ਬਠਿੰਡਾ: ਸਥਾਨਕ ਸਰਕਾਰਾਂ, ਭੂਮੀ ਤੇ ਜਲ ਸੰਭਾਲ, ਪ੍ਰਸ਼ਾਸਨਿਕ ਸੁਧਾਰ ਸੰਸਦੀ ਮਾਮਲੇ ਮੰਤਰੀ ਪੰਜਾਬ ਇੰਦਰਬੀਰ ਸਿੰਘ ਨਿੱਜਰ ਵੀਰਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਣ ਉਪਰੰਤ ਕਿਹਾ ਕਿ ਇਤਿਹਾਸਕ ਨਗਰੀ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਨੂੰ ਗਰੀਨ ਤੇ ਕਲੀਨ ਬਣਾਇਆ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਨਿੱਜਰ ਵੱਲੋਂ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਰਿਹਾਇਸ਼ ਵਿਖੇ ਉਨ੍ਹਾਂ ਨਾਲ ਮਿਲ ਕੇ ਵਿਸ਼ੇਸ਼ ਤੌਰ ਤੇ ਗੱਲਬਾਤ ਵੀ ਕੀਤੀ ਗਈ।
ਇਸ ਤੋਂ ਬਾਅਦ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਤਲਵੰਡੀ ਸਾਬੋ ਵਿਖੇ 15.37 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਸੀਵਰ ਤੇ ਰਾਈਜਿੰਗ ਮੇਨ ਦਾ ਨੀਂਹ ਪੱਥਰ ਵੀ ਰੱਖਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ: ਬਲਜਿੰਦਰ ਕੌਰ, ਵਿਧਾਇਕ ਬਠਿੰਡਾ (ਦਿਹਾਤੀ) ਅਮਿਤ ਰਤਨ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ ਅਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਮੈਨੇਜ਼ਰ ਭਾਈ ਰਣਜੀਤ ਸਿੰਘ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।
ਇਸ ਮੌਕੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੀ ਨੀਅਤ ਤੇ ਨੀਤੀਆਂ ਸਾਫ਼ ਹਨ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਇਤਿਹਾਸਕ ਨਗਰ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟਾਚਾਰ ਖਿਲਾਫ਼ ਜੀਰੋ ਟਾਲਰੈਂਸ ਦੀ ਨੀਤੀ ਤਹਿਤ ਕੰਮ ਕਰ ਰਹੀ ਹੈ, ਰਿਸ਼ਵਤਖੋਰ ਨੂੰ ਕਿਸੇ ਵੀ ਕੀਮਤ ਤੇ ਬਖ਼ਸਿਆ ਨਹੀਂ ਜਾਵੇਗਾ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸ੍ਰੀ ਦਮਦਮਾ ਸਾਹਿਬ ਦੇ ਵਿਕਾਸ ਕਾਰਜਾਂ ਲਈ ਜਿੰਨੇ ਵੀ ਪੈਸੇ ਦੀ ਜ਼ਰੂਰਤ ਹੋਵੇਗੀ ਲਗਾਇਆ ਜਾਵੇਗਾ, ਉਨ੍ਹਾਂ ਕਿਹਾ ਕਿ ਇਤਿਹਾਸਕ ਸ਼ਹਿਰ ਸ੍ਰੀ ਦਮਦਮਾ ਸਾਹਿਬ ਦੇ ਵਿਕਾਸ ਲਈ ਪੈਸਾ ਮਹੱਤਵ ਨਹੀਂ ਰੱਖਦਾ ਸਗੋਂ ਵਿਕਾਸ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ