ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਪਾਰਟੀ ਵੱਲੋਂ ਵਿਰੋਧੀ ਧਿਰ ਦੇ ਨੇਤਾ ਦੇ ਆਹੁਦੇ ਤੋਂ ਲਾਂਭੇ ਕਰਨ ਤੋਂ ਬਾਅਦ ਕਿਹਾ ਕਿ ਮੈਨੂੰ ਹਰਪਾਲ ਚੀਮਾ ਨਾਲ ਕੋਈ ਸਮੱਸਿਆ ਨਹੀਂ ਹੈ ਸਗੋਂ ਦਿੱਲੀ ਦਾ ਉੱਪ ਮੁੱਖ ਮੰਤਰੀ ਵੀ ਦਲਿਤ ਹੋਣਾ ਚਾਹੀਦਾ ਹੈ ਇਸ ਨਾਲ ਪਾਰਟੀ ਨੂੰ ਹੋਰ ਵੀ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਮੇਰੇ ਹਿਸਾਬ ਨਾਲ ਤਾਂ ਆਉਂਦੇ ਸਾਲਾਂ 'ਚ ਪੰਜਾਬ ਦਾ ਮੁੱਖ ਮੰਤਰੀ ਵੀ ਦਲਿਤ ਭਾਈਚਾਰੇ ਦਾ ਹੋਵੇਗਾ।
ਖਹਿਰਾ ਨੇ 'ਏਬੀਪੀ ਸਾਂਝਾ' ਨੂੰ ਦਿੱਤੇ ਇੰਟਰਵਿਊ 'ਚ ਕਿਹਾ ਮੈਂ ਕੋਈ ਨਵੀਂ ਪਾਰਟੀ ਨਹੀਂ ਬਣਾਉਣੀ ਤੇ ਨਾ ਹੀ ਮੇਰਾ ਕੋਈ ਆਪ ਦੇ ਖਿਲਾਫ ਪ੍ਰੋਗਰਾਮ ਹੈ। ਉਨ੍ਹਾਂ ਹਰਪਾਲ ਚੀਮਾ ਨੂੰ ਸੱਦਾ ਦਿੰਦਿਆਂ ਕਿਹਾ ਕਿ ਮੇਰੇ ਹਰ ਪ੍ਰੋਗਰਾਮ 'ਚ ਆਉਣ ਕਿਉਂਕਿ ਉਹ ਸਾਰੇ ਪ੍ਰੋਗਰਾਮ ਪਾਰਟੀ ਦੇ ਪ੍ਰੋਗਰਾਮ ਹਨ।
ਖਹਿਰਾ ਨੇ ਪਾਰਟੀ ਖਿਲਾਫ ਨਰਾਜ਼ਗੀ ਪ੍ਰਗਟਾਉਂਦਿਆਂ ਕਿਹਾ ਕਿ ਪਾਰਟੀ ਨੂੰ ਮੇਰੇ ਨਾਲ ਗੈਰ ਕਨੂੰਨੀ ਤਰੀਕੇ ਨਾਲ ਇਹ ਸਭ ਨਹੀਂ ਕਰਨਾ ਚਾਹੀਦਾ ਸੀ ਕਿਉਂਕਿ ਮੈਂ ਕੁਰਸੀ ਦਾ ਭੁੱਖਾ ਨਹੀਂ ਹਾਂ ਤੇ ਨਾ ਹੀ ਮੈਂ ਮੁੱਖ ਮੰਤਰੀ ਬਣਨਾ ਚਾਹੁੰਦਾ ਹਾਂ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਤੀਜੇ ਬਦਲ ਦੀ ਤਲਾਸ਼ 'ਚ ਹਨ। ਅਸੀਂ ਪੰਜਾਬ ਲਈ ਬਿਹਤਰ ਬਦਲ ਹੋਵਾਂਗੇ ਤੇ ਕਾਂਗਰਸ ਤੇ ਅਕਾਲੀਆਂ ਨੂੰ ਟੱਕਰ ਦੇਵਾਂਗੇ।
ਖਹਿਰਾਂ ਨੇ ਇਹ ਵੀ ਕਿਹਾ ਕਿ ਪਾਰਟੀ ਦੇ ਸਾਰੇ ਵਿਧਾਇਕ ਇਕੱਠੇ ਹਾਂ। ਕੋਈ ਵੀ ਇਕ ਦੂਜੇ ਖ਼ਿਲਾਫ਼ ਨਹੀਂ ਹੈ। ਕੇਜਰੀਵਾਲ ਬਾਰੇ ਬੋਲਦਿਆਂ ਖਹਿਰਾ ਨੇ ਕਿਹਾ ਕੇਜਰੀਵਾਲ ਨੇ ਦਿੱਲੀ 'ਚ ਸਿਖਿਆ ਤੇ ਸਿਹਤ ਦੇ ਖੇਤਰ 'ਚ ਸ਼ਲਾਘਾਯੋਗ ਕੰਮ ਕੀਤਾ ਹੈ।
ਜ਼ਿਕਰਯੋਗ ਹੈ ਕਿ ਹਾਲ ਹੀ 'ਚ ਆਮ ਆਦਮੀ ਪਾਰਟੀ ਨੇ ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦੇ ਅਹੁਦੇ ਤੋਂ ਲਾਂਭੇ ਕਰਕੇ ਹਰਪਾਲ ਚੀਮਾ ਨੂੰ ਇਹ ਅਹੁਦਾ ਸੌਂਪ ਦਿੱਤਾ ਹੈ।