ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਖਹਿਰਾ, ਲੋਕ ਇਨਸਾਫ ਪਾਰਟੀ ਦੇ ਬੈਂਸ ਭਰਾਵਾਂ ਤੇ ਪਟਿਆਲਾ ਦੇ ਸਾਂਸਦ ਧਰਮਵੀਰ ਗਾਂਧੀ ਵੱਲੋਂ ਸ਼ੁਰੂ ਕੀਤਾ ‘ਇਨਸਾਫ ਮੋਰਚਾ’ ਅੱਜ 5ਵੇਂ ਦਿਨ ਬਰਨਾਲਾ ਦੇ ਧਨੌਲਾ ਤੋਂ ਰਵਾਨਾ ਹੋਇਆ। ਇਸ ਮੌਕੇ ਬਲਵਿੰਦਰ ਸਿੰਘ ਬੈਂਸ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ’ਤੇ ਖੂਬ ਤਾਹਨੇ ਕੱਸੇ। ਖਹਿਰਾ ਨੇ ਵੀ ਕੈਪਟਨ ਸਰਕਾਰ ਦੀਆਂ ਬਦਕੋਈਆਂ ਕੀਤੀਆਂ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਖਹਿਰਾ ਨੇ ਕਿਹਾ ਕਿ ਇਨਸਾਫ ਮੋਰਚਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਬਰਗਾੜੀ ਗੋਲ਼ੀਕਾਂਡ, ਕਿਸਾਨ ਖ਼ੁਦਕੁਸ਼ੀਆਂ ਤੇ ਹੋਰ ਮੁੱਦਿਆਂ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੂੰ 20 ਮਹੀਨਿਆਂ ਦਾ ਸਮਾਂ ਹੋ ਗਿਆ ਹੈ। ਹੁਣ ਤਕ ਕੈਪਟਨ ਰਾਜ ਵਿੱਚ ਕਰੀਬ 550 ਕਿਸਾਨ ਆਪਣੀ ਜਾਨ ਦੇ ਚੁੱਕੇ ਸਨ।
ਬਰਗਾੜੀ ਮੋਰਚੇ ਦੇ ਲੀਡਰਾਂ ਧਿਆਨ ਸਿੰਘ ਮੰਡ ਤੇ ਬਲਜੀਤ ਸਿੰਘ ਦਾਦੂਵਾਲ ਦਰਮਿਆਨ ਚੱਲ ਰਹੇ ਵਿਵਾਦ ਬਾਰੇ ਉਨ੍ਹਾਂ ਕਿਹਾ ਕਿ ਮੰਡ ਨੂੰ ਕੈਪਟਨ ਦੇ ਦੋ ਮੰਤਰੀਆਂ ਦੇ ਬਹਿਕਾਵੇ ਵਿੱਚ ਆ ਕੇ ਮੋਰਚਾ ਖ਼ਤਮ ਨਹੀਂ ਕਰਨਾ ਚਾਹੀਦਾ ਸੀ ਬਲਕਿ ਲੋਕਾਂ ਤੇ ਹੋਰ ਮੁਤਵਾਜ਼ੀ ਜਥੇਦਾਰਾਂ ਨਾਲ ਸਲਾਹ-ਮਸ਼ਵਰਾ ਕਰ ਲੈਣਾ ਚਾਹੀਦਾ ਸੀ।
ਮਾਰਚ ਵਿੱਚ ਸ਼ਾਮਲ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਵਿੱਚ ਜੰਗਲ ਰਾਜ ਸਥਾਪਤ ਹੋ ਗਿਆ ਹੈ ਜਿੱਥੇ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ। ਕਿਸਾਨ ਪ੍ਰਧਾਨ ਸੂਬਾ ਹੋਣ ਦੇ ਬਾਵਜੂਦ ਇੱਥੇ ਰੋਜ਼ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਨੂੰ ਆੜੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ ਕਿ ਅਕਾਲੀਆਂ ਵੱਲੋਂ ਮੰਗੀ ਮਾਫੀ ਸਿਰਫ ਦਿਖਾਵਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਖ਼ਤਮ ਹੋਣ ਦੀ ਕਗਾਰ ’ਤੇ ਖੜ੍ਹਾ ਹੈ।