ਖਹਿਰਾ ਦਾ ਸੀਐਮ ਮਾਨ 'ਤੇ ਹਮਲਾ, ਬੋਲੇ ਮਾਨ ਕੱਲ੍ਹ PM ਮੋਦੀ ਦੇ ਗੁਣਗਾਨ ਹੀ ਕਰਦੇ ਰਹਿ ਗਏ
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਬੋਲਿਆ ਹੈ। ਖਹਿਰਾ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ
ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਬੋਲਿਆ ਹੈ। ਖਹਿਰਾ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ ਜਿਸ ਵਿੱਚ ਉਹ ਭਗਵੰਤ ਮਾਨ 'ਤੇ ਨਿਸ਼ਾਨੇ ਸਾਧ ਰਹੇ ਹਨ।
ਖਹਿਰਾ ਨੇ ਟਵੀਟ ਕਰ ਕਿਹਾ, "ਦੋਸਤੋ, ਬਹੁਤ ਅਫ਼ਸੋਸ ਦੀ ਗੱਲ ਹੈ ਕਿ ਨਿੱਤ ਦਿਨ ਪੰਜਾਬ ਦਾ ਹੋਕਾ ਭਰਨ ਵਾਲੇ ਭਗਵੰਤ ਮਾਨ ਕੱਲ PM ਮੋਦੀ ਦੇ ਗੁਣਗਾਨ ਹੀ ਕਰਦੇ ਰਹਿ ਗਏ। ਉਨ੍ਹਾਂ ਨੂੰ ਚਾਹੀਦਾ ਸੀ ਕਿ ਕੱਲ PM ਦੇ ਸਾਹਮਣੇ ਪੰਜਾਬ ਦੇ ਭੱਖਦੇ ਸਿਆਸੀ ਮਸਲੇ ਰੱਖਦੇ ਜਿਵੇਂ ਕਿ ਹਾਲ ਹੀ ਵਿੱਚ ਚੰਡੀਗੜ੍ਹ ਦੇ ਹਕੂਕ ਤੇ ਡਾਕਾ, BBMB ਤੋਂ ਪੰਜਾਬ ਦਾ ਹੱਕ ਖੋਹਣਾ, ਬੰਦੀ ਸਿੰਘਾ ਦੀ ਰਿਹਾਈ, BSF ਦਾ ਦਾਇਰਾ ਵਧਾਉਣਾ ਆਦਿ। ਇਸ ਦਾ ਮਤਲਬ ਇਹ ਹੋਇਆ ਕਿ ਭਗਵੰਤ ਮਾਨ ਇਹ ਮਸਲੇ ਸਿਰਫ ਸਿਆਸੀ ਸਟੇਜਾਂ ਤੇ ਹੀ ਚੁੱਕਣ ਯੋਗ ਹਨ ਤਾਂ ਹੀ ਮੈਂ ਇਹਨਾਂ ਨੂੰ ਫਰਜੀ ਇਨਕਲਾਬੀ ਕਹਿੰਦਾ ਹਾਂ - ਖਹਿਰਾ"
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਨਿਊ ਚੰਡੀਗੜ੍ਹ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕੀਤਾ। ਇਸ ਹਸਪਤਾਲ ਤੋਂ ਪੰਜਾਬ ਨੂੰ ਇਕ ਤਰ੍ਹਾਂ ਦੀ ਜ਼ਿੰਦਗੀ ਮਿਲੀ ਹੈ। ਪੰਜਾਬ ਵਿੱਚ ਮਾਲਵਾ ਹੀ ਨਹੀਂ ਦੋਆਬਾ ਤੇ ਮਾਝਾ ਵੀ ਕੈਂਸਰ ਦੀ ਲਪੇਟ ਵਿੱਚ ਹੈ। ਪਹਿਲਾਂ ਮਾਝਾ ਅਤੇ ਦੁਆਬੇ ਵਿੱਚ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ ਨਾਮਾਤਰ ਸੀ ਜਦੋਂਕਿ ਹੁਣ ਇੱਕ ਲੱਖ ਪਿੱਛੇ 60 ਦੇ ਕਰੀਬ ਮਰੀਜ਼ ਸਾਹਮਣੇ ਆ ਰਹੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੇ ਰੂਪ ਵਿੱਚ ਸੂਬੇ ਲਈ ਸਭ ਤੋਂ ਵੱਡਾ ਤੋਹਫ਼ਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਹ ਕੈਂਸਰ ਪ੍ਰਭਾਵਿਤ ਸੂਬੇ ਖਾਸ ਕਰਕੇ ਮਾਲਵਾ ਖੇਤਰ ਨੂੰ ਇਸ ਨਾਮੁਰਾਦ ਬਿਮਾਰੀ ਵਿਰੁੱਧ ਕਾਰਗਰ ਢੰਗ ਨਾਲ ਲੜਨ ਵਿੱਚ ਮਦਦਗਾਰ ਸਾਬਤ ਹੋਵੇਗਾ।
ਮੁੱਖ ਮੰਤਰੀ ਨੇ ਇਸ ਪ੍ਰੋਜੈਕਟ ਲਈ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ, "ਆਮ ਬੋਲ ਚਾਲ ਵਿੱਚ ਪੰਜਾਬੀਆਂ ਨੂੰ ਤਾਂ ਕੈਂਸਰ ਦਾ ਨਾਂ ਲੈਣ ਤੋਂ ਵੀ ਡਰ ਲੱਗਦਾ ਹੈ ਕਿਉਂਕਿ ਇਸ ਦਾ ਇਲਾਜ ਬਹੁਤ ਮਹਿੰਗਾ ਹੈ ਪਰ ਇਹ ਕੈਂਸਰ ਇਲਾਜ ਕੇਂਦਰ, ਖਿੱਤੇ ਲਈ ਪਹੁੰਚਯੋਗ ਅਤੇ ਕਿਫਾਇਤੀ ਇਲਾਜ ਯਕੀਨੀ ਬਣਾਉਣ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ।”
ਪ੍ਰਧਾਨ ਮੰਤਰੀ ਵੱਲੋਂ ਇਹ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰਨ ਲਈ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਇਤਿਹਾਸਕ ਪਹਿਲਕਦਮੀ ਹੈ, ਜੋ ਸੂਬੇ ਨੂੰ ਕੈਂਸਰ ਵਿਰੁੱਧ ਲੜਾਈ ਹੋਰ ਤੇਜ਼ ਕਰਨ ਵਿਚ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਵੇਂ ਸੂਬੇ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਪਰ ਕੀਟਨਾਸ਼ਕਾਂ ਅਤੇ ਨਦੀਨਨਾਸ਼ਕਾਂ ਦੀ ਵੱਧ ਵਰਤੋਂ ਕਾਰਨ ਪੰਜਾਬ ਦੇ ਲੋਕ ਕੈਂਸਰ ਦੀ ਬਿਮਾਰੀ ਦੀ ਲਪੇਟ ਵਿਚ ਆ ਗਏ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਹ ਹਸਪਤਾਲ ਨਾ ਸਿਰਫ਼ ਕੈਂਸਰ ਪੀੜਤ ਮਰੀਜ਼ਾਂ ਦਾ ਇਲਾਜ ਕਰੇਗਾ, ਸਗੋਂ ਖੋਜ ਕਾਰਜਾਂ ਰਾਹੀਂ ਇਸ ਦੀ ਰੋਕਥਾਮ ਨੂੰ ਯਕੀਨੀ ਬਣਾਉਣ ਵਿੱਚ ਵੀ ਸਹਾਈ ਹੋਵੇਗਾ।