ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੇ ਮਾਮਲੇ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਲਾਹ ਦਿੱਤੀ ਹੈ ਕਿ ਕਿਸੇ ਲਈ ਪਾਰਟੀ ਦੇ ਕਾਡਰਾਂ ਦੀ ਊਰਜਾ ਨੂੰ ਬਰਬਾਦ ਨਾ ਕਰੋ ਕਿਉਂਕਿ ਪੰਜਾਬ ਦੇ ਬੇਅਦਬੀ, ਕਿਸਾਨ ਖੁਦਕੁਸ਼ੀਆਂ, ਪਾਣੀ , ਐਲਐਸਡੀ ਆਦਿ ਵਰਗੇ ਬਹੁਤ ਸਾਰੇ ਭਖਦੇ ਮੁੱਦੇ ਹਨ ,ਜਿਨ੍ਹਾਂ 'ਤੇ ਸਾਨੂੰ ਕੰਮ ਕਰਨਾ ਚਾਹੀਦਾ ਹੈ। ਮੇਰੇ 'ਤੇ ਕੇਸ ਦਰਜ ਹੋਇਆ ਪਰ ਭੁਲੱਥ ਵਾਲਿਆਂ ਨੇ ਮੇਰੇ 'ਤੇ ਵਿਸ਼ਵਾਸ ਕੀਤਾ ਤੇ ਮੈਨੂੰ ਵਿਧਾਨ ਸਭਾ ਲਈ ਵੋਟ ਦਿੱਤੀ। ਜੇਕਰ ਸਾਡਾ ਨੇਤਾ ਇਮਾਨਦਾਰ ਹੈ ਤਾਂ ਸਾਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।





ਦੱਸ ਦੇਈਏ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਭਾਰਤ ਭੂਸ਼ਣ ਆਸ਼ੂ ਲਈ ਵਿਜੀਲੈਂਸ ਭਵਨ ਦੇ ਬਾਹਰ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਰਾਜਾ ਵੜਿੰਗ (Amarinder Singh Raja Warring) ਨੇ ਇਸ ਗ੍ਰਿਫ਼ਤਾਰੀ ਦੀ ਸਖਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਗ੍ਰਿਫ਼ਤਾਰੀ ਚੋਰਾਂ ਵਾਂਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਕੋਲ ਆਸ਼ੂ ਵਿਰੁੱਧ 2000 ਕਰੋੜ ਰੁਪਏ ਦੇ ਟੈਂਡਰ ਘਪਲੇ ਵਿੱਚ ਕੋਈ ਸਬੂਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਦਾ ਨੁਕਸਾਨ ਹੀ ਹੋਵੇਗਾ।
 

2000 ਕਰੋੜ ਦੇ ਟਰਾਂਸਪੋਰਟੇਸ਼ਨ ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਆਸ਼ੂ ਦਾ ਰਿਮਾਂਡ ਅੱਜ ਖ਼ਤਮ ਹੋ ਗਿਆ ਹੈ ਅਤੇ ਵਿਜੀਲੈਂਸ ਅੱਜ ਭਾਰਤ ਭੂਸ਼ਣ ਆਸ਼ੂ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰਕੇ ਹੋਰ ਰਿਮਾਂਡ ਮੰਗੇਗੀ। ਦੱਸਿਆ ਜਾ ਰਿਹਾ ਹੈ ਕਿ 4 ਦਿਨਾਂ ਦੇ ਰਿਮਾਂਡ 'ਚ ਸਾਬਕਾ ਮੰਤਰੀ ਆਸ਼ੂ ਨੇ ਵਿਜੀਲੈਂਸ ਨੂੰ ਕੋਈ ਸਹਿਯੋਗ ਨਹੀਂ ਦਿੱਤਾ। ਵਿਜੀਲੈਂਸ ਵੱਲੋਂ ਇਹ ਗ੍ਰਿਫਤਾਰੀ ਠੇਕੇਦਾਰ ਤੇਲੂ ਰਾਮ ਦੇ ਬਿਆਨਾਂ ਦੇ ਆਧਾਰ 'ਤੇ ਕੀਤੀ ਗਈ ਹੈ। ਭਾਰਤ ਭੂਸ਼ਣ ਆਸ਼ੂ 'ਤੇ ਐਫਆਈਆਰ ਵਿੱਚ ਧੋਖਾਧੜੀ ਅਤੇ ਅਪਰਾਧਿਕ ਸਾਜਿਸ਼ ਰਚਣ ਦੇ ਦੋਸ਼ ਲੱਗੇ ਹਨ।

 

 ਵਿਜੀਲੈਂਸ ਨੇ ਭਾਰਤ ਭੂਸ਼ਣ ਆਸ਼ੂ ਨੂੰ 22 ਅਗਸਤ ਨੂੰ ਸੈਲੂਨ ਤੋਂ ਗ੍ਰਿਫਤਾਰ ਕੀਤਾ ਸੀ। ਗੁਰਪ੍ਰੀਤ ਸਿੰਘ ਨੇ ਵਿਜੀਲੈਂਸ ਨੂੰ ਆਸ਼ੂ ਵਿਰੁੱਧ ਸ਼ਿਕਾਇਤ ਕੀਤੀ ਸੀ ਕਿ ਆਸ਼ੂ ਨੇ ਆਪਣੇ ਕੁਝ ਦੋਸਤਾਂ ਨੂੰ ਫਾਇਦਾ ਪਹੁੰਚਾਉਣ ਲਈ ਟੈਂਡਰ ਵੰਡਣ ਵਿੱਚ ਧਾਂਦਲੀ ਕੀਤੀ ਸੀ। ਵਿਜੀਲੈਂਸ ਨੇ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਆਸ਼ੂ ਵਿਰੁੱਧ ਆਈਪੀਸੀ ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7,8,12,13 ਤਹਿਤ ਐਫਆਈਆਰ ਦਰਜ ਕੀਤੀ ਹੈ। 

 

ਓਧਰ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਵਿਜੀਲੈਂਸ ਵਲੋਂ ਕੀਤੀ ਗ੍ਰਿਫਤਾਰੀ ਬਾਰੇ ਕਿਹਾ ਕਿ ਸਬੂਤ ਹਨ, ਇਸ ਲਈ ਕਾਰਵਾਈ ਹੋਈ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਆਕੇ ਕਹਿੰਦੇ ਸੀ ਸਾਨੂੰ ਫੜ੍ਹ ਲਓ, ਇਸ ਲਈ ਫੜ੍ਹ ਲਿਆ ਹੈ। ਮਾਨ ਨੇ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਨੂੰ ਲੁੱਟਿਆ ਹੈ, ਉਨ੍ਹਾਂ ਤੋਂ ਹਿਸਾਬ ਲਿਆ ਜਾਏਗਾ। ਉਨ੍ਹਾਂ ਕਿਹਾ ਕਿ ਇਸਦੇ ਪਿੱਛੇ ਕੋਈ ਸਿਆਸੀ ਬਦਲਾਖੋਰੀ ਨਹੀਂ ਹੈ, ਕਾਨੂੰਨ ਆਪਣਾ ਕੰਮ ਕਰ ਰਿਹਾ ਹੈ।