ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਬਾਗ਼ੀ ਤੇ ਅਸੰਤੁਸ਼ਟ ਵਿਧਾਇਕਾਂ ਦੇ ਅਸਤੀਫਿਆਂ ਮਗਰੋਂ ਉਨ੍ਹਾਂ ਨੂੰ ਵਿਧਾਨ ਸਭਾ ਵਿੱਚੋਂ ਛਾਂਟੇ ਜਾਣ ਦੀ ਮੰਗ ਤੇਜ਼ ਹੋ ਗਈ ਹੈ। ਅਜਿਹੇ ਵਿੱਚ ਵਿਧਾਨ ਸਭਾ ਸਪੀਕਰ 'ਤੇ ਵਧ ਰਹੇ ਦਬਾਅ ਕਾਰਨ ਜਿੱਥੇ ਫੂਲਕਾ ਨੂੰ ਅਸਤੀਫ਼ਾ ਦੇਣ ਲਈ ਸਹੀ ਢੰਗ ਅਪਣਾਉਣ ਲਈ ਕਿਹਾ ਗਿਆ ਹੈ, ਉੱਥੇ ਸੁਖਪਾਲ ਖਹਿਰਾ ਨੂੰ ਆਪਣੀ ਵਿਧਾਇਕੀ ਨੂੰ ਮਿਲੀ ਚੁਣੌਤੀਆਂ ਦਾ ਜਵਾਬ ਦੇਣ ਲਈ ਜਨਤਕ ਇਸ਼ਤਿਹਾਰ ਦਾ ਸਹਾਰਾ ਲਿਆ ਜਾ ਸਕਦਾ ਹੈ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਵਜੋਂ ਦਿੱਤੇ ਅਸਤੀਫ਼ੇ ਬਾਰੇ ਉਨ੍ਹਾਂ ਦੀ ਜਵਾਬਤਲਬੀ ਜਨਤਕ ਇਸ਼ਤਿਹਾਰ ਦੇ ਕੇ ਕਰਨਗੇ। ਇਸ ਤੋਂ ਇਲਾਵਾ ‘ਆਪ’ ਦੇ ਹੀ ਵਿਧਾਇਕ ਐੱਚ ਐੱਸ ਫੂਲਕਾ ਵੱਲੋਂ ਵਿਧਾਇਕ ਦੇ ਅਹੁਦੇ ਤੋਂ ਦਿੱਤੇ ਅਸਤੀਫ਼ੇ ਉਪਰ ਕਾਨੂੰਨੀ ਰਾਏ ਲਈ ਜਾ ਰਹੀ ਹੈ।

ਦਰਅਸਲ, ਅਕਾਲੀ ਦਲ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਤੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ‘ਆਪ’ ਦੇ ਤਿੰਨ ਵਿਧਾਇਕ ਸੁਖਪਾਲ ਸਿੰਘ ਖਹਿਰਾ, ਐੱਚ.ਐੱਸ. ਫੂਲਕਾ ਤੇ ਮਾਸਟਰ ਬਲਦੇਵ ਸਿੰਘ ਅਸਤੀਫ਼ੇ ਦੇ ਚੁੱਕੇ ਹਨ, ਇਸ ਦੇ ਬਾਵਜੂਦ ਉਹ ਵਿਧਾਨ ਸਭਾ ’ਚ ਆ ਰਹੇ ਹਨ ਤੇ ਇਸ ਸਬੰਧੀ ਭੰਬਲਭੂਸਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸਤੀਫ਼ਾ ਦੇਣ ਵਾਲੇ ਵਿਧਾਇਕ ਵਿਧਾਨ ਸਭਾ ਦੀ ਪ੍ਰਕਿਰਿਆ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਇਸ ਪਾਰਟੀ ਦੇ ਕੁਝ ਵਿਧਾਇਕ ਆਪਣੇ ਆਪ ਨੂੰ ਪਾਰਟੀ ਤੋਂ ਅਲੱਗ ਦੱਸ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਸ ਪਾਰਟੀ ਦੇ ਅਸਤੀਫ਼ਾ ਦੇਣ ਵਾਲੇ ਵਿਧਾਇਕ ਸਰਕਾਰੀ ਖਜ਼ਾਨੇ ਦੀ ਦੁਰਵਰਤੋਂ ਕਰ ਰਹੇ ਹਨ ਅਤੇ ਆਮ ਵਾਂਗ ਟੀਏ, ਡੀਏ ਤੇ ਹੋਰ ਸੁੱਖ-ਸਹੂਲਤਾਂ ਮਾਣ ਰਹੇ ਹਨ। ਉਨ੍ਹਾਂ ਇਸ ਮਾਮਲੇ ਵਿੱਚ ਕਾਂਗਰਸ ਤੇ ‘ਆਪ’ ਵਿਚਕਾਰ ਸਮਝੌਤਾ ਹੋਣ ਦਾ ਵੀ ਖ਼ਦਸ਼ਾ ਜ਼ਾਹਰ ਕੀਤਾ।

ਇਸ ’ਤੇ ਸਪੀਕਰ ਨੇ ਦੱਸਿਆ ਕਿ ਉਹ ਖਹਿਰਾ ਨੂੰ ਦੋ-ਤਿੰਨ ਵਾਰ ਨੋਟਿਸ ਭੇਜ ਕੇ ਅਸਤੀਫ਼ੇ ਬਾਰੇ ਨਿੱਜੀ ਤੌਰ ’ਤੇ ਮਿਲ ਕੇ ਜਵਾਬ ਦੇਣ ਲਈ ਕਹਿ ਚੁੱਕੇ ਹਨ, ਪਰ ਉਹ ਇਨ੍ਹਾਂ ਨੋਟਿਸਾਂ ਉਪਰ ਰਿਪੋਰਟ ਕਰਵਾ ਦਿੰਦੇ ਹਨ ਕਿ ਉਹ ਮਿਲੇ ਨਹੀਂ ਹਨ। ਹੁਣ ਖਹਿਰਾ ਨੂੰ ਜਨਤਕ ਇਸ਼ਤਿਹਾਰ ਰਾਹੀਂ ਜਾਣੂੰ ਕਰਵਾਉਣ ਦੀ ਪ੍ਰਕਿਰਿਆ ਚਲਾਈ ਜਾ ਰਹੀ ਹੈ। ਸਪੀਕਰ ਨੇ ਕਿਹਾ ਕਿ ਜਿੱਥੋਂ ਤਕ ਫੂਲਕਾ ਦੇ ਅਸਤੀਫ਼ੇ ਦਾ ਸਵਾਲ ਹੈ, ਉਨ੍ਹਾਂ ਕੱਲ੍ਹ ਹੀ ਫੂਲਕਾ ਨੂੰ ਸੱਦ ਕੇ ਕਿਹਾ ਹੈ ਕਿ ਉਨ੍ਹਾਂ ਦਾ ਅਸਤੀਫ਼ਾ ਨਿਰਧਾਰਿਤ ਨਿਯਮਾਂ ਅਨੁਸਾਰ ਨਹੀਂ ਲਿਖਿਆ ਗਿਆ, ਪਰ ਫੂਲਕਾ ਇਸ ਨੂੰ ਸਹੀ ਕਰਾਰ ਦੇ ਰਹੇ ਹਨ। ਇਸ ਕਾਰਨ ਉਨ੍ਹਾਂ ਫੂਲਕਾ ਦੇ ਅਸਤੀਫ਼ੇ ਬਾਰੇ ਕਾਨੂੰਨੀ ਸਲਾਹ ਲੈਣ ਦਾ ਫ਼ੈਸਲਾ ਕੀਤਾ ਹੈ। ਸਪੀਕਰ ਨੇ ਕਿਹਾ ਕਿ ਭਾਵੇਂ ਇਹ ਮਾਮਲਾ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਹੈ, ਪਰ ਫਿਰ ਵੀ ਜੇ ਕਿਸੇ ਨੂੰ ਇਤਰਾਜ਼ ਹੈ ਤਾਂ ਉਹ ਅਦਾਲਤ ਜਾ ਸਕਦਾ ਹੈ।