ਚੰਡੀਗੜ੍ਹ: ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਨੇ ਦਾਅਵਾ ਕੀਤਾ ਹੈ ਕਿ ਨਸ਼ਿਆਂ ਨੂੰ ਨੱਥ ਪਾਉਣ ਲਈ ਪੰਜਾਬ ਪੁਲਿਸ ਲਗਾਤਾਰ ਕੰਮ ਕਰ ਰਹੀ ਹੈ ਅਤੇ ਛੇਤੀ ਹੀ ਨਸ਼ੇ ਦੇ 50 ਵੱਡੇ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਤਸਕਰਾਂ ਦੀ ਪਛਾਣ ਕੀਤੀ ਜਾ ਚੁੱਕੀ ਹੈ। ਅਰੋੜਾ ਮੁਤਾਬਕ ਕੁਝ ਤਸਕਰ ਕਾਨੂੰਨ ਦਾ ਸਹਾਰਾ ਲੈਕੇ ਜੇਲ੍ਹਾਂ ਤੋਂ ਬਾਹਰ ਆ ਜਾਂਦੇ ਹਨ ਤੇ ਫਿਰ ਤੋਂ ਉਹੀ ਕੰਮ ਕਰਨ ਲੱਗ ਜਾਂਦੇ ਹਨ।

ਮੁਹਾਲੀ ਵਿੱਚ ਡੀਜੀਪੀ ਸੁਰੇਸ਼ ਅਰੋੜਾ ਨੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨਾਲ ਪੁਲਿਸ ਦੇ ਤਾਣੇਬਾਣੇ ਨੂੰ ਹਰ ਹਾਲਤ ਵਿੱਚ ਤੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਪ੍ਰਤੀ ਜਾਗਰੂਕਤਾ ਮੁਹਿੰਮ ਵੀ ਤੇਜ਼ ਕੀਤਾ ਜਾਵੇਗਾ। ਹਾਲਾਂਕਿ, ਅਰੋੜਾ ਨੇ ਇਹ ਤਾਂ ਨਹੀਂ ਦੱਸਿਆ ਕਿ ਇਹ ਤਸਕਰ ਕੌਣ ਹਨ, ਪਰ ਇੰਨਾ ਜ਼ਰੂਰ ਕਿਹਾ ਕਿ ਇਨ੍ਹਾਂ ਵਿਰੁੱਧ ਕਾਰਵਾਈ ਜਲਦ ਹੋਵੇਗੀ।

ਪੰਜਾਬ ਵਿੱਚ ਪੜ੍ਹਦੇ ਕਸ਼ਮੀਰੀ ਵਿਦਿਆਰਥੀਆਂ ਦੇ ਅੱਤਵਾਦੀ ਕੁਨੈਕਸ਼ਨ ਦੇ ਮਸਲੇ 'ਤੇ ਬੋਲਦਿਆਂ ਅਰੋੜਾ ਨੇ ਕਿਹਾ ਕਿ ਪੁਲਿਸ ਖ਼ਾਸ ਖਿਆਲ ਰੱਖ ਰਹੀ ਹੈ ਕਿ ਕਿਸੇ ਨਾਲ ਪੱਖਪਾਤ ਨਾ ਹੋਵੇ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਜਾਂਚ ਲਈ ਕਾਇਮ ਕੀਤੀ ਐਸਟੀਐਫ ਦੀ ਅਗਵਾਈ ਕਰਨ ਵਾਲੇ ਹਰਪ੍ਰੀਤ ਸਿੰਘ ਸਿੱਧੂ ਨੂੰ ਹਟਾ ਕੇ ਇਸ ਦੀ ਕਮਾਨ ਡੀਜੀਪੀ ਮੁਹੰਮਦ ਮੁਸਤਫ਼ਾ ਨੂੰ ਸੌਂਪ ਦਿੱਤੀ ਸੀ। ਉਸ ਤੋਂ ਬਾਅਦ ਐਸਟੀਐਫ ਨੂੰ ਪੁਲਿਸ ਮੁਖੀ ਦੇ ਅਧੀਨ ਕਰ ਦਿੱਤਾ ਗਿਆ ਸੀ ਅਤੇ ਮੌਜੂਦਾ ਹਾਲਾਤ ਦੀ ਜਾਣਕਾਰੀ ਲਈ ਪੁਲਿਸ ਮੁਖੀ ਨੇ ਇਹ ਬੈਠਕ ਰੱਖੀ ਸੀ।