ਪੰਜਾਬ ਸਰਕਾਰ ਨੇ ਪਹਿਲਾਂ ਵੀ ਇਹ ਫੈਸਲਾ ਲਿਆ ਸੀ ਪਰ ਸੁਪਰੀਮ ਕੋਰਟ ਵੱਲੋਂ ਸਟੇਅ ਲਾਏ ਜਾਣ ਕਰਕੇ ਇਹ ਕੰਮ ਲਟਕ ਗਿਆ ਸੀ। ਅੱਜ ਕੈਬਨਿਟ ਵਿੱਚ ਮੁੜ ਇਸ ਫੈਸਲੇ 'ਤੇ ਮੋਹਰ ਲਾਈ ਗਈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਹੈ ਕਿ ਪੰਜਾਬ ਦੇ ਦਰਿਆਵਾਂ ਦੇ ਪਾਣੀ ਦਾ ਇੱਕ ਤੁਪਕਾ ਵੀ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ।
ਪਾਰਟੀ ਦੀ ਕੋਰ ਕਮੇਟੀ ਦੀ ਅੱਜ ਹੰਗਾਮੀ ਇਕੱਤਰਤਾ ਵਿੱਚ ਕਿਹਾ ਗਿਆ ਹੈ, ''ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਦਾ ਇੱਕ ਤੁਬਕਾ ਵੀ ਫਾਲਤੂ ਹੈ ਤੇ ਨਾ ਹੀ ਕਾਨੂੰਨ ਤੇ ਸੰਵਿਧਾਨ ਮੁਤਾਬਕ ਪੰਜਾਬ ਤੋਂ ਪਾਣੀ ਖੋਹਿਆ ਜਾ ਸਕਦਾ ਹੈ। ਪੰਜਾਬ ਦੇ ਦਰਿਆਵਾਂ ਦੇ ਪਾਣੀ ਦੀ ਇੱਕ ਬੂੰਦ ਕਿਸੇ ਵੀ ਹਾਲਤ ਵਿੱਚ ਸੂਬੇ ਤੋਂ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ।''
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਜ਼ੂਦਗੀ ਵਿਚ ਪਾਰਟੀ ਦੇ ਪ੍ਰਧਾਨ ਤੇ ਸੂਬੇ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੇ ਭਾਰਤ ਦੀ ਰਾਸ਼ਟਰਪਤੀ ਨੂੰ ਕਿਹਾ ਹੈ ਕਿ ਉਹ ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਰਾਇ ਨੂੰ ਨਜ਼ਰਅੰਦਾਜ਼ ਕਰ ਦੇਣ ਕਿਉਂਕਿ ਇਸ ਉਸ ਨੂੰ ਭੇਜੇ ਗਏ ਨੁਕਤਿਆਂ ਤੋਂ ਬਾਹਰ ਜਾ ਕੇ ਦਿੱਤੀ ਗਈ ਹੈ।