ਚੰਡੀਗੜ੍ਹ: ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਹੁਣ ਉਹ ਬਹਿਬਲ ਗੋਲੀ ਕਾਂਡ ’ਚ ਬੁਰੀ ਤਰ੍ਹਾਂ ਘਿਰ ਗਏ ਹਨ। ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਸੁਮੇਧ ਸੈਣੀ ਤੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰ ਲਿਆ ਹੈ। ਇਸ ਮਾਮਲੇ ਵਿੱਚ ਵੀ ਸੈਣੀ ਉੱਪਰ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ ਹੈ। ਉਂਝ ਅਦਾਲਤ ਦੇ ਹੁਕਮ ਅਨੁਸਾਰ ਸੈਣੀ ਨੂੰ ਗ੍ਰਿਫਤਾਰ ਕਰਨ ਤੋਂ ਹਫਤਾ ਪਹਿਲਾਂ ਨੋਟਿਸ ਦੇਣਾ ਪਏਗਾ।

ਦੱਸ ਦਈਏ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ 14 ਅਕਤੂਬਰ, 2015 ਨੂੰ ਵਾਪਰੇ ਬਹਿਬਲ ਗੋਲੀ ਕਾਂਡ ਦੀ ਪੜਤਾਲ ਵਿਸ਼ੇਸ਼ ਜਾਂਚ ਟੀਮ ਕਰ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਆਈਜੀ ਪਰਮਰਾਜ ਸਿੰਘ ਉਮਰਾਨੰਗਲ 14 ਅਕਤੂਬਰ, 2015 ਸਵੇਰੇ ਬਹਿਬਲ ਕਲਾਂ ਵਿੱਚ ਗਿਆ ਸੀ, ਜਿੱਥੇ ਸਿੱਖ ਸੰਗਤਾਂ ਬੇਅਦਬੀ ਖ਼ਿਲਾਫ਼ ਸ਼ਾਂਤਮਈ ਧਰਨੇ ’ਤੇ ਬੈਠੀਆਂ ਸਨ। ਉਸ ਵੇਲੇ ਦੇ ਡੀਜੀਪੀ ਸੁਮੇਧ ਸੈਣੀ ਤੇ ਆਈਜੀ ਪਰਮਰਾਜ ਉਮਰਾਨੰਗਲ ਨੇ ਹੀ ਸਿਆਸੀ ਦਬਾਅਦ ਕਰਕੇ ਸੰਗਤਾਂ ਨੂੰ ਹਟਾਉਣ ਦੀ ਯੋਜਨਾ ਬਣਾਈ ਸੀ।

ਇੱਥੇ ਚੱਲੀ ਪੁਲਿਸ ਦੀ ਗੋਲੀ ਨਾਲ ਦੋ ਸਿੱਖ ਨੌਜਵਾਨ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ 32 ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ ਸਨ। ਜਾਂਚ ਟੀਮ ਦਾ ਦਾਅਵਾ ਹੈ ਕਿ ਇਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਦੋ ਸਿੱਖ ਨੌਜਵਾਨਾਂ ਦੇ ਕਤਲ ਨੂੰ ਕਥਿਤ ਤੌਰ ’ਤੇ ਜਾਇਜ਼ ਠਹਿਰਾਉਣ ਲਈ ਧਰਨਾਕਾਰੀਆਂ ’ਤੇ ਹੀ ਇਰਾਦਾ ਕਤਲ ਤੇ ਪੁਲਿਸ ’ਤੇ ਹਮਲਾ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕਰ ਦਿੱਤਾ। ਜਾਂਚ ਟੀਮ ਨੇ ਪੜਤਾਲ ’ਚ ਦਾਅਵਾ ਕੀਤਾ ਹੈ ਕਿ ਪੁਲੀਸ ਦੀ ਜਿਪਸੀ ’ਚ ਗੋਲੀਆਂ ਧਰਨਾਕਾਰੀਆਂ ਵੱਲੋਂ ਨਹੀਂ ਮਾਰੀਆਂ ਗਈਆਂ ਸਨ ਬਲਕਿ ਪੁਲੀਸ ਅਧਿਕਾਰੀਆਂ ਨੇ ਖੁਦ ਨੂੰ ਬਚਾਉਣ ਲਈ ਜਿਪਸੀ ਵਿੱਚ ਖੁਦ ਗੋਲੀਆਂ ਮਾਰ ਕੇ ਝੂਠੀ ਗਵਾਹੀ ਤਿਆਰ ਕੀਤੀ।