Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰੈਸ ਕਾਨਫਰੰਸ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ‘ਤੇ ਨਿਸ਼ਾਨੇ ਸਾਧੇ। ਉਸ ਦਾ ਜਵਾਬ ਦਿੰਦਿਆਂ ਹੋਇਆਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਠੋਕਵਾਂ ਜਵਾਬ ਦਿੱਤਾ। ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਲਾਏ ਜਾ ਰਹੇ ਕੈਂਪਾਂ ਦੇ ਮਾਮਲਿਆਂ ਵਿੱਚ PMO ਨੇ ਰਿਪੋਰਟ ਮੰਗੀ ਹੈ।

ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਦੋਸ਼ ਲਾਇਆ ਕਿ ਸੀਐਮ ਭਗਵੰਤ ਮਾਨ ਨਹੀਂ, ਸਗੋਂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਕਹਿਣ ‘ਤੇ ਭਾਜਪਾ ਆਗੂਆਂ ਦੇ ਵਿਰੁੱਧ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਕੈਂਪ ਗਰੀਬਾਂ ਦੀ ਮਦਦ ਲਈ ਲਾਏ ਗਏ ਸਨ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨਾ ਤਾਂ ਖੁਦ ਕੁਝ ਕਰਨਾ ਚਾਹੁੰਦੀ ਅਤੇ ਨਾ ਹੀ ਕਿਸੇ ਨੂੰ ਕੁਧ  ਕਰਨ ਦੇਣਾ ਚਾਹੁੰਦੀ ਹੈ।

ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ‘ਤੇ ਲਾਏ ਗਏ ਡਾਟਾ ਚੋਰੀ ਕਰਨ ਦਾ ਦੋਸ਼ ਬਿਲਕੁਲ ਗਲਤ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਇਨ੍ਹਾਂ ਕੈਂਪਾਂ ਦਾ ਮਕਸਦ ਸਿਰਫ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਅਤੇ ਸੁਵਿਧਾਵਾਂ ਦੀ ਜਾਣਕਾਰੀ ਦੇਣਾ ਸੀ ਤਾਂ ਕਿ ਉਹ ਲਾਭ ਚੁੱਕ ਸਕਣ। ਜਾਖੜ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦਫ਼ਤਰ, ਕੇਂਦਰ ਸਰਕਾਰ ਅਤੇ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਆਗੂਆਂ ਅਤੇ ਵਰਕਰਾਂ 'ਤੇ ਕਿਸੇ ਵੀ ਤਰ੍ਹਾਂ ਦੀ ਵਧੀਕੀ ਦਾ ਗੰਭੀਰ ਨੋਟਿਸ ਲੈਂਦੀ ਹੈ ਅਤੇ ਇਸ ਮਾਮਲੇ ਵਿੱਚ ਰਿਪੋਰਟ ਵੀ ਮੰਗੀ ਗਈ ਹੈ।

ਜਾਖੜ ਨੇ ਕਿਹਾ ਕਿ ਅਸੀਂ ਡਰਦੇ ਨਹੀਂ ਹਾਂ। ਅਸੀਂ ਸਾਰੇ 117 ਹਲਕਿਆਂ ਵਿੱਚ ਇਹ ਕੈਂਪ ਲਗਾਵਾਂਗੇ। ਕੱਲ੍ਹ, ਐਤਵਾਰ ਨੂੰ ਵੀ, ਅਸੀਂ 10 ਥਾਵਾਂ 'ਤੇ ਕੈਂਪ ਲਗਾਵਾਂਗੇ। ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇਹ ਕੈਂਪ ਲਗਾ ਰਹੇ ਹਨ, ਜਿਨ੍ਹਾਂ ਵਿੱਚ ਆਯੁਸ਼ਮਾਨ, ਕਿਸਾਨ ਸਨਮਾਨ ਨਿਧੀ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਈ ਸ਼੍ਰਮ ਅਤੇ ਹੋਰ ਯੋਜਨਾਵਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਆਯੁਸ਼ਮਾਨ ਯੋਜਨਾ ਤਹਿਤ ਹੁਣ ਤੱਕ 56 ਹਜ਼ਾਰ ਲੋਕਾਂ ਦੇ ਕਾਰਡ ਬਣਾਏ ਜਾ ਚੁੱਕੇ ਹਨ, ਜੋ ਸੂਬਾ ਸਰਕਾਰ ਦੀ ਲਾਪਰਵਾਹੀ ਕਾਰਨ ਇਨ੍ਹਾਂ ਯੋਜਨਾਵਾਂ ਦੇ ਲਾਭ ਤੋਂ ਵਾਂਝੇ ਰਹਿ ਗਏ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।