ਚੰਡੀਗੜ੍ਹ: ਪੰਜਾਬ ਡੈਮੋਕ੍ਰੈਟਿਕ ਫਰੰਟ ਨੇ ਐਲਾਨ ਕੀਤਾ ਹੈ ਕਿ ਦੇਸ਼ ਵਿੱਚ ਐਨਡੀਏ ਖ਼ਿਲਾਫ਼ ਬਣ ਰਹੇ ਮਹਾਂਗਠਜੋੜ ਤੋਂ ਬਹੁਜਨ ਸਮਾਜ ਪਾਰਟੀ ਸੁਪਰੀਮੋ ਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੂੰ ਪ੍ਰਧਾਨ ਮੰਤਰੀ ਦਾ ਉਮੀਦਵਾਰ ਹੋਣਾ ਚਾਹੀਦਾ ਹੈ। ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਖਹਿਰਾ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਮਾਇਆਵਤੀ ਨੂੰ ਪ੍ਰਧਾਨ ਮੰਤਰੀ ਦੇ ਉਮੀਦਵਾਰ ਵਜੋਂ ਐਲਾਨਿਆ।
ਪੀਡੀਏ ਨੇ ‘ਆਪ’ ਤੋਂ ਅਸਤੀਫ਼ਾ ਦੇ ਚੁੱਕੇ ਗਾਇਕ ਜੱਸੀ ਜਸਰਾਜ ਨੂੰ ਲੋਕ ਸਭਾ ਹਲਕਾ ਸੰਗਰੂਰ ਤੋਂ ‘ਆਪ’ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਖ਼ਿਲਾਫ਼ ਉਮੀਦਵਾਰ ਵਜੋਂ ਉਤਾਰਨ ਦਾ ਫ਼ੈਸਲਾ ਕੀਤਾ ਹੈ। ਪੀਡੀਏ ਵਿਚਲੀਆਂ 7 ਧਿਰਾਂ ਪੰਜਾਬ ਏਕਤਾ ਪਾਰਟੀ ਦੇ ਐਡਹਾਕ ਪ੍ਰਧਾਨ ਸੁਖਪਾਲ ਖਹਿਰਾ, ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ, ਬਸਪਾ ਪੰਜਾਬ ਦੇ ਪ੍ਰਧਾਨ ਰਛਪਾਲ ਸਿੰਘ ਰਾਜੂ, ਨਵਾਂ ਪੰਜਾਬ ਪਾਰਟੀ ਦੇ ਮੀਤ ਪ੍ਰਧਾਨ ਡਾ. ਜਗਜੀਤ ਸਿੰਘ ਚੀਮਾ, ਸੀਪੀਆਈ ਦੇ ਸਕੱਤਰ ਬੰਤ ਬਰਾੜ, ਹਰਦੇਵ ਅਰਸ਼ੀ ਤੇ ਨਿਰਮਲ ਧਾਲੀਵਾਲ, ਆਰਐਮਪੀਆਈ ਦੇ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਅਤੇ ਐਮਸੀਪੀਆਈ (ਯੂ) ਦੇ ਸਕੱਤਰ ਕਿਰਨਜੀਤ ਸੇਖੋਂ ਨੇ ਸਾਂਝੀ ਪ੍ਰੈੱਸ ਕਾਨਫ਼ਰੰਸ ਕਰਕੇ ਗੱਠਜੋੜ ਦਾ ਘੱਟੋ-ਘੱਟ ਸਾਂਝਾ ਪ੍ਰੋਗਰਾਮ ਰਿਲੀਜ਼ ਕੀਤਾ।
ਇਸ ਮੌਕੇ ਮੋਦੀ ਸਰਕਾਰ ਦੀਆਂ ਨੀਤੀਆਂ ਵਿਰੁੱਧ ਆਵਾਜ਼ ਉਠਾਉਣ ਸਮੇਤ ਪੰਜਾਬ ਦੇ ਕਿਸਾਨਾਂ, ਡਰੱਗ ਸਮੱਸਿਆ, ਧਾਰਮਿਕ ਬੇਅਦਬੀਆਂ, ਪਾਣੀ ਦੇ ਮਸਲੇ, ਦਲਿਤਾਂ ਦੇ ਮੁੱਦੇ ਉਠਾਉਣ ਦਾ ਫ਼ੈਸਲਾ ਵੀ ਕੀਤਾ ਗਿਆ। ਸੀਪੀਆਈ ਦੇ ਸਕੱਤਰ ਬੰਤ ਬਰਾੜ ਅਤੇ ਆਰਐਮਪੀਆਈ ਦੇ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਨੇ ਮੌਕੇ ’ਤੇ ਹੀ ਮਾਇਆਵਤੀ ਨੂੰ ਪੀਡੀਏ ਵੱਲੋਂ ਪ੍ਰਧਾਨ ਮੰਤਰੀ ਦੇ ਉਮੀਦਵਾਰ ਵਜੋਂ ਮੰਨਣ ਦੇ ਫ਼ੈਸਲੇ ਤੋਂ ਆਪਣੇ-ਆਪ ਨੂੰ ਵੱਖ ਕਰਦਿਆਂ ਕਿਹਾ ਕਿ ਭਾਵੇਂ ਉਹ ਉਨ੍ਹਾਂ ਦਾ ਸਨਮਾਨ ਕਰਦੇ ਹਨ ਪਰ ਚੋਣਾਂ ਹੋਣ ਤੋਂ ਪਹਿਲਾਂ ਕਿਸੇ ਨੂੰ ਪ੍ਰਧਾਨ ਮੰਤਰੀ ਦਾ ਉਮੀਦਵਾਰ ਮੰਨਣਾ ਉਨ੍ਹਾਂ ਲਈ ਸੰਭਵ ਨਹੀਂ। ਉਨ੍ਹਾਂ ਤਰਕ ਦਿੱਤਾ ਕਿ ਉਹ ਕੌਮੀ ਪਾਰਟੀਆਂ ਨਾਲ ਸਬੰਧਤ ਹਨ ਅਤੇ ਅਜਿਹੇ ਫ਼ੈਸਲੇ ਇਸ ਮੌਕੇ ਨਹੀਂ ਲਏ ਜਾ ਸਕਦੇ।