ਨਵੀਂ ਦਿੱਲੀ: ਨਸ਼ਾ ਤਸਕਰੀ ਦੇ ਮਾਮਲੇ ਵਿੱਚ ਘਿਰੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਗ੍ਰਿਫਤਾਰੀ 'ਤੇ 31 ਜਨਵਰੀ ਤੱਕ ਰੋਕ ਲਾ ਦਿੱਤੀ ਹੈ। ਸੁਪਰੀਮ ਕੋਰਟ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਲਈ ਤਿਆਰ ਹੈ। ਸੁਪਰੀਮ ਕੋਰਟ ਇਸ ਮਾਮਲੇ 'ਤੇ ਅਗਲੇ ਸੋਮਵਾਰ ਨੂੰ ਸੁਣਵਾਈ ਕਰੇਗੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਜ਼ਮਾਨਤ ਅਰਜ਼ੀ ਦੀ ਸੁਣਵਾਈ ਤੱਕ ਕੋਈ ਕਾਰਵਾਈ ਨਾ ਕਰਨ ਲਈ ਕਿਹਾ ਹੈ।


ਦੱਸ ਦਈਏ ਕਿ ਪੰਜਾਬ ਹਰਿਆਣਾ ਹਾਈਕੋਰਟ ਨੇ 25 ਜਨਵਰੀ ਨੂੰ ਮਜੀਠੀਆ ਨੂੰ ਤਿੰਨ ਦਿਨਾਂ ਦੀ ਮੋਹਲਤ ਦਿੱਤੀ ਸੀ। ਹਾਈਕੋਰਟ ਨੇ ਕਿਹਾ ਸੀ ਕਿ ਇਸ ਦੌਰਾਨ ਮਜੀਠੀਆ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕਰ ਸਕਦਾ ਹੈ। ਅਦਾਲਤ ਨੇ ਕਿਹਾ ਸੀ ਕਿ ਇਨ੍ਹਾਂ ਤਿੰਨ ਦਿਨਾਂ ਵਿੱਚ ਪੁਲਿਸ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗੀ। ਹਾਈਕੋਰਟ ਦੀ ਇਹ ਮੋਹਲਤ ਅੱਜ ਖਤਮ ਹੋਣੀ ਸੀ। ਇਸ ਤੋਂ ਪਹਿਲਾਂ ਹੀ ਸੁਪਰੀਮ ਕੋਰਟ ਨੇ ਮਜੀਠੀਆ ਨੂੰ 31 ਜਨਵਰੀ ਤੱਕ ਰਾਹਤ ਦੇ ਦਿੱਤੀ ਹੈ।


ਦਰਅਸਲ ਹਾਈਕੋਰਟ ਨੇ ਮਜੀਠੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਮਜੀਠੀਆ ਉੱਪਰ ਗ੍ਰਿਫਤਾਰੀ ਦੀ ਤਲਵਾਰ ਟੰਗੀ ਗਈ ਸੀ। ਪੁਲਿਸ ਨੇ ਮਜੀਠੀਆ ਨੂੰ ਗ੍ਰਿਫਤਾਰ ਕਰਨ ਲਈ ਛਾਪੇ ਵੀ ਮਾਰੇ ਸੀ। ਇਸ ਮਗਰੋਂ ਹਾਈਕੋਰਟ ਨੇ ਮਜੀਠੀਆ ਨੂੰ ਤਿੰਨ ਦਿਨਾਂ ਦੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕਰਨ ਦਾ ਸਮਾਂ ਦਿੱਤਾ ਸੀ।


ਯਾਦ ਰਹੇ ਮੁਹਾਲੀ ਦੇ ਫੇਜ਼-4 ਸਥਿਤ ਪੰਜਾਬ ਪੁਲਿਸ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਪਰਚਾ ਦਰਜ ਹੋਣ ਤੋਂ ਬਾਅਦ ਉਹ ਅੰਡਰਗਾਊਂਡ ਹੋ ਗਿਆ ਸੀ। ਪੰਜਾਬ ਸਰਕਾਰ ਤੇ ਪੁਲਿਸ ਨੇ ਉਨ੍ਹਾਂ ਦੇ ਵਿਦੇਸ਼ ਭੱਜਣ ਦਾ ਖ਼ਦਸ਼ਾ ਪ੍ਰਗਟ ਕਰਦਿਆਂ ਲੁੱਕ-ਆਊਟ ਨੋਟਿਸ ਵੀ ਜਾਰੀ ਕੀਤਾ ਸੀ ਪਰ ਬੀਤੀ 10 ਜਨਵਰੀ ਨੂੰ ਹਾਈ ਕੋਰਟ ਨੇ ਸਖ਼ਤ ਸ਼ਰਤਾਂ ਦੇ ਆਧਾਰ ’ਤੇ ਮਜੀਠੀਆ ਦੀ ਕੱਚੀ ਜ਼ਮਾਨਤ ਮਨਜ਼ੂਰ ਕਰਦਿਆਂ ਉਸ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਸਿੱਟ ਅੱਗੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਸਨ।