ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਵੱਲੋਂ ਇਨਸਾਫ਼ ਲੈਣ ਦੀ ਮੰਗ ਦਾ ਸਮਰਥਨ ਕਰਦੇ ਹਾਂ ਕਿਉਂਕਿ ਸਿੱਧੂ ਮੂਸੇਵਾਲਾ ਦਾ ਕਤਲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਸ ਦੀ ਸੁਰੱਖਿਆ ਵਾਪਸ ਲੈਣ ਤੇ ਸੋਸ਼ਲ ਮੀਡੀਆ 'ਤੇ ਇਸ ਨੂੰ ਫੈਲਾਉਣ ਦੇ ਫੈਸਲੇ ਦਾ ਨਤੀਜਾ ਸੀ। ਮੈਂ ਦੁਖੀ ਹਾਂ ਕਿ ਸਰਕਾਰ ਦੁਆਰਾ ਕੀਤੀਆਂ ਗਈਆਂ ਗਲਤੀਆਂ ਲਈ ਕਿਸੇ ਦੀ ਵੀ ਜ਼ਿੰਮੇਵਾਰੀ ਤੈਅ ਨਹੀਂ।

 





 ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਨੂੰ ਲੈ ਕੇ ਪਰਿਵਾਰ ਵੱਲੋਂ ਬੀਤੇ ਕੱਲ ਮਾਨਸਾ ਵਿਚ ਕੈਂਡਲ ਮਾਰਚ ਕੱਢਿਆ ਗਿਆ ਸੀ। ਜਿਸ ਦੀ ਅਗਵਾਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਨੇ ਕੀਤੀ।ਇਹ ਕੈਂਡਲ ਮਾਰਚ ਮਾਨਸਾ ਦੀ ਬਾਹਰੀ ਅਨਾਜ ਮੰਡੀ ਤੋਂ ਸ਼ੁਰੂ ਹੋਇਆ ਅਤੇ ਬਾਅਦ 'ਚ ਸਿੱਧੂ ਮੂਸੇਵਾਲਾ ਦੇ ਕਤਲ ਵਾਲੀ ਥਾਂ ’ਤੇ ਖ਼ਤਮ ਹੋਇਆ। ਇਸ ਦੌਰਾਨ ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਤੇ ਇਨਸਾਫ਼ ਦਿਵਾਉਣ ਲਈ ਲਿਖੀਆਂ ਗਈਆਂ ਤਕਰੀਰਾਂ ਦੀਆਂ ਤਖ਼ਤੀਆਂ ਫ਼ੈਨਜ ਵਲੋਂ ਹੱਥਾਂ ’ਚ ਫੜ੍ਹੀਆਂ ਹੋਈਆਂ ਸਨ।
 
ਕੈਂਡਲ ਮਾਰਚ ਦੀ ਅਗਵਾਈ ਕਰਦਿਆਂ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰ ਅੱਗੇ 3 ਮੰਗਾਂ ਰੱਖੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬੇਟੇ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਜਾਂਚ ਲਈ ਇੱਕ ਕਮਿਸ਼ਨ ਬਣਾਇਆ ਜਾਣਾ ਚਾਹੀਦਾ ਹੈ। ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਉਸ ਦੇ ਪੁੱਤਰ ਦੀ ਸੁਰੱਖਿਆ ਵਾਪਸ ਕਿਸ ਨੇ ਅਤੇ ਕਿਉਂ ਲਈ? ਪੰਜਾਬ ਦੀ ਫਿਲਮ ਇੰਡਸਟਰੀ ਦੇ ਗੈਂਗਸਟਰਾਂ ਨਾਲ ਸਬੰਧਾਂ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਗੈਂਗਸਟਰ ਗੋਲਡੀ ਬਰਾੜ ਨੂੰ ਕੈਨੇਡਾ ਤੋਂ ਭਾਰਤ ਲਿਆਂਦਾ ਜਾਵੇ।
 
ਸਰਕਾਰ ਦੀ ਕਾਰਵਾਈ ਤੋਂ ਮਾਪੇ ਨਾਖੁਸ਼


ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਸਰਕਾਰ ਦੀ ਕਾਰਵਾਈ ਤੋਂ ਮਾਪੇ ਸੰਤੁਸ਼ਟ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਗੋਲੀ ਚਲਾਉਣ ਵਾਲੇ ਤਾਂ ਪੁਲਿਸ ਨੇ ਫੜ ਲਏ ਪਰ ਸਾਰੀ ਸਾਜ਼ਿਸ਼ ਰਚਣ ਵਾਲੇ ਅਜੇ ਤੱਕ ਬਾਹਰ ਹਨ। ਮੂਸੇਵਾਲਾ ਦੀ ਸੁਰੱਖਿਆ 'ਚ ਕਟੌਤੀ ਕਰਨ ਵਾਲੇ ਅਧਿਕਾਰੀ 'ਤੇ ਕੋਈ ਕਾਰਵਾਈ ਨਹੀਂ ਹੋਈ ਅਤੇ ਨਾ ਹੀ ਉਨ੍ਹਾਂ ਨੇ ਗਲਤੀ ਮੰਨੀ ਹੈ। ਇਸ ਕਤਲੇਆਮ ਵਿੱਚ ਲਾਰੇਂਸ ਅਤੇ ਗੋਲਡੀ ਦੇ ਕਈ ਸਾਥੀ ਸ਼ਾਮਲ ਹਨ, ਜਿਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ। ਜਿਸ ਕਾਰਨ ਉਹ ਇਨਸਾਫ਼ ਲਈ ਸੜਕਾਂ 'ਤੇ ਆਉਣ ਲਈ ਮਜਬੂਰ ਹਨ।
 
ਦੱਸ ਦੇਈਏ ਕਿ 29 ਮਈ 2022 ਦਿਨ ਐਤਵਾਰ ਨੂੰ ਦੁਪਹਿਰ ਬਾਅਦ ਮਾਨਸਾ ਜ਼ਿਲ੍ਹੇ ਦੇ ਆਪਣੇ ਪਿੰਡ ਮੂਸਾ ਤੋਂ ਸਿੱਧੂ ਮੂਸੇਵਾਲਾ ਨਿਕਲੇ ਹੀ ਸਨ ਕਿ ਕੁਝ ਦੂਰ ਜਾਂਦਿਆਂ ਹੀ ਪਿੰਡ ਜਵਾਹਰਕੇ ਵਿੱਚ ਉਨ੍ਹਾਂ ਦੀ ਥਾਰ ਗੱਡੀ ਨੂੰ ਘੇਰ ਲਿਆ ਗਿਆ। ਅਣਪਛਾਤੇ ਹਮਲਾਵਰਾਂ ਨੇ ਘੇਰ ਕੇ ਕਈ ਰਾਊਂਡ ਫਾਇਰਿੰਗ ਕੀਤੇ। ਇਸ ਘਟਨਾ ਵਿੱਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ।