ਚੰਡੀਗੜ੍ਹ: ਪੰਜਾਬ ਭਰ ਤੋਂ ਆਏ ਸਮਾਜਿਕ ਸਿੱਖਿਆ ਦੇ ਅਧਿਆਪਕਾਂ ਨੇ ਸਿੱਖਿਆ ਵਿਭਾਗ ਦਾ ਘਿਰਾਓ ਕਰਨ ਦਾ ਫ਼ੈਸਲਾ ਮੁਲਤਵੀ ਕਰ ਦਿੱਤਾ ਹੈ। ਸਿੱਖਿਆ ਵਿਭਾਗ ਵੱਲੋਂ ਜਲਦ ਹੀ ਨਿਯੁਕਤੀ ਪੱਤਰ ਜਾਰੀ ਕਰਨ ਦੇ ਭਰੋਸੇ ਤੋਂ ਬਾਅਦ ਇਹ ਘਿਰਾਓ ਮੁਲਤਵੀ ਕੀਤਾ ਗਿਆ।
ਬੇਰੁਜ਼ਗਾਰ ਬੀ.ਐਡ ਟੈਟ ਪਾਸ ਯੂਨੀਅਨ ਦੇ ਪ੍ਰਧਾਨ ਅਮਨਿੰਦਰ ਸਿੰਘ ਕੁਠਾਲਾ ਨੇ ਦੱਸਿਆ ਕਿ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਤੇ ਡੀ.ਪੀ.ਆਈ. ਸੈਕੰਡਰੀ ਬਲਬੀਰ ਸਿੰਘ ਢੋਲ ਜੀ ਨੇ ਯੂਨੀਅਨ ਦੇ ਆਗੂਆਂ ਨੂੰ ਵਿਸ਼ਵਾਸ ਦਵਾਇਆ ਹੈ ਕਿ ਜਲਦੀ ਤੋਂ ਜਲਦੀ ਫਾਈਨਲ ਮੈਰਿਟ ਲਿਸਟ ਵਿਭਾਗ ਦੀ ਵੈੱਬਸਾਈਟ ਉੱਤੇ ਅੱਪਲੋਡ ਕਰ ਦਿੱਤੀ ਜਾਵੇਗੀ ਤੇ ਜਲਦ ਹੀ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ।
ਸਿੱਖਿਆ ਵਿਭਾਗ ਵਿੱਚ ਅਧਿਆਪਕਾਂ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਸਰਕਾਰ ਨੂੰ ਸਖ਼ਤ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਜਾਂਦੀ ਹੈ ਕਿ ਜਲਦ ਤੋਂ ਜਲਦ ਸਮਾਜਿਕ ਸਿੱਖਿਆ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦਿੱਤਾ ਜਾਵੇਗਾ।
ਬੀਤੇ ਦਿਨ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਵੀ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਸਮਾਜਿਕ ਸਿੱਖਿਆ ਦੇ ਯੋਗ ਅਧਿਆਪਕਾਂ ਨੂੰ 30 ਨਵੰਬਰ ਤੋਂ ਪਹਿਲਾਂ ਨਿਯੁਕਤੀ ਪੱਤਰ ਜਾਰੀ ਕਰਨ ਐਲਾਨ ਕੀਤਾ ਸੀ। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੇ ਆਧਾਰ ਤੇ ਸਿੱਖਿਆ ਵਿਭਾਗ ਵੱਲੋਂ ਕਰੀਬ 1 ਸਾਲ ਪਹਿਲਾਂ 1500 ਸਮਾਜਿਕ ਸਿੱਖਿਆ ਮਾਸਟਰ ਕਾਡਰ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ ਪਰ 1 ਸਾਲ ਬਾਅਦ ਵੀ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਗਏ।