ਚੰਡੀਗੜ੍ਹ: ਕੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਮੁਖੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ? ਕੀ ਹੁਣ ਆਮ ਆਦਮੀ ਪਾਰਟੀ ਪੰਜਾਬ ਦੀ ਕਮਾਨ ਸਿੱਧਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੱਥ ਹੈ? ਇਸ ਸਵਾਲ ਉਸ ਵੇਲੇ ਖੜ੍ਹੇ ਹੋਏ ਜਦੋਂ ਜ਼ੈੱਡ ਪਲੱਸ ਸੁਰੱਖਿਆ ਵਾਲੀਆਂ ਸ਼ਖ਼ਸੀਅਤਾਂ ਦੀ ਸੂਚੀ ਜਾਰੀ ਕੀਤੀ ਗਈ। ਇਸ ਸੂਚੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਕਨਵੀਨਰ ਲਿਖਿਆ ਗਿਆ ਹੈ। ਦੂਜੇ ਪਾਸੇ ਭਗਵੰਤ ਮਾਨ ਨੂੰ ਸਿਰਫ ਮੁੱਖ ਮੰਤਰੀ ਲਿਖਿਆ ਗਿਆ ਹੈ।
ਬੇਸ਼ੱਕ ਇਸ ਸੂਚੀ ਵਿੱਚ ਕਿਸੇ ਤਕਨੀਕੀ ਦਾਅ-ਪੇਚ ਨੂੰ ਧਿਆਨ ਵਿੱਚ ਰੱਖ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਕਨਵੀਨਰ ਲਿਖਿਆ ਗਿਆ ਗਿਆ ਹੋਵੇ ਪਰ ਭਗਵੰਤ ਮਾਨ ਦੇ ਨਾਂ ਨਾਲੋਂ ਮੁਖੀ ਦਾ ਅਹੁਦਾ ਹਟਾਉਣਾ ਕਈ ਸਵਾਲ ਖੜ੍ਹੇ ਕਰ ਰਿਹਾ ਹੈ। ਇਸ ਵਿਵਾਦ ਨੂੰ ਅਸਲ ਹਵਾ ਉਦੋਂ ਮਿਲੀ ਜਦੋਂ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਲਿਸਟ ਸ਼ੇਅਰ ਕਰਦਿਆਂ ਵੱਡੇ ਸਵਾਲ ਉਠਾਏ।
ਦਰਅਸਲ ਪੰਜਾਬ ਸਰਕਾਰ ਨੇ ਸੁਰੱਖਿਆ ਲਈ 29 ਅਪ੍ਰੈਲ ਨੂੰ ਇੱਕ ਸੂਚੀ ਜਾਰੀ ਕੀਤੀ ਸੀ। ਇਸ ਸੂਚੀ ਅਨੁਸਾਰ ਅਰਵਿੰਦ ਕੇਜਰੀਵਾਲ ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਹਨ, ਜਦੋਂਕਿ ਪੰਜਾਬ ਵਿੱਚ ਕਨਵੀਨਰ ਦਾ ਮਤਲਬ ਪ੍ਰਧਾਨ ਹੈ ਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਹਨ।
ਇਸ ਬਾਰੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਕਿੰਨੀ ਧੋਖਾਧੜੀ ਕੀਤੀ ਹੈ। ਅਰਵਿੰਦ ਕੇਜਰੀਵਾਲ, ਭਾਰਤ ਸਰਕਾਰ ਤੋਂ ਪਹਿਲਾਂ ਹੀ ਜ਼ੈੱਡ ਪਲੱਸ ਸੁਰੱਖਿਆ ਕਵਰ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਤੋਂ ਜ਼ੈੱਡ ਪਲੱਸ ਸੁਰੱਖਿਆ ਲੈਣ ਲਈ ਖੁਦ ਨੂੰ ਆਪ ਪੰਜਾਬ ਕਨਵੀਨਰ ਵਜੋਂ ਦਰਸਾ ਰਹੇ ਹਨ, ਜਦਕਿ ਕੇਂਦਰੀ ਗ੍ਰਹਿ ਮੰਤਰਾਲੇ ਦੁਆਰਾ ਪ੍ਰਵਾਨਿਤ Z+ ਸ਼੍ਰੇਣੀ ਦੇ ਤਹਿਤ ਕੇਜਰੀਵਾਲ ਕੋਲ ਪਹਿਲਾਂ ਹੀ ਉੱਚ ਪੱਧਰੀ ਸੁਰੱਖਿਆ ਹੈ। ਖਹਿਰਾ ਨੇ ਕਿਹਾ ਹੇਠਾਂ ਦਿੱਤੇ ਦਸਤਾਵੇਜ਼ ਹਾਈ ਕੋਰਟ ਵਿੱਚ ਇੱਕ ਰਿੱਟ ਪਟੀਸ਼ਨ ਦੇ ਹਨ। ਭਗਵੰਤ ਮਾਨ ਨੂੰ ਧੋਖਾਧੜੀ ਦੀ ਵਿਆਖਿਆ ਕਰਨੀ ਚਾਹੀਦੀ ਹੈ?