ਖੇਤੀ ਕਾਨੂੰਨਾਂ ਬਾਰੇ ਸੁਰਜੀਤ ਜਿਆਣੀ ਦਾ ਵੱਡਾ ਦਾਅਵਾ
ਜਿਆਣੀ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦਾ ਮਸਲਾ ਹੱਲ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਵਿੱਚ ਸੋਧ ਤੋਂ ਲੈ ਕੇ ਡੇਢ ਸਾਲ ਤੱਕ ਅੱਗੇ ਪਾਉਣ ਤੱਕ ਦੀ ਗੱਲ ਕੀਤੀ ਗਈ ਸੀ ਪਰ ਜੇਕਰ ਉਹ ਮੰਨਣ ਨੂੰ ਤਿਆਰ ਨਹੀਂ ਤਾਂ ਉਹ ਕੀ ਕਰ ਸਕਦੇ ਹਨ।
ਬਠਿੰਡਾ: ਬੇਸ਼ੱਕ ਕਿਸਾਨਾਂ ਨੇ ਬੀਜੇਪੀ ਲੀਡਰਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਕੀਤਾ ਹੋਇਆ ਹੈ ਪਰ ਉਹ ਅਜੇ ਵੀ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਡਟੇ ਹੋਏ ਹਨ। ਬੀਜੇਪੀ ਦੇ ਸੀਨੀਅਰ ਲੀਡਰ ਸੁਰਜੀਤ ਜਿਆਣੀ ਨੇ ਕਿਹਾ ਕਿ ਖੇਤੀ ਕਾਨੂੰਨ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਾਲੇ ਹਨ। ਉਨ੍ਹਾਂ ਇਲਜ਼ਾਮ ਲਾਇਆ ਕਿ ਕਿਸਾਨ ਜਥੇਬੰਦੀਆਂ ਨੂੰ ਸਿਆਸੀ ਪਾਰਟੀਆਂ ਗੁਮਰਾਹ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦਾ ਮਸਲਾ ਹੱਲ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਵਿੱਚ ਸੋਧ ਤੋਂ ਲੈ ਕੇ ਡੇਢ ਸਾਲ ਤੱਕ ਅੱਗੇ ਪਾਉਣ ਤੱਕ ਦੀ ਗੱਲ ਕੀਤੀ ਗਈ ਸੀ ਪਰ ਜੇਕਰ ਉਹ ਮੰਨਣ ਨੂੰ ਤਿਆਰ ਨਹੀਂ ਤਾਂ ਉਹ ਕੀ ਕਰ ਸਕਦੇ ਹਨ। ਉਨ੍ਹਾਂ ਲਾਲ ਕਿਲ੍ਹੇ ਦੀ ਘਟਨਾ ਦੀ ਨਿਖੇਧੀ ਕਰਦਿਆਂ ਇਸ ਨੂੰ ਦੇਸ਼ ਦਾ ਨੱਕ ਵੱਢਣ ਵਾਲੀ ਘਟਨਾ ਕਰਾਰ ਦਿੱਤਾ।
ਦੱਸ ਦਈਏ ਕਿ ਜਿਸ ਵੇਲੇ ਜਿਆਣੀ ਖੇਤੀ ਕਾਨੂੰਨਾਂ ਦੀ ਵਕਾਲਤ ਕਰ ਰਹੇ ਸੀ ਤਾਂ ਬਾਹਰ ਕਿਸਾਨ ਉਨ੍ਹਾਂ ਦਾ ਵਿਰੋਧ ਕਰ ਰਹੇ ਸੀ। ਕਿਸਾਨਾਂ ਦੇ ਵਿਰੋਧ ਕਾਰਨ ਜਿਆਣੀ ਨੂੰ ਆਪਣੀ ਪ੍ਰੈੱਸ ਕਾਨਫਰੰਸ ਦਾ ਸਮਾਂ ਤੇ ਜਗ੍ਹਾ ਦੋ ਵਾਰ ਬਦਲਣੇ ਪਏ। ਸੁਰੱਖਿਆ ਵਜੋਂ ਦੋਹੀਂ ਥਾਈਂ ਵੱਡੀ ਗਿਣਤੀ ’ਚ ਪੁਲਿਸ ਤਾਇਨਾਤ ਰਹੀ।
ਕਿਸਾਨਾਂ ਨੇ ਸੁਰਜੀਤ ਕੁਮਾਰ ਜਿਆਣੀ ਤੇ ਹਰਜੀਤ ਸਿੰਘ ਗਰੇਵਾਲ ਨੂੰ ਨਿਸ਼ਾਨੇ ’ਤੇ ਲੈਂਦਿਆਂ ਉਨ੍ਹਾਂ ’ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਤੇ ਨਵੇਂ ਖੇਤੀ ਕਾਨੂੰਨਾਂ ਨੂੰ ਲਾਹੇਵੰਦ ਦੱਸ ਕੇ ਕਾਰਪੋਰੇਟ ਘਰਾਣਿਆਂ ਦੀ ਪਿੱਠ ਪੂਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨਾਂ ਦੇ ਰੱਦ ਹੋਣ ਤੱਕ ਭਾਜਪਾ ਆਗੂਆਂ ਦਾ ਭਵਿੱਖ ਵਿਚ ਵਿਰੋਧ ਜਾਰੀ ਰਹੇਗਾ।