ਅਕਾਲੀਆਂ ਨੂੰ ਘੇਰਨ ਲਈ ਕੈਪਟਨ ਨੇ ਬੇਅਦਬੀ ਪੀੜਤ ਪਿੰਡਾਂ 'ਚ ਭੇਜੇ ਆਪਣੇ ਪੰਜ ਜਰਨੈਲ
ਏਬੀਪੀ ਸਾਂਝਾ | 05 Sep 2018 07:54 PM (IST)
ਫ਼ਰੀਦਕੋਟ: ਵਿਧਾਨ ਸਭਾ ਵਿੱਚ ਬੇਅਦਬੀਆਂ ਤੇ ਗੋਲ਼ੀਕਾਂਡਾਂ 'ਤੇ ਬਣੀ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਰਿਪੋਰਟ ਨੂੰ ਪੇਸ਼ ਕਰਨ ਤੋਂ ਬਾਅਦ ਬੈਕਫੁੱਟ 'ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਨੂੰ ਕਾਂਗਰਸ ਨੇ ਇੱਕ ਹੋਰ ਜ਼ਬਰਦਸਤ ਧੱਫਾ ਮਾਰਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੰਜ ਖ਼ਾਸ ਕਾਂਗਰਸੀ ਲੀਡਰਾਂ ਨੇ ਅੱਜ ਫ਼ਰੀਦਕੋਟ ਵਿੱਚ ਬੇਅਦਬੀ ਮਾਮਲਿਆਂ ਵਿੱਚ ਪੁਲਿਸ ਦੇ ਕਥਿਤ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨਾਂ ਦੇ ਘਰ ਵੀ ਗਏ। ਕਾਂਗਰਸੀ ਲੀਡਰਾਂ ਨੇ ਜਿੱਥੇ ਅਕਾਲੀਆਂ ਨੂੰ ਖ਼ੂਬ ਘੇਰਿਆ ਉੱਥੇ ਚੋਣ ਜ਼ਾਬਤਾ ਖ਼ਤਮ ਹੋਣ ਤੋਂ ਬਾਅਦ ਪੀੜਤ ਨੌਜਵਾਨਾਂ ਲਈ ਮੁਆਵਜ਼ੇ ਦਾ ਐਲਾਨ ਹੋਣ ਦੀ ਗੱਲ ਵੀ ਕਹੀ। ਕਾਂਗਰਸ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ, ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ, ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ, ਜੇਲ੍ਹ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਾਂਗਰਸੀ ਸਮਰਥਕਾਂ ਨਾਲ ਬੇਅਦਬੀ ਪੀੜਤ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਕਾਂਗਰਸੀ ਲੀਡਰਾਂ ਨੇ ਕਿਹਾ ਕਿ ਚੋਣ ਜ਼ਾਬਤਾ ਖ਼ਤਮ ਹੋਣ ਮਗਰੋਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗ੍ਰੰਥੀ ਨੂੰ 5 ਲੱਖ ਰੁਪਏ ਤੇ ਪਿੰਡ ਪੰਜਗਰਾਈਂ ਖੁਰਦ ਦੇ ਤਸ਼ੱਦਦ ਦਾ ਸ਼ਿਕਾਰ 2 ਨੌਜਵਾਨਾਂ ਨੂੰ 15 ਲੱਖ ਰੁਪਏ ਤੇ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਧਾਰਮਿਕ ਸੰਸਥਾਵਾ ਨੂੰ ਆਪਣੇ ਨਿੱਜੀ ਹਿੱਤਾਂ ਲਈ ਵਰਤਿਆ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਦੇ ਕਹਿਣ 'ਤੇ ਹੀ ਅਕਾਲ ਤਖਤ ਦੇ ਜੱਥੇਦਾਰਾਂ ਅਤੇ ਸ੍ਰੋਮਣੀ ਕਮੇਟੀ ਵੱਲੋਂ ਡੇਰਾ ਸਿਰਸਾ ਦੇ ਮੁੱਖੀ ਨੂੰ ਮੁਆਫੀ ਦਿੱਤੀ ਗਈ ਅਤੇ ਉਸ ਦੀ ਫਿਲਮ ਪੰਜਾਬ ਵਿੱਚ ਚਲਾਉਣ ਲਈ ਹੀ ਅਜਿਹਾ ਵਰਤਾਰਾ ਕੀਤਾ ਗਿਆ ਕਿਉਂਕਿ ਉਸ ਫ਼ਿਲਮ ਵਿੱਚ ਅਕਾਲੀ ਕਲ ਦੇ ਪ੍ਰਧਾਨ ਦਾ ਵੀ ਹਿੱਸਾ ਸੀ। ਇੰਨਾ ਹੀ ਨਹੀਂ ਜਾਖੜ ਨੇ ਸੁਖਬੀਰ ਬਾਦਲ ਨੂੰ 'ਇੰਸਾ' ਉਪਨਾਮ ਨਾਲ ਵੀ ਕਈ ਵਾਰ ਸੰਬੋਧਨ ਕੀਤਾ। ਜ਼ਿਕਰਯੋਗ ਹੈ ਕਿ ਅਕਤੂਬਰ 2015 ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟ ਕਰ ਰਹੇ ਲੋਕਾਂ ਤੇ ਪੁਲਿਸ ਨੇ ਗੋਲ਼ੀ ਚਲਾ ਦਿੱਤੀ ਸੀ, ਜਿਸ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ। ਜਾਖੜ ਨੇ ਕਿਹਾ ਕਿ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਸਾਫ ਲਿਖਿਆ ਹੈ ਕਿ ਉਸ ਸਮੇਂ ਦੇ ਮੁੱਖ ਮੰਤਰੀ, ਉਪ ਮੁੱਖ ਮੰਤਰੀ, ਡੀਜੀਪੀ ਸਮੇਤ ਉੱਚ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਵੀ ਬੇਅਦਬੀ ਅਤੇ ਗੋਲ਼ੀਕਾਂਡ ਦੀਆਂ ਘਟਨਾਵਾਂ ਬਾਰੇ ਪੂਰੀ ਜਾਣਕਾਰੀ ਸੀ ਅਤੇ ਪੁਲਿਸ ਨੇ ਹਾਕਮ ਧਿਰ ਦੇ ਕਹਿਣ ਤੇ ਹੀ ਨਿਹੱਥੇ ਲੋਕਾਂ 'ਤੇ ਗੋਲ਼ੀਆਂ ਚਲਾਈਆਂ। ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਅਕਾਲੀ ਸਰਕਾਰ ਸਮੇਂ ਵਾਪਰੇ ਬੇਅਦਬੀ ਕਾਂਡ ਬਦਲੇ ਪੰਜਾਬ ਦੇ ਲੋਕ ਅਕਾਲੀ ਦਲ ਨੂੰ ਕਦੇ ਵੀ ਮੁਆਫ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਗਿਆ ਚੋਣ ਵਾਅਦਾ ਪੂਰਾ ਕੀਤਾ ਗਿਆ ਹੈ ਅਤੇ ਬੇਅਦਬੀ ਕਾਂਡ ਅਤੇ ਗੋਲੀ ਕਾਂਡ ਨਾਲ ਸਬੰਧਤ ਦੋਸ਼ੀਆਂ ਨੂੰ ਹਰ ਹਾਲਤ ਵਿੱਚ ਸਜ਼ਾ ਦਿਵਾਈ ਜਾਵੇਗੀ।