ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਅਗਾਉਂ ਜ਼ਮਾਨਤ ਦੇ ਦਿੱਤੀ ਹੈ, ਜੋ ਸ੍ਰੋਤਾਂ ਤੋਂ ਵੱਧ ਸੰਪਤੀ ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਸੇ ਹੋਏ ਹਨ। ਉਨ੍ਹਾਂ ਨੂੰ ਇੱਕ ਹਫ਼ਤੇ ਅੰਦਰ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਗਏ ਹਨ।
ਇਸ ਦੇ ਨਾਲ ਹੀ ਹਾਈਕੋਰਟ ਨੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਸੈਣੀ ਦੇਸ਼ ਤੋਂ ਬਾਹਰ ਨਾ ਜਾਣ, ਉਹ ਆਪਣਾ ਪਾਸਪੋਰਟ ਜਮ੍ਹਾਂ ਕਰਵਾ ਦੇਣ। ਇਸ ਦੇ ਨਾਲ ਹੀ ਹਾਈਕੋਰਟ ਨੇ ਇਸ ਮਾਮਲੇ ਨੂੰ 7 ਅਕਤੂਬਰ ਤੱਕ ਲਈ ਟਾਲ ਦਿੱਤਾ ਹੈ।
ਕਿਉਂਕਿ ਇਹ ਇੱਕ ਬਹੁਤ ਹੀ ਉੱਚ ਪ੍ਰੋਫਾਈਲ ਕੇਸ ਹੈ, ਇਸ ਲਈ ਸੈਣੀ ਨੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਮੁਕਲ ਰੋਹਤਗੀ ਨੂੰ ਇਸ ਮਾਮਲੇ ਵਿੱਚ ਜ਼ਮਾਨਤ ਦਿਵਾਉਣ ਲਈ ਲਗਾਇਆ ਹੈ। ਦੂਜੇ ਪਾਸੇ, ਪੰਜਾਬ ਸਰਕਾਰ ਨੇ ਮੁਕਲ ਰੋਹਤਗੀ ਵਿਰੁੱਧ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪੀ ਚਿਤੰਬਰਮ ਨੂੰ ਪੇਸ਼ ਕੀਤਾ ਹੈ। ਇਸ ਦੇ ਬਾਵਜੂਦ ਸੈਣੀ ਅਗਾਉਂ ਜ਼ਮਾਨਤ ਲੈਣ ਵਿੱਚ ਕਾਮਯਾਬ ਰਹੇ ਹਨ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ, ਜਸਟਿਸ ਅਵਨੀਸ਼ ਝਿੰਗਨ ਦੇ ਬੈਂਚ ਨੇ ਫੈਸਲਾ ਰਾਖਵਾਂ ਰੱਖ ਲਿਆ ਸੀ। ਪੰਜਾਬ ਵਿਜੀਲੈਂਸ ਬਿਊਰੋ ਇਸ ਮਾਮਲੇ ਵਿੱਚ ਸੈਣੀ ਦੀ ਭਾਲ ਕਰ ਰਿਹਾ ਹੈ ਤੇ ਇਸਦੇ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਸੈਣੀ ਨੇ ਗ੍ਰਿਫਤਾਰੀ ਤੋਂ ਬਚਣ ਲਈ ਮੁਹਾਲੀ ਅਦਾਲਤ ਵਿੱਚ ਅਗਾਉਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਪਰ ਮੁਹਾਲੀ ਅਦਾਲਤ ਨੇ ਉਸ ਨੂੰ ਅਗਾਉਂ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਅਜਿਹੀ ਸਥਿਤੀ ਵਿੱਚ ਹੁਣ ਸੈਣੀ ਨੇ ਹਾਈ ਕੋਰਟ ਤੋਂ ਅਗਾਉਂ ਜ਼ਮਾਨਤ ਦੀ ਮੰਗ ਕੀਤੀ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੈਣੀ ਦੇ ਨਾਲ-ਨਾਲ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਨਿਮਰਤ ਦੀਪ ਸਿੰਘ, ਉਸ ਦੇ ਪਿਤਾ ਸੁਰੇਂਦਰ ਸਿੰਘ, ਜਸਪਾਲ, ਅਜੇ ਕੌਸ਼ਲ, ਪ੍ਰਦੁਮਨ ਸਿੰਘ, ਪਰਮਜੀਤ ਸਿੰਘ ਤੇ ਅਮਿਤ ਸਿੰਗਲਾ ਨੂੰ ਅਸਾਧਾਰਨ ਸੰਪਤੀ ਬਣਾਉਣ ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਨਾਮਜ਼ਦ ਕੀਤਾ ਗਿਆ ਹੈ।