ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਕਿਸਾਨਾਂ ਲਈ ਵਾਸਤਾ ਪਾਇਆ। ਉਨ੍ਹਾਂ ਨੇ ਮੋਦੀ ਨੂੰ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਆਪਣੀ ਉਮਰ ਦੇ ਆਖ਼ਰੀ ਪੜਾਅ ਵਿੱਚ ਖੇਤੀ ਕਰਕੇ ਕਿਸਾਨੀ ਦੇ ਮਹੱਤਵ ਨੂੰ ਉਜਾਗਰ ਕੀਤਾ ਸੀ। ਅੱਜ ਵੀ ਕਿਸਾਨ ਹੀ ਖੇਤੀ ਕਰਕੇ ਲੋਕਾਂ ਦਾ ਢਿੱਡ ਭਰ ਰਹੇ ਹਨ। ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਦੇ ਕਿਸਾਨਾਂ ਦੀ ਪਰਾਲੀ ਪ੍ਰਬੰਧਨ ਲਈ ਮਦਦ ਕਰੇ।


ਜਾਖੜ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਸੁਪਰੀਮ ਕੋਰਟ ਦੀਆਂ ਤਾਜ਼ਾ ਹਦਾਇਤਾਂ ਦੇ ਮੱਦੇਨਜ਼ਰ ਕਿਸਾਨਾਂ ਲਈ 100 ਰੁਪਏ ਦੀ ਸਹਾਇਤਾ ਕਰਨੀ ਰਾਜ ਦੇ ਸੀਮਤ ਵਿੱਤੀ ਸਾਧਨਾਂ ਕਾਰਨ ਔਖੀ ਹੈ। ਕੇਂਦਰ ਸਰਕਾਰ ਵੀ ਕਿਸਾਨਾਂ ਦੀ ਬਾਂਹ ਫੜੇ ਤੇ ਝੋਨੇ ’ਤੇ 100 ਰੁਪਏ ਦਾ ਬੋਨਸ ਦੇਵੇ ਤਾਂ ਜੋ ਕਿਸਾਨ ਪਰਾਲੀ ਦਾ ਨਿਬੇੜਾ ਕਰ ਸਕਣ।

ਦਰਅਸਲ ਸੁਪਰੀਮ ਕੋਰਟ ਦੀਆਂ ਹਦਾਇਤਾਂ ਮਗਰੋਂ ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦਿੱਤਾ ਜਾਵੇਗਾ। ਇਸ ਸਕੀਮ ਦੇ ਅਮਲ ਵਿੱਚ ਆਉਣ ਨਾਲ ਸਰਕਾਰੀ ਖ਼ਜ਼ਾਨੇ ਉੱਤੇ 300 ਤੋਂ 400 ਕਰੋੜ ਰੁਪਏ ਦਾ ਬੋਝ ਪਵੇਗਾ। ਪੰਜਾਬ ਸਰਕਾਰ ਲੰਬੇ ਸਮੇਂ ਤੋਂ ਮੰਗ ਕਰ ਰਹੀ ਹੈ ਕਿ ਇਹ ਖਰਚ ਕੇਂਦਰ ਸਰਕਾਰ ਚੁੱਕੇ ਪਰ ਕੇਂਦਰ ਪਹਿਲਾਂ ਹੀ ਸਪਸ਼ਟ ਕਰ ਚੁੱਕਾ ਹੈ ਕਿ ਇਸ ਦਾ ਪ੍ਰਬੰਧ ਰਾਜ ਸਰਕਾਰਾਂ ਨੂੰ ਹੀ ਕਰਨਾ ਪਏਗਾ।