ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਨਸ਼ੇ ਦੇ ਸੌਦਾਗਰਾਂ ਲਈ ਮੌਤ ਦੀ ਸਿਫਾਰਿਸ਼ ਨੂੰ ਸਿਆਸੀ ਸਟੰਟ ਕਰਾਰ ਦਿੱਤਾ ਹੈ। ਖਹਿਰਾ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਨਸ਼ੇ ਦੇ ਕੇਸਾਂ ਵਿੱਚ ਮੌਤ ਦੀ ਸਜ਼ਾ ਦੇਣ ਦਾ ਕਾਨੂੰਨ ਪਹਿਲਾਂ ਤੋਂ ਹੀ ਮੌਜੂਦ ਹੈ।
https://twitter.com/SukhpalKhaira/status/1013963987468374016
ਸੁਖਪਾਲ ਖਹਿਰਾ ਨੇ ਕਿਹਾ ਕਿ ਹਾਲਾਂਕਿ ਸਾਲ 2014 ਵਿੱਚ ਭਾਰਤ ਸਰਕਾਰ ਨੇ NDPS (ਨੈਸ਼ਨਲ ਡਰੱਗ ਐਂਡ ਸਾਈਕੋਟ੍ਰੌਪਿਕ ਸਬਸਟਾਂਸ) ਐਕਟ ਨੂੰ ਸੋਧਿਆ ਸੀ, ਪਰ ਐਕਟ ਦੇ ਸੈਕਸ਼ਨ 31ਏ ਤਹਿਤ ਹਾਲੇ ਵੀ ਮੌਤ ਦੀ ਸਜ਼ਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਨਸ਼ਾ ਦਾ ਜੁਰਮ ਨੂੰ ਵਾਰ-ਵਾਰ ਦੁਹਰਾਇਆ ਜਾਂਦਾ ਹੈ ਤਾਂ ਮੌਤ ਦੀ ਸਜ਼ਾ ਦਿੱਤੀ ਜਾਂਦੀ ਹੈ।
ਵਿਰੋਧੀ ਧਿਰ ਦੇ ਨੇਤਾ ਨੇ ਸਵਾਲ ਚੁੱਕਿਆ ਕਿ ਕੈਪਟਨ ਸਰਕਾਰ ਨਸ਼ਿਆਂ ਨੂੰ ਰੋਕਣ ਵਿੱਚ ਮਿਲੀ ਨਾਕਾਮਯਾਬੀ ਨੂੰ ਮੌਤ ਦੀ ਸਜ਼ਾ ਦੀ ਸਿਫਾਰਿਸ਼ ਰਾਹੀਂ ਢੱਕਣ ਦੀ ਕੋਸ਼ਿਸ਼ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੀ ਵਜ਼ਾਰਤ ਨੇ ਬੀਤੇ ਕੱਲ੍ਹ ਨਸ਼ੇ ਦੇ ਸੌਦਾਗਰਾਂ ਲਈ ਮੌਤ ਦੀ ਸਜ਼ਾ ਦੀ ਸਿਫਾਰਿਸ਼ ਕੇਂਦਰ ਸਰਕਾਰ ਨੂੰ ਭੇਜਣ ਦਾ ਫੈਸਲਾ ਕੀਤਾ ਸੀ। ਇਸ ਤੋਂ ਇਲਾਵਾ ਕੈਪਟਨ ਸਰਕਾਰ ਨੇ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਪੁਲਿਸ ਅਧਿਕਾਰੀਆਂ ਨੂੰ ਬਰਖ਼ਾਸਤ ਕੀਤੇ ਜਾਣ ਦੀ ਗੱਲ ਵੀ ਕਹੀ ਸੀ।