Harsimrat Badal: ਕਿਸਾਨ ਦੇ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਸੀਐਮ ਭਗਵੰਤ ਮਾਨ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ: ਹਰਸਿਮਰਤ ਬਾਦਲ
ਹਰਸਿਮਰਤ ਬਾਦਲ ਨਸ਼ੇ ਦੀ ਓਵਰਡੋਜ਼ ਕਾਰਨ ਮਾਰੇ ਗਏ ਨੌਜਵਾਨ ਗੁਰਵਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਪਿੰਡ ਖੁੱਡੀਆਂ ਗੁਲਾਬ ਸਿੰਘ ਪਹੁੰਚੇ ਸੀ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇੱਕ ਮੰਤਰੀ ਗੁਰਮੀਤ ਸਿੰਘ...
Harsimrat Kaur Badal: ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੋਹਰੇ ਮਾਪਦੰਡ ਨਹੀਂ ਅਪਣਾਉਣੇ ਚਾਹੀਦੇ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਮਹੂਰੀ ਤਰੀਕੇ ਨਾਲ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਬੇਕਸੂਰ ਕਿਸਾਨ ਦੇ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਹਰਸਿਮਰਤ ਬਾਦਲ ਨਸ਼ੇ ਦੀ ਓਵਰਡੋਜ਼ ਕਾਰਨ ਮਾਰੇ ਗਏ ਨੌਜਵਾਨ ਗੁਰਵਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਪਿੰਡ ਖੁੱਡੀਆਂ ਗੁਲਾਬ ਸਿੰਘ ਪਹੁੰਚੇ ਸੀ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇੱਕ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਪਿੰਡ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਲੋਕ ਮਰ ਰਹੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਡਰੱਗ ਮਾਫੀਆ ਦੀ ਪੁਸ਼ਤਪਨਾਹੀ ਦਾ ਹੋਰ ਕੀ ਸਬੂਤ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿੰਥੈਟਿਕ ਨਸ਼ਿਆਂ ਵਿੱਚ ਕਈ ਗੁਣਾ ਵਾਧਾ ਹੋਇਆ ਹੈ। ਮਾਵਾਂ ਚਿੱਟੇ ਦੀ ਸਪਲਾਈ ਰੋਕਣ ਲਈ ਜਲੂਸ ਕੱਢ ਰਹੀਆਂ ਹਨ, ਪਰ ਇਸ ਦਾ ਕੋਈ ਫਾਇਦਾ ਨਹੀਂ ਹੋ ਰਿਹਾ। ਅਸੀਂ 'ਆਪ' ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਿਆਂ ਦੀ ਹੋਮ ਡਿਲਿਵਰੀ ਹੁੰਦੀ ਵੇਖ ਰਹੇ ਹਾਂ।" ਉਨ੍ਹਾਂ ਕਿਹਾ ਕਿ ਇਹ ਹੋਰ ਵੀ ਨਿੰਦਣਯੋਗ ਹੈ ਕਿ ਇਹ ਸਭ ਕੁਝ ਮੰਤਰੀ ਦੀ ਨੱਕ ਹੇਠ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੈਬਨਿਟ ਮੰਤਰੀ ਦੇ ਜੱਦੀ ਪਿੰਡ ਦਾ ਇਹ ਹਾਲ ਹੈ ਤਾਂ ਸੂਬੇ ਭਰ ਦੇ ਹਾਲਾਤ ਬਾਰੇ ਸੋਚ ਕੇ ਰੂਹ ਕੰਬ ਜਾਂਦੀ ਹੈ।
ਹਰਸਿਮਰਤ ਬਾਦਲ ਨੇ ਕਿਹਾ ਕਿ ਪੰਜਾਬ ਦੀ ਇਕਲੌਤੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਕਾਂਗਰਸ ਤੇ 'ਆਪ' ਦੀ ਮਿਲੀਭੁਗਤ ਹੈ। ਉਨ੍ਹਾਂ ਕਿਹਾ, "ਪਹਿਲਾਂ ਕਾਂਗਰਸ ਤੇ ਫਿਰ 'ਆਪ' ਨੇ ਕੁਝ ਹਫ਼ਤਿਆਂ ਵਿੱਚ ਨਸ਼ਾਖੋਰੀ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਇਹ ਕਈ ਗੁਣਾ ਵਧ ਗਿਆ ਹੈ।" ਉਨ੍ਹਾਂ ਨੇ ਦੁਖੀ ਪਰਿਵਾਰ ਤੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਅਕਾਲੀ ਦਲ ਨਸ਼ਿਆਂ ਵਿਰੁੱਧ ਲੋਕ ਲਹਿਰ ਚਲਾਏਗਾ ਤੇ 'ਆਪ' ਸਰਕਾਰ ਨੂੰ ਇਸ ਬੁਰਾਈ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕਰਨ ਲਈ ਮਜਬੂਰ ਕਰੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ 'ਤੇ ਸੰਗਰੂਰ 'ਚ ਲਾਠੀਚਾਰਜ ਹੋਇਆ ਜਿਸ ਦੌਰਾਨ ਕਿਸਾਨ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਹੁਣ 'ਆਪ ਇਸ ਮੌਤ ਲਈ ਗ੍ਰਹਿ ਮੰਤਰੀ ਨੂੰ ਜ਼ਿੰਮੇਵਾਰ ਕਿਉਂ ਨਹੀਂ ਠਹਿਰਾ ਰਹੀ? ਉਹ ਅਕਾਲੀ ਦਲ ਦੀ ਤੁਲਣਾ ਵਿੱਚ ਆਪਣੇ ਲਈ ਵੱਖਰਾ ਮਾਪਦੰਡ ਨਹੀਂ ਰੱਖ ਸਕਦੇ। ਅਸੀਂ ਮੰਗ ਕਰਦੇ ਹਾਂ ਕਿ ਕੱਲ੍ਹ ਸੰਗਰੂਰ ਵਿੱਚ ਕਿਸਾਨ ਪ੍ਰੀਤਮ ਸਿੰਘ ਦੇ ਕਤਲ ਲਈ ਜ਼ਿੰਮੇਵਾਰ ਮੁੱਖ ਮੰਤਰੀ ਤੇ ਸੀਨੀਅਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਜਾਵੇ।