ਮਾਨਸਾ: ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕਾਂ ਨੂੰ ਡੀਐਸਪੀ ਵੱਲੋਂ ਡੰਗਰਾਂ ਵਾਂਗ ਕੁੱਟਣ ਦੀ ਵੀਡੀਓ ਵਾਇਰਲ ਹੋਣ ਮਗਰੋਂ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ ਹਨ। ਪਿਛਲੇ ਦਿਨੀਂ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਮਾਨਸਾ ਰੈਲੀ ਦੌਰਾਨ ਡੀਐਸਪੀ ਵੱਲੋਂ ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕਾਂ ਨੂੰ ਡੰਗਰਾਂ ਵਾਂਗ ਕੁੱਟਿਆ ਗਿਆ ਸੀ। ਇਸ ਦੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋਣ ਮਗਰੋਂ ਸਰਕਾਰ ਤੇ ਪੁਲਿਸ ਦੀ ਜੰਮ ਕੇ ਅਲੋਚਨਾ ਹੋ ਰਿਹੀ ਹੈ।
ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਨੇ ਲਾਠੀਚਾਰਜ ਸਬੰਧੀ ਜ਼ਿਲ੍ਹਾ ਸੰਗਰੂਰ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨਮੋਲ ਸਿੰਘ ਧਾਲੀਵਾਲ ਨੂੰ ਪੜਤਾਲ ਰਿਪੋਰਟ ਮੁਕੰਮਲ ਕਰਕੇ ਹਫ਼ਤੇ ਦੇ ਅੰਦਰ ਸੌਂਪਣ ਲਈ ਕਿਹਾ ਹੈ। ਸਰਕਾਰ ਨੂੰ ਡਰ ਹੈ ਕਿ ਚੋਣਾਂ ਤੋਂ ਪਹਿਲਾਂ ਇਹ ਮਾਮਲਾ ਗੰਭੀਰ ਰੁਖ਼ ਅਖਤਿਆਰ ਕਰ ਸਕਦਾ ਹੈ। ਇਸ ਲਈ ਜਾਂਚ ਮਗਰੋਂ ਡੀਐਸਪੀ ਖਿਲਾਫ ਕਾਰਵਾਈ ਹੋ ਸਕਦੀ ਹੈ।
ਕਿਸਾਨ ਮੋਰਚੇ ਨੇ ਮਾਨਸਾ ਵਿਖੇ ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਸੀ ਕਿ ਇਸ ਲਾਠੀਚਾਰਜ ਦੀ ਅਗਵਾਈ ਕਰਨ ਵਾਲੇ ਮੁੱਖ ਮੰਤਰੀ ਦੇ ਸੁਰੱਖਿਆ ਅਮਲੇ ਵਿਚਲੇ ਡੀਐਸਪੀ ਵੱਲੋਂ ਸਿਰੇ ਦੀ ਜ਼ਾਲਮਾਨਾ ਬਿਰਤੀ ਦਾ ਮੁਜ਼ਾਹਰਾ ਕੀਤਾ ਗਿਆ ਹੈ, ਇਹ ਜ਼ੁਲਮ ਕਿਸੇ ਤਰ੍ਹਾਂ ਵੀ ਬਰਦਾਸ਼ਤ ਕਰਨਯੋਗ ਨਹੀਂ।
ਉਨ੍ਹਾਂ ਮੰਗ ਕੀਤੀ ਸੀ ਕਿ ਡੀਐਸਪੀ 'ਤੇ ਕੇਸ ਦਰਜ ਕੀਤਾ ਜਾਵੇ, ਉਸ ਨੂੰ ਨੌਕਰੀ ਤੋਂ ਮੁਅੱਤਲ ਕੀਤਾ ਜਾਵੇ ਤੇ ਮੁੱਖ ਮੰਤਰੀ ਅਜਿਹੇ ਵਿਹਾਰ ਲਈ ਜਨਤਕ ਮੁਆਫ਼ੀ ਮੰਗੇ। ਚੁਫੇਰਿਓਂ ਦਬਾਅ ਮਗਰੋਂ ਸਰਕਾਰ ਨੇ ਜਾਂਚ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : PM Modi Twitter ID Hack : ਹੈਕ ਹੋਇਆ ਪੀਐਮ ਮੋਦੀ ਦਾ ਟਵਿੱਟਰ ਅਕਾਊਂਟ, ਬਿਟਕੁਆਇਨ ਸਬੰਧੀ ਲਿਖੀ ਸੀ ਇਹ ਗੱਲ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/