Punjab News: ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸ਼ਾ ਤਸਕਰਾਂ ਖਿਲਾਫ ਜਲਦ ਕਾਰਵਾਈ ਲਈ ਵੰਗਾਰਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੀਐਮ ਭਗਵੰਤ ਮਾਨ ਕੋਲ ਜੇਕਰ ਤਿੰਨ ਰਿਪੋਰਟਾਂ ਪਹੁੰਚ ਚੁੱਕੀਆਂ ਹਨ ਤਾਂ ਉਮੀਦ ਹੈ ਕਿ ਜਲਦ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਜਾਣਨਾ ਚਾਹੁੰਦੇ ਹਨ ਕਿ ਨਸ਼ਿਆਂ ਦੀ ਵੱਡੀ ਤਸਕਰੀ ਰਾਹੀਂ ਸਾਡੀ ਜਵਾਨੀ ਨੂੰ ਬਰਬਾਦ ਕਰਨ ਲਈ ਕਿਸ ਨੇ ਗੱਠਜੋੜ ਕੀਤਾ ਸੀ? 


ਸੁਖਪਾਲ ਖਹਿਰ ਨੇ ਟਵੀਟ ਕਰਕੇ ਕਿਹਾ ਹੈ ਕਿ ਪੰਜਾਬ ਇਹ ਜਾਣਨ ਦੀ ਉਤਸੁਕਤਾ ਨਾਲ ਉਡੀਕ ਕਰ ਰਿਹਾ ਹੈ ਕਿ ਨਸ਼ਿਆਂ ਦੀ ਵੱਡੀ ਤਸਕਰੀ ਰਾਹੀਂ ਸਾਡੀ ਜਵਾਨੀ ਨੂੰ ਬਰਬਾਦ ਕਰਨ ਲਈ ਕਿਸ ਨੇ ਗੱਠਜੋੜ ਕੀਤਾ ਸੀ? ਹੁਣ ਜਦੋਂਕਿ ਐਸਆਈਟੀ ਦੀਆਂ ਤਿੰਨ ਰਿਪੋਰਟਾਂ ਸੀਐਮ ਭਗਵੰਤ ਮਾਨ ਕੋਲ ਹਨ ਤਾਂ ਸਾਨੂੰ ਉਮੀਦ ਹੈ ਕਿ ਜੇਕਰ ਕੋਈ ਤਾਕਤਵਰ ਸਿਆਸਤਦਾਨ ਤੇ ਪੁਲਿਸ ਅਧਿਕਾਰੀ ਨਸ਼ਾ ਤਸਕਰੀ ਵਿੱਚ ਸ਼ਾਮਲ ਹੈ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਦਰਅਸਲ ਚਰਚਾ ਹੈ ਕਿ ਨਸ਼ਿਆਂ ਦੇ ਸੌਦਾਗਰਾਂ ਨੂੰ ਲੈ ਕੇ ਪੰਜਾਬ ਸਰਕਾਰ ਜਲਦ ਹੀ ਵੱਡਾ ਐਕਸ਼ਨ ਕਰਨ ਜਾ ਰਹੀ ਹੈ। ਇਸ ਦੇ ਸੰਕੇਤ ਸੀਐਮ ਭਗਵੰਤ ਮਾਨ ਨੇ ਦਿੱਤੇ ਹਨ। ਉਨ੍ਹਾਂ ਕਿਹਾ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ’ਤੇ ਪੰਜਾਬ ਸਰਕਾਰ ਸੂਬੇ ’ਚ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧਤ ਰਿਪੋਰਟ ’ਚ ਨਾਮਜ਼ਦ ਵਿਅਕਤੀਆਂ ਖਿਲਾਫ ਛੇਤੀ ਹੀ ਕਾਰਵਾਈ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਹੈ ਕਿ ਨਸ਼ਿਆਂ ਰਾਹੀਂ ਪੰਜਾਬ ਦੀ ਜਵਾਨੀ ਬਰਬਾਦ ਕਰਨ ਵਾਲੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ।


ਸਰਕਾਰ ਦੇ ਇਸ ਐਲਾਨ ਤੋਂ ਬਾਅਦ ਕਈ ਸਿਆਸੀ ਰਸੂਖ ਰੱਖਣ ਵਾਲੇ ਵਿਅਕਤੀਆਂ ਤੇ ਕੁਝ ਅਫਸਰਾਂ ’ਚ ਸਹਿਮ ਪੈਦਾ ਹੋ ਗਿਆ ਹੈ। ਨਸ਼ਾ ਪੰਜਾਬ ਵਿੱਚ ਵੱਡਾ ਮੁੱਦਾ ਹੈ। ਮੰਨਿਆ ਜਾ ਰਿਹਾ ਹੈ ਕਿ ਅਗਲੇ ਸਾਲ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਇਸੇ ਮੁੱਦੇ ਉੱਪਰ ਦਾਅ ਖੇਡਣਾ ਚਾਹੁੰਦੀ ਹੈ ਕਿਉਂਕਿ ਨਸ਼ਿਆਂ ਖਿਲਾਫ ਸਖਤ ਕਾਰਵਾਈ ਇੱਕ ਅਜਿਹਾ ਮੁੱਦਾ ਹੈ ਜਿਸ ਉੱਪਰ ਹਰ ਵਰਗ ਦੇ ਲੋਕ ਇੱਕਮਤ ਹਨ।