Farmers Protest: ਖਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਦਾਖਲ ਕਰਾਉਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਤਿੰਨ ਦਿਨ ਦਾ ਹੋਰ ਸਮਾਂ ਦਿੱਤਾ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 2 ਜਨਵਰੀ ਨੂੰ ਹੋਏਗੀ। ਪਹਿਲਾਂ 28 ਦਸੰਬਰ ਨੂੰ ਹੋਈ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਦਾ ਸਮਾਂ ਦਿੱਤਾ ਸੀ ਪਰ ਸਰਕਾਰ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣ ਵਿੱਚ ਨਾਕਾਮ ਰਹੀ ਹੈ।
ਅਦਾਲਤ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਕਿਸਾਨਾਂ ਤੇ ਡੱਲੇਵਾਲ ਨੂੰ ਮਨਾਉਣ ਦੀ ਪੂਰੀ ਕੋਸ਼ਿਸ਼ ਕੀਤੀ ਸੀ। ਪਟਿਆਲਾ ਪੁਲਿਸ ਦੇ ਸੀਨੀਅਰ ਅਧਿਕਾਰੀ ਸੇਵਾਮੁਕਤ ਏਡੀਜੀਪੀ ਜਸਕਰਨ ਸਿੰਘ ਦੀ ਅਗਵਾਈ ਹੇਠ 29 ਤੇ 30 ਦਸੰਬਰ ਨੂੰ ਖਨੌਰੀ ਬਾਰਡਰ ਪਹੁੰਚੇ। ਉਨ੍ਹਾਂ ਨੇ ਕਿਸਾਨ ਆਗੂਆਂ ਤੇ ਡੱਲੇਵਾਲ ਨਾਲ ਵੀ ਗੱਲ ਕੀਤੀ ਪਰ ਉਹ ਨਹੀਂ ਮੰਨੇ। ਪੁਲਿਸ ਨੇ ਐਤਵਾਰ ਰਾਤ ਨੂੰ ਹੀ ਐਕਸ਼ਨ ਦੀਆਂ ਤਿਆਰੀਆਂ ਕਰ ਲਈਆਂ ਸਨ ਪਰ ਇਸ ਦਾ ਪਤਾ ਲੱਗਣ ਤੋਂ ਬਾਅਦ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਦੱਸ ਦਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 36 ਦਿਨਾਂ ਤੋਂ ਭੁੱਖ ਹੜਤਾਲ ਉਪਰ ਹਨ। 70 ਸਾਲਾ ਡੱਲੇਵਾਲ ਕੈਂਸਰ ਦੇ ਵੀ ਮਰੀਜ਼ ਹਨ। ਇਸ ਲਈ ਉਨ੍ਹਾਂ ਹਾਲਤ ਕਾਫੀ ਨਾਜ਼ੁਕ ਹੋ ਗਈ ਹੈ।
ਦਰਅਸਲ ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਖਨੌਰੀ ਬਾਰਡਰ 'ਤੇ 36 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ 'ਚ ਦਾਖਲ ਕਰਵਾਉਣ ਲਈ ਪੰਜਾ ਸਰਕਾਰ ਨੂੰ 3 ਦਿਨਾਂ ਦਾ ਹੋਰ ਸਮਾਂ ਮਿਲ ਗਿਆ ਹੈ। ਮੰਗਲਵਾਰ ਨੂੰ ਸੁਪਰੀਮ ਕੋਰਟ 'ਚ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਇਸ 'ਤੇ ਸੁਣਵਾਈ ਕੀਤੀ।
ਇਸ ਦੌਰਾਨ ਪੰਜਾਬ ਸਰਕਾਰ ਨੇ ਕਿਹਾ ਕਿ ਕੱਲ੍ਹ ਪੰਜਾਬ ਬੰਦ ਸੀ, ਜਿਸ ਕਾਰਨ ਆਵਾਜਾਈ ਨਹੀਂ ਚੱਲੀ। ਇਸ ਤੋਂ ਇਲਾਵਾ ਇੱਕ ਵਿਚੋਲੇ ਨੇ ਵੀ ਦਰਖਾਸਤ ਦਿੱਤੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਯੂਨੀਅਨ ਦਖਲ ਦਿੰਦੀ ਹੈ ਤਾਂ ਡੱਲੇਵਾਲ ਗੱਲਬਾਤ ਲਈ ਤਿਆਰ ਹਨ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਸਮਾਂ ਮੰਗਣ ਵਾਲੀ ਪੰਜਾਬ ਸਰਕਾਰ ਦੀ ਅਰਜ਼ੀ ਨੂੰ ਸਵੀਕਾਰ ਕਰ ਲਿਆ। ਹੁਣ ਇਸ ਮਾਣਹਾਨੀ ਮਾਮਲੇ ਦੀ ਅਗਲੀ ਸੁਣਵਾਈ ਹੁਣ 2 ਜਨਵਰੀ ਨੂੰ ਹੋਵੇਗੀ। ਇਸ ਤੋਂ ਪਹਿਲਾਂ 28 ਦਸੰਬਰ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਦਾ ਸਮਾਂ ਦਿੱਤਾ ਸੀ।
ਪੰਜਾਬ ਦੇ ਏਜੀ ਗੁਰਮਿੰਦਰ ਸਿੰਘ ਨੇ ਸੁਪਰੀਮ ਕੋਰਟ ਵਿੱਚ ਕਿਹਾ ਕੱਲ੍ਹ ਦੋ ਚੀਜ਼ਾਂ ਆਈਆਂ। ਪੰਜਾਬ ਬੰਦ ਰਿਹਾ, ਜਿਸ ਕਾਰਨ ਸੋਮਵਾਰ ਨੂੰ ਆਵਾਜਾਈ ਬਿਲਕੁਲ ਨਹੀਂ ਚੱਲੀ। ਇੱਕ ਵਿਚੋਲੇ ਨੇ ਵੀ ਅਰਜ਼ੀ ਦਾਇਰ ਕੀਤੀ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਯੂਨੀਅਨ ਦਖਲ ਦਿੰਦੀ ਹੈ ਤਾਂ ਡੱਲੇਵਾਲ ਗੱਲਬਾਤ ਲਈ ਤਿਆਰ ਹਨ। ਇਸ ਉਪਰ ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਜੇਕਰ ਤੁਹਾਨੂੰ ਕੁਝ ਹੋਰ ਸਮਾਂ ਚਾਹੀਦਾ ਹੈ ਤਾਂ ਅਸੀਂ ਤਿਆਰ ਹਾਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।