Farmers Protest: ਸੁਪਰੀਮ ਕੋਰਟ ਨੇ 32 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸ਼ੁੱਕਰਵਾਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਡੱਲੇਵਾਲ ਦੀ ਸਿਹਤ ਅਤੇ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਹੈ।


ਅਦਾਲਤ ਨੇ ਪੰਜਾਬ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਡੱਲੇਵਾਲ ਨੂੰ ਹਰ ਤਰ੍ਹਾਂ ਦੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਇਹ ਹੁਕਮ ਪੰਜਾਬ ਦੇ ਮੁੱਖ ਸਕੱਤਰ ਖ਼ਿਲਾਫ਼ ਦਾਇਰ ਪਟੀਸ਼ਨ ‘ਤੇ ਸੁਣਵਾਈ ਦੌਰਾਨ ਦਿੱਤੇ। ਸੁਪਰੀਮ ਕੋਰਟ ਦੇ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੇ ਵੈਕੇਸ਼ਨ ਬੈਂਚ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਜੇਕਰ ਉੱਥੇ ਲਾਅ ਐਂਡ ਆਰਡਰ ਦੀ ਕੋਈ ਸਥਿਤੀ ਹੈ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਣਾ ਚਾਹਿਦਾ ਹੈ। ਕਿਸੇ ਦੀ ਜਾਨ ਦਾਅ ‘ਤੇ ਹੈ, ਤੁਹਾਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਹੋਵੇਗਾ।


ਕੋਰਨ ਨੇ ਕਿਹਾ ਕਿ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦਿੱਤੀ ਜਾਣੀ ਚਾਹੀਦੀ ਹੈ ਪਰ ਲੱਗਦਾ ਹੈ ਕਿ ਪੰਜਾਬ ਸਰਕਾਰ ਅਜਿਹਾ ਨਹੀਂ ਕਰ ਰਹੀ। ਕੋਰਟ ਨੇ ਪੰਜਾਬ ਸਰਕਾਰ ਨੂੰ ਸ਼ਨੀਵਾਰ ਨੂੰ Compliance Report ਦਾਖਲ ਕਰਨ ਲਈ ਕਿਹਾ ਹੈ। ਇਸ ‘ਤੇ ਕੱਲ੍ਹ ਮੁੜ ਸੁਣਵਾਈ ਹੋਵੇਗੀ। ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਅਸੀਂ ਸੁਣਵਾਈ ਦੌਰਾਨ ਵੀਡੀਓ ਕਾਨਫਰੰਸਿੰਗ ਰਾਹੀਂ ਜਗਜੀਤ ਡੱਲੇਵਾਲ ਨਾਲ ਵੀ ਗੱਲ ਕਰਾਂਗੇ। ਉਸ ਤੋਂ ਬਾਅਦ ਕੋਈ ਹੁਕਮ ਦੇਵਾਂਗੇ। ਅਦਾਲਤ ਦੀ ਪਹਿਲੀ ਤਰਜੀਹ ਉਨ੍ਹਾਂ ਦੀ ਜ਼ਿੰਦਗੀ ਹੈ।


32 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਪਾਣੀ ਪੀਣਾ ਵੀ ਛੱਡਿਆ


70 ਸਾਲਾ ਕਿਸਾਨ ਆਗੂ ਜਗਜੀਤ ਡੱਲੇਵਾਲ 32 ਦਿਨਾਂ ਤੋਂ ਮਰਨ ਵਰਤ 'ਤੇ ਹਨ। ਪਹਿਲਾਂ ਉਨ੍ਹਾਂ ਨੇ ਰੋਟੀ-ਪਾਣੀ ਛੱਡ ਦਿੱਤਾ, ਹੁਣ ਉਹ ਪਾਣੀ ਵੀ ਨਹੀਂ ਪੀ ਰਹੇ। ਪਾਣੀ ਪੀਣ ਤੋਂ ਬਾਅਦ ਉਨ੍ਹਾਂ ਨੂੰ ਉਲਟੀਆਂ ਆ ਰਹੀਆਂ ਹਨ। ਉਨ੍ਹਾਂ ਦੇ ਸਾਥੀ ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਉਨ੍ਹਾਂ ਦਾ ਬਲੱਡ ਪ੍ਰੈਸ਼ਰ 88/59 ਹੋ ਗਿਆ ਹੈ। 60 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਦਾ ਆਮ ਬਲੱਡ ਪ੍ਰੈਸ਼ਰ 133/69 ਮੰਨਿਆ ਜਾਂਦਾ ਹੈ। ਡੱਲੇਵਾਲ ਦੀ ਇਮਿਊਨਿਟੀ ਵੀ ਕਾਫੀ ਕਮਜ਼ੋਰ ਹੋ ਗਈ ਹੈ। ਪਰ ਉਨ੍ਹਾਂ ਨੇ ਡਾਕਟਰੀ ਇਲਾਜ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ।