ਤਰਨ ਤਾਰਨ: ਗੁਰਦੁਆਰਿਆਂ ਵਿੱਚ ਵਰਤੀ ਜਾਂਦੀ ਲਾਪ੍ਰਵਾਹੀ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨੀ ਭੇਟ ਹੋਣ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਜ਼ਿਲ੍ਹਾ ਸੰਗਰੂਰ ਦੇ ਇੱਕ ਪਿੰਡ ਤੋਂ ਬਾਅਦ ਤਰਨ ਤਾਰਨ ਵਿੱਚ ਪੈਂਦੇ ਪਿੰਡ ਮਾਨੋਚਾਹਲ ਦੇ ਗੁਰਦੁਆਰਾ ਸਾਹਿਬ ਵਿੱਚ ਸ਼ਾਰਟ ਸਰਕਟ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 10 ਪਾਵਨ ਸਰੂਪ ਅਗਨੀ ਭੇਟ ਹੋ ਗਏ। ਸੰਗਰੂਰ ਵਿੱਚ ਸ਼ਾਰਟ ਸਰਕਟ ਕਰਕੇ ਘਟਨਾ ਵਾਪਰੀ ਸੀ।

ਇਸ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਘਟਨਾ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਗਰਮੀ ਦੇ ਮੌਸਮ ਵਿੱਚ ਅਜਿਹੀਆਂ ਘਟਨਾਵਾਂ ਵਾਪਰਨ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਹਨ ਪਰ ਇਨ੍ਹਾਂ ਦੀ ਰੋਕ ਲਈ ਸਥਾਨਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਬਿਜਲੀ ਉਪਕਰਨਾਂ ਨੂੰ ਲਗਾਤਾਰ ਚੱਲਦੇ ਰੱਖਣਾ ਠੀਕ ਨਹੀਂ। ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣੀ ਅਣਗਹਿਲੀ ਦਾ ਨਤੀਜਾ ਹੈ। ਜੇ ਪ੍ਰਬੰਧਕੀ ਸੂਝ-ਬੂਝ ਦਿਖਾਈ ਜਾਵੇ ਤਾਂ ਅਜਿਹੀਆਂ ਘਟਨਾਵਾਂ ਰੁਕ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਿਜਲੀ ਉਪਕਰਨ ਲੋੜ ਅਨੁਸਾਰ ਚਲਾਉਣ ਦੀਆਂ ਅਪੀਲਾਂ ਦੇ ਬਾਵਜੂਦ ਪ੍ਰਬੰਧਕੀ ਅਣਗਹਿਲੀ ਚਿੰਤਾ ਦਾ ਵਿਸ਼ਾ ਹੈ। ਭਾਈ ਲੌਂਗੋਵਾਲ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਅਜਿਹੀਆਂ ਘਟਨਾਵਾਂ ਰੋਕਣ ਲਈ ਆਪਣਾ ਸਹਿਯੋਗ ਦੇਣ।

ਇਸੇ ਦੌਰਾਨ ਭਾਈ ਲੌਂਗੋਵਾਲ ਨੇ ਕਪੂਰਥਲਾ ਦੇ ਪਿੰਡ ਹਮੀਰਾ ਦੇ ਗੁਰਦੁਆਰਾ ਸਾਹਿਬ ’ਚ ਕੁਝ ਲੋਕਾਂ ਵੱਲੋਂ ਕੀਤੀ ਹੁੱਲੜਬਾਜ਼ੀ ਦਾ ਵੀ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਗੁਰਦੁਆਰਾ ਸਾਹਿਬ ਦੀ ਮਰਿਆਦਾ ਭੰਗ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਪ੍ਰਸ਼ਾਸਨ ਪਾਸੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।