ਚੰਡੀਗੜ੍ਹ: ਸਾਬਕਾ ਡੀਜੀਪੀ ਸੁਮੇਧ ਸੈਣੀ ਕਸੂਤੇ ਘਿਰ ਗਏ ਹਨ। ਮੰਗਲਵਾਰ ਨੂੰ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਹੁਣ ਸਿਰਫ ਹਾਈਕੋਰਟ 'ਤੇ ਟੇਕ ਹੈ। ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੈਣੀ ਦੀ ਮੁਕੱਦਮਾ ਰੱਦ ਕਰਾਉਣ ਵਾਲੀ ਪਟੀਸ਼ਨ 'ਤੇ ਸੁਣਵਾਈ ਹੈ। ਸੈਣੀ ਨੇ ਮੁਹਾਲੀ ਦੇ ਮਟੌਰ ਥਾਣੇ ਵਿੱਚ ਦਰਜ ਅਪਰਾਧਿਕ ਕੇਸ ਨੂੰ ਰੱਦ ਕਰਵਾਉਣ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।


ਸੈਣੀ ਨੇ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਇਹ 29 ਸਾਲ ਪੁਰਾਣਾ ਮਾਮਲਾ ਹੈ। ਇਸ ਸਬੰਧੀ ਪਹਿਲਾਂ ਉਨ੍ਹਾਂ ਖ਼ਿਲਾਫ਼ ਸੀਬੀਆਈ ਨੇ ਵੀ ਕੇਸ ਦਰਜ ਕੀਤਾ ਸੀ ਪਰ ਕੇਂਦਰੀ ਜਾਂਚ ਏਜੰਸੀ ਸੁਪਰੀਮ ਕੋਰਟ ਵਿੱਚ ਠੋਸ ਸਬੂਤ ਪੇਸ਼ ਨਹੀਂ ਕਰ ਸਕੀ। ਲਿਹਾਜ਼ਾ ਸੁਪਰੀਮ ਕੋਰਟ ਨੇ ਕੇਸ ਨੂੰ ਮੁੱਢੋਂ ਰੱਦ ਕਰ ਦਿੱਤਾ ਸੀ। ਸੈਣੀ ਨੇ ਕਿਹਾ ਕਿ ਹੁਣ ਦਰਜ ਕੀਤਾ ਗਿਆ ਕੇਸ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ।

ਦੱਸ ਦਈਏ ਕਿ ਮੁਹਾਲੀ ਅਦਾਲਤ ਨੇ ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੈਣੀ ਨੂੰ ਵੱਡਾ ਝਟਕਾ ਦਿੰਦਿਆਂ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ। ਸੈਣੀ ਨੇ ਕੁਝ ਦਿਨ ਪਹਿਲਾਂ ਆਪਣੇ ਵਕੀਲ ਰਾਹੀਂ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਧਾਰਾ 302 ਵਿੱਚ ਅਗਾਊਂ ਜ਼ਮਾਨਤ ਦੇਣ ਦੀ ਅਪੀਲ ਕੀਤੀ ਸੀ।