ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਾਂਗਰਸ ਹਟਾਉਣ ਦੇ ਕੁਝ ਘੰਟਿਆਂ ਬਾਅਦ ਸ਼ਨੀਵਾਰ ਨੂੰ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ। ਜਾਖੜ ਉਦੋਂ ਤੋਂ ਹੀ ਕਾਂਗਰਸ ਲੀਡਰਸ਼ਿਪ ਤੋਂ ਨਾਰਾਜ਼ ਸਨ ਜਦੋਂ ਤੋਂ ਪਾਰਟੀ ਨੇ ਉਨ੍ਹਾਂ ਖਿਲਾਫ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਕਾਰਵਾਈ ਕੀਤੀ ਸੀ।ਕਾਂਗਰਸ ਦੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣੇ ਅਧਿਕਾਰਤ ਫੇਸਬੁੱਕ ਪੇਜ ਤੋਂ ਲਾਈਵ ਹੋ ਕੇ ਕਾਂਗਰਸ ਛੱਡਣ ਦਾ ਐਲਾਨ ਕੀਤਾ। ਜਾਖੜ ਨੇ ਕਾਂਗਰਸ 'ਤੇ ਕਈ ਸਵਾਲ ਖੜ੍ਹੇ ਕਰਦੇ ਹੋਏ ਹਾਈਕਮਾਂਡ 'ਤੇ ਨਿਸ਼ਾਨਾ ਵੀ ਸਾਧਿਆ ਹੈ।


ਸੁਨੀਲ ਜਾਖੜ ਨੇ ਅੰਬਿਕਾ ਸੋਨੀ ਦਾ ਨਾਂ ਲੈਂਦਿਆਂ ਸੋਨੀਆ ਗਾਂਧੀ ਨੂੰ ਉਨ੍ਹਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ।ਕਾਂਗਰਸ ਨੇ ਹਾਲ ਹੀ 'ਚ ਸੁਨੀਲ ਜਾਖੜ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਸੀ। ਪੰਜਾਬ ਕਾਂਗਰਸ ਨੇ ਉਨ੍ਹਾਂ ਨੂੰ ਦੋ ਸਾਲ ਲਈ ਪਾਰਟੀ ਤੋਂ ਮੁਅੱਤਲ ਕਰਨ ਦੀ ਸਿਫਾਰਿਸ਼ ਵੀ ਕੀਤੀ ਸੀ।


ਸੁਨੀਲ ਜਾਖੜ ਨੇ 13 ਮਈ ਨੂੰ ਉਦੈਪੁਰ 'ਚ ਪ੍ਰੈੱਸ ਕਾਨਫਰੰਸ ਕਰਨ ਦਾ ਫੈਸਲਾ ਕੀਤਾ ਸੀ। ਇਸ ਦੇ ਲਈ ਫਲਾਈਟ ਦੀਆਂ ਟਿਕਟਾਂ ਵੀ ਬੁੱਕ ਕਰਵਾਈਆਂ ਗਈਆਂ ਸਨ ਪਰ ਬਾਅਦ 'ਚ ਉਸ ਨੇ ਆਪਣਾ ਮਨ ਬਦਲ ਲਿਆ ਅਤੇ 14 ਮਈ ਨੂੰ ਦੁਪਹਿਰ 12 ਵਜੇ ਫੇਸਬੁੱਕ ਲਾਈਵ 'ਤੇ ਆਪਣੇ ਮਨ ਦੀ ਗੱਲ ਕਹੀ।


ਕਾਂਗਰਸ ਨੇ ਜਾਖੜ ਨੂੰ ਵਿਧਾਨ ਸਭਾ ਚੋਣਾਂ ਦੌਰਾਨ ਚਰਨਜੀਤ ਸਿੰਘ ਚੰਨੀ ਬਾਰੇ ਬਿਆਨਬਾਜ਼ੀ ਕਰਨ ਲਈ ਨੋਟਿਸ ਭੇਜਿਆ ਸੀ।ਹਾਲਾਂਕਿ ਸੁਨੀਲ ਜਾਖੜ ਨੇ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ।ਜਾਖੜ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਨੂੰ ਨੋਟਿਸ ਭੇਜਣ ਤੋਂ ਪਹਿਲਾਂ ਉਨ੍ਹਾਂ ਨਾਲ ਗੱਲ ਕਰਨੀ ਚਾਹੀਦੀ ਸੀ। ਇਸ ਲਈ ਉਨ੍ਹਾਂ ਨੋਟਿਸ ਦਾ ਜਵਾਬ ਨਹੀਂ ਦਿੱਤਾ।