SYL canal issue :  ਸਤਲੁਜ-ਯਮੁਨਾ ਲਿੰਕ ਨਹਿਰ (SYL) ਦੇ ਮੁੱਦੇ ’ਤੇ ਅੱਜ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਮੀਟਿੰਗ ਹੋਈ ਹੈ ਪਰ ਇਸ ਮੁੱਦੇ 'ਤੇ ਦੋਵਾਂ ਮੁੱਖ ਮੰਤਰੀਆਂ ਵਿਚਾਲੇ ਸਹਿਮਤੀ ਨਹੀਂ ਬਣ ਸਕੀ। ਇਹ ਮੀਟਿੰਗ ਚੰਡੀਗੜ੍ਹ ਸਥਿਤ ਹਰਿਆਣਾ ਭਵਨ ਹੋਈ ਸੀ। ਦੋਵੇਂ ਮੁੱਖ ਮੰਤਰੀ ਇੱਕ ਵੀ ਬੂੰਦ ਪਾਣੀ ਨਾ ਹੋਣ ਦੇ ਬਿਆਨ 'ਤੇ ਅੜੇ ਹੋਏ ਹਨ।

 


 ਪੰਜਾਬ ਦੇ ਖੇਤੀਬਾੜੀ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਟਵੀਟ ਕਰਦਿਆਂ ਕਿਹਾ ਕਿ ਸਤਲੁਜ ਯਮਨਾ ਲਿੰਕ ਨਹਿਰ ਦੇ ਮੁੱਦੇ ਉੱਤੇ ਪੰਜਾਬ ਤੇ ਹਰਿਆਣਾ ਦੀ ਮੀਟਿੰਗ ਵਿੱਚ ਪੰਜਾਬ ਦੇ ਪਾਣੀਆਂ ਦੇ ਹੱਕ ਵਿੱਚ ਡਟ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪੁੱਤਰ ਹੋਣ ਦਾ ਫ਼ਰਜ਼ ਨਿਭਾਇਆ ਹੈ। ਪੰਜਾਬ ਦੇ ਹਿੱਤ ਭਗਵੰਤ ਮਾਨ ਦੀ ਅਗਵਾਈ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ ਹਨ।

 

ਇਸ ਦੇ ਨਾਲ ਹੀ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਤੱਥਾਂ ਸਮੇਤ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਲਏ ਗਏ ਸਟੈਂਡ ਨਾਲ ਵਿਰੋਧੀਆਂ ਦੇ ਮੂੰਹ ਬੰਦ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਉਹ ਪਾਰਟੀਆਂ ਸਾਡੀ ਸਰਕਾਰ ਨੂੰ ਸਲਾਹਾਂ ਦੇ ਰਹੀਆਂ ਹਨ, ਜਿਨ੍ਹਾਂ ਨੇ ਇਸ ਨਹਿਰ ਦਾ ਨੀਂਹ ਪੱਥਰ ਰੱਖਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਅੱਜ ਸੂਬਾ ਸਰਕਾਰ ਦਾ ਸਟੈਂਡ ਸਪੱਸ਼ਟ ਕੀਤਾ ਹੈ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਹਰ ਲੜਾਈ ਲੜਨਗੇ।

 



 

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦਾ ਪੱਖ ਰਖਦਿਆਂ ਕਿਹਾ ਕਿ ਅਸੀਂ ਕਈ ਦਿਨਾਂ ਤਾਂ ਇਸ ਮੁੱਦੇ 'ਤੇ ਤਿਆਰੀ ਕਰ ਰਹੇ ਸੀ ਅਤੇ ਅੱਜ ਅਸੀਂ ਪੂਰੀ ਤਰ੍ਹਾਂ ਤੱਥਾਂ ਆਧਾਰਤ ਮਜਬੂਤੀ ਨਾਲ ਆਪਣਾ ਪੱਖ ਮੀਟਿੰਗ ਵਿੱਚ ਰੱਖਿਆ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜੇਕਰ ਯਮੁਨਾ ਵਿੱਚ ਸਾਡਾ ਹਿੱਸਾ ਨਹੀਂ ਹੈ ਤਾਂ ਅਸੀਂ ਸਤੁਲਜ ਵਿੱਚ ਕਿਉਂ ਦੇਈਏ ਸਾਡੇ ਕੋਲ ਸਿਰਫ਼ 12.24 ਫ਼ੀਸਦੀ ਪਾਣੀ ਹੈ, ਜਦਕਿ ਹਰਿਆਣਾ ਕੋਲ ਪਹਿਲਾਂ ਹੀ ਸਾਡੇ ਕੋਲੋਂ ਵੱਧ 14 ਫ਼ੀਸਦੀ ਪਾਣੀ ਹੈ।
  

 

ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਐਸਵਾਈਐਲ ਦਾ ਨਿਰਮਾਣ ਕਰੋ, ਜਿਸ 'ਤੇ ਅਸੀਂ ਕਿਹਾ ਹੈ ਕਿ ਸਾਡੇ ਕੋਲ ਪਾਣੀ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਹਰਿਆਣਾ ਨੂੰ ਪਾਣੀ ਚਾਹੀਦਾ ਹੈ ਤਾਂ ਹਰਿਆਣਾ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਪ੍ਰਧਾਨ ਮੰਤਰੀ ਕੋਲੋਂ ਚਲਦੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸਾਡੇ ਕੋਲ ਸਤਲੁਜ਼ ਦਰਿਆ ਨਹੀਂ, ਸਗੋਂ ਨਦੀ ਵਹਿ ਰਹੀ ਹੈ।  ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਮੁੜ ਦੁਹਰਾਇਆ ਕਿ ਹਰਿਆਣਾ ਸਾਡਾ ਛੋਟਾ ਭਰਾ ਹੈ ਪਰ ਸਾਡੇ ਕੋਲ ਉਸ ਲਈ ਇੱਕ ਬੂੰਦ ਵੀ ਪਾਣੀ ਨਹੀਂ ਹੈ।